ਪ੍ਰਧਾਨ ਮੰਤਰੀ ਗੱਲਾਂ ਲੁਕਾਉਂਦੇ ਨੇ, ਟਰੰਪ ਉਨ੍ਹਾਂ ਦਾ ਪਰਦਾਫਾਸ਼ ਕਰਦੇ ਹਨ: ਕਾਂਗਰਸ
ਕਾਂਗਰਸ ਪਾਰਟੀ ਨੇ ਬੁੱਧਵਾਰ ਨੂੰ ਦੀਵਾਲੀ ਮੌਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਈ ਫ਼ੋਨ ਗੱਲਬਾਤ ’ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਚੀਜ਼ਾਂ ਲੁਕਾਉਂਦੇ ਹਨ ਜਦੋਂ ਕਿ ਟਰੰਪ ਉਨ੍ਹਾਂ ਦਾ ਪਰਦਾਫਾਸ਼ ਕਰਦੇ ਹਨ। ਟਰੰਪ ਨੇ ਦੀਵਾਲੀ ਮੌਕੇ ਪ੍ਰਧਾਨ ਮੰਤਰੀ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ 'ਐਕਸ' 'ਤੇ ਪੋਸਟ ਕੀਤਾ, ‘‘ਪ੍ਰਧਾਨ ਮੰਤਰੀ ਨੇ ਅਖੀਰ ਜਨਤਕ ਤੌਰ ’ਤੇ ਮੰਨ ਲਿਆ ਹੈ ਕਿ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਨੂੰ ਫ਼ੋਨ ਕੀਤਾ ਸੀ ਅਤੇ ਦੋਵਾਂ ਵਿਚਕਾਰ ਗੱਲਬਾਤ ਹੋਈ ਸੀ। ਪਰ ਪ੍ਰਧਾਨ ਮੰਤਰੀ ਨੇ ਸਿਰਫ਼ ਇਹੀ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।’’ ਉਨ੍ਹਾਂ ਵਿਅੰਗ ਨਾਲ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਚੀਜ਼ਾਂ ਲੁਕਾਉਂਦੇ ਹਨ, ਤਾਂ ਰਾਸ਼ਟਰਪਤੀ ਟਰੰਪ ਉਨ੍ਹਾਂ ਦਾ ਪਰਦਾਫਾਸ਼ ਕਰਦੇ ਹਨ।
ਰਮੇਸ਼ ਨੇ ਕਿਹਾ, ‘‘ਅਮਰੀਕੀ ਰਾਸ਼ਟਰਪਤੀ ਨੇ ਆਪਣੇ ਵੱਲੋਂ ਕਿਹਾ ਕਿ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਤੋਂ ਇਲਾਵਾ, ਉਨ੍ਹਾਂ ਨੇ ਰੂਸ ਤੋਂ ਭਾਰਤ ਦੀ ਤੇਲ ਦਰਾਮਦ ’ਤੇ ਵੀ ਚਰਚਾ ਕੀਤੀ ਅਤੇ ਭਰੋਸਾ ਦਿੱਤਾ ਕਿ ਇਹ ਦਰਾਮਦ ਬੰਦ ਕਰ ਦਿੱਤੀ ਜਾਵੇਗੀ।’’ ਰਮੇਸ਼ ਮੁਤਾਬਕ ਪਿਛਲੇ ਛੇ ਦਿਨਾਂ ਵਿੱਚ ਇਹ ਚੌਥੀ ਵਾਰ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਨੇ ਭਾਰਤ ਦੀ ਨੀਤੀ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ, ‘‘ਇਸ ਤੋਂ ਪਹਿਲਾਂ ਵੀ, ਰਾਸ਼ਟਰਪਤੀ ਟਰੰਪ ਨੇ 10 ਮਈ ਦੀ ਸ਼ਾਮ ਨੂੰ ਆਪ੍ਰੇਸ਼ਨ ਸਿੰਧੂਰ ਨੂੰ ਮੁਅੱਤਲ ਕਰਨ ਦਾ ਐਲਾਨ ਪ੍ਰਧਾਨ ਮੰਤਰੀ ਮੋਦੀ ਤੋਂ ਪਹਿਲਾਂ ਹੀ ਕਰ ਦਿੱਤਾ ਸੀ।’’ ਦੀਵਾਲੀ ਮੌਕੇ ਵ੍ਹਾਈਟ ਹਾਊਸ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ, ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ ਹੈ ਅਤੇ ਭਾਰਤ ਹੁਣ ਰੂਸ ਤੋਂ ਹੋਰ ਤੇਲ ਨਹੀਂ ਖਰੀਦੇਗਾ।
