ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਦੇਸ਼ ’ਚ ਕਰੋਨਾ ਮਹਾਮਾਰੀ ਦੇ ਹਾਲਾਤ ਬਦ ਤੋਂ ਬਦਤਰ ਹੋਣ ਦਾ ਦਾਅਵਾ ਕਰਦਿਆਂ ਦੋਸ਼ ਲਾਇਆ ਕਿ ਇਸ ਹਾਲਤ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਿਹਤ ਮੰਤਰੀ ਹਰਸ਼ ਵਰਧਨ ਨੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ ਹੈ। ਉਨ੍ਹਾਂ ਟਵੀਟ ਕੀਤਾ, ‘ਮਹਾਮਾਰੀ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਟੀਕਿਆਂ ਦੀ ਘੱਟ ਸਪਲਾਈ ਕੌੜਾ ਸੱਚ ਹੈ ਪਰ ਸਰਕਾਰ ਹੁਣ ਵੀ ਇਸ ਤੋਂ ਮੁੱਕਰ ਰਹੀ ਹੈ। ਤਾਮਿਲ ਨਾਡੂ ’ਚ 45 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਲੋਕਾਂ ਨੂੰ ਪਹਿਲੀ ਖੁਰਾਕ ਨਹੀਂ ਮਿਲ ਰਹੀ ਅਤੇ ਦੂਜੀ ਖੁਰਾਕ ਲੈਣ ਵਾਲਿਆਂ ਦੀ ਗਿਣਤੀ ਬਹੁਤ ਛੋਟੀ ਹੈ।’ ਉਨ੍ਹਾਂ ਕਿਹਾ ਕਿ 18 ਤੋਂ 44 ਸਾਲ ਉਮਰ ਵਰਗ ਦੇ ਲੋਕਾਂ ਵਿਚਾਲੇ ਕਿਸੇ ਨੂੰ ਵੀ ਟੀਕਾ ਨਹੀਂ ਲੱਗ ਰਿਹਾ। ਹੋਰਨਾਂ ਸੂਬਿਆਂ ’ਚ ਵੀ ਹਾਲਾਤ ਬਹੁਤੇ ਵੱਖਰੇ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਤੇ ਸਿਹਤ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਹੱਥ ਖੜ੍ਹੇ ਕਰਕੇ ਜਮਹੂਰੀ ਸਿਧਾਂਤਾਂ ਦਾ ਮਜ਼ਾਕ ਉਡਾ ਰਹੇ ਹਨ। -ਪੀਟੀਆਈ