PM Modi addresses women: ਨਾਰੀ ਸ਼ਕਤੀ ਦੇ ਸਹਿਯੋਗ ਨਾਲ ਪੂਰਾ ਹੋਵੇਗਾ ਵਿਕਸਤ ਭਾਰਤ ਦਾ ਟੀਚਾ : ਮੋਦੀ
ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਲਾਗੂ ਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਕੀਤਾ ਜਾਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ 2029 ਦੀਆਂ ਲੋਕ ਸਭਾ ਚੋਣਾਂ ਤੱਕ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਲਾਗੂ ਕਰਨ ਨੂੰ ਲੈ ਕੇ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਇਸ ਸੰਦੇਸ਼ ਵਿੱਚ ਮਾਵਾਂ, ਧੀਆਂ ਅਤੇ ਆਮ ਔਰਤਾਂ ਨੂੰ ਸਿੱਧਾ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ ਇਹ ਤੈਅ ਕਰ ਲਿਆ ਹੈ ਕਿ ਸਾਲ 2047 ਵਿੱਚ ਜਦੋਂ ਉਹ ਆਪਣੀ ਆਜ਼ਾਦੀ ਦੀ 100ਵੀਂ ਵਰ੍ਹੇਗੰਢ ਮਨਾਏਗਾ, ਉਦੋਂ ਤੱਕ ਦੇਸ਼ ਇੱਕ ਵਿਕਸਤ ਰਾਸ਼ਟਰ ਬਣ ਜਾਵੇਗਾ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਰਕਾਰ ਦੇ ਮੁਖੀ ਵਜੋਂ ਉਨ੍ਹਾਂ ਦੇ ਇੰਨੇ ਸਾਲਾਂ ਦੇ ਤਜ਼ਰਬੇ ਇਹ ਦੱਸਦੇ ਹਨ ਕਿ ਜੇਕਰ ਅਸੀਂ ਵਿਕਸਤ ਭਾਰਤ ਦਾ ਟੀਚਾ ਪੂਰਾ ਕਰਨਾ ਚਾਹੁੰਦੇ ਹਾਂ, ਤਾਂ ਸਾਨੂੰ ਔਰਤਾਂ ਦੀ ਤਾਕਤ ਨੂੰ ਪਛਾਣਨਾ ਹੋਵੇਗਾ ਅਤੇ ਦੇਸ਼ ਦੀ ਤਰੱਕੀ ਲਈ ਇਸ ਦੀ ਵਰਤੋਂ ਕਰਨੀ ਪਵੇਗੀ।
ਉਨ੍ਹਾਂ ਨੇ 2023 ਦੇ 'ਨਾਰੀ ਸ਼ਕਤੀ ਵੰਦਨ ਕਾਨੂੰਨ' (128ਵੀਂ ਸੰਵਿਧਾਨਕ ਸੋਧ) ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਰਾਹੀਂ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਆਂ ਕੀਤੀਆਂ ਗਈਆਂ ਹਨ ਅਤੇ ਇਹ ਅਹਿਮ ਫੈਸਲਾ ਸਾਰਿਆਂ ਦੀ ਸਹਿਮਤੀ ਨਾਲ ਪਾਸ ਹੋਇਆ ਸੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਹਰ ਕੋਈ ਇਹ ਚਾਹੁੰਦਾ ਹੈ ਕਿ 2029 ਦੀਆਂ ਚੋਣਾਂ ਦੌਰਾਨ ਔਰਤਾਂ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ 33 ਫੀਸਦੀ ਰਾਖਵਾਂਕਰਨ ਮਿਲੇ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸਿਆਸੀ ਪਾਰਟੀਆਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਕਈ ਪਾਰਟੀਆਂ ਨੇ ਇਸ ਦਾ ਸਮਰਥਨ ਵੀ ਕੀਤਾ ਹੈ, ਜਿਸ ਨਾਲ ਇੱਕ ਚੰਗਾ ਮਾਹੌਲ ਬਣ ਰਿਹਾ ਹੈ।
ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਾਰੀਆਂ ਪਾਰਟੀਆਂ ਨੂੰ ਅਪੀਲ ਕਰਨੀ ਚਾਹੀਦੀ ਹੈ ਕਿ 16 ਤੋਂ 18 ਅਪਰੈਲ ਤੱਕ ਹੋਣ ਵਾਲੇ ਬਜਟ ਸੈਸ਼ਨ ਵਿੱਚ ਜਦੋਂ ਉਨ੍ਹਾਂ ਦੇ ਸੰਸਦ ਮੈਂਬਰ ਸੈਸ਼ਨ ਵਿੱਚ ਸ਼ਾਮਲ ਹੋਣ ਤਾਂ ਉਹ 2029 ਤੱਕ ਮਹਿਲਾ ਰਾਖਵਾਂਕਰਨ ਨੂੰ ਪਾਸ ਕਰਨ ਦੇ ਏਜੰਡੇ ਨੂੰ ਮਨਜ਼ੂਰੀ ਦੇਣ।
ਦੱਸ ਦਈਏ ਕਿ ਸੱਤਾਧਾਰੀ ਭਾਜਪਾ ਮਹਿਲਾ ਰਾਖਵਾਂਕਰਨ ਦੇ ਇਸ ਮੁੱਦੇ ਨੂੰ ਇੱਕ ਵੱਡੀ ਰਾਸ਼ਟਰੀ ਮੁਹਿੰਮ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

