ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੀਐੱਮਓ ਵੱਲੋਂ ਪੰਜਾਬ, ਹਰਿਆਣਾ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਾਰਜਯੋਜਨਾ ਸਖ਼ਤੀ ਨਾਲ ਲਾਗੂ ਕਰਨ ਦਾ ਨਿਰਦੇਸ਼

ਹਵਾ ਪ੍ਰਦੂਸ਼ਣ ਬਾਰੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਮੀਟਿੰਗ; ਈ-ਵਾਹਨਾਂ ਵੱਲ ਰੁਖ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ
Advertisement

ਨਵੀਂ ਦਿੱਲੀ, 23 ਸਤੰਬਰ

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਵਿੱਚ ਅੱਜ ਹੋਈ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਹਵਾ ਪ੍ਰਦੂਸ਼ਣ ਤੋਂ ਨਜਿੱਠਣ ਲਈ ਐੱਨਸੀਆਰ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਅਪਨਾਉਣ ਅਤੇ ਚਾਰਜਿੰਗ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੀ ਤੁਰੰਤ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਕੇ ਮਿਸ਼ਰਾ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਾਰਜਯੋਜਨਾ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਹੁਕਮ ਦਿੱਤਾ। ਇਕ ਬਿਆਨ ਵਿੱਚ ਕਿਹਾ ਗਿਆ ਕਿ ਕਾਰਜ ਬਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਕੇ ਮਿਸ਼ਰਾ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਾਰੀਆਂ ਸਬੰਧਤ ਏਜੰਸੀਆਂ ਨੂੰ ਪੜਾਅਵਾਰ ਪ੍ਰਤੀਕਿਰਿਆ ਕਾਰਜ ਯੋਜਨਾ (ਜੀਆਰਪੀ) ਦਾ ਸਖ਼ਤੀ ਨਾਲ ਅਤੇ ਸਮੇਂ ’ਤੇ ਲਾਗੂਕਰਨ ਕਰਨ ਦੀ ਅਪੀਲ ਕੀਤੀ। ਜੀਆਰਪੀ, ਸਰਦੀਆਂ ਦੌਰਾਨ ਲਾਗੂ ਕੀਤਾ ਜਾਣ ਵਾਲਾ ਪ੍ਰਦੂਸ਼ਣ ਵਿਰੋਧੀ ਉਪਾਅ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਮਿਸ਼ਰਾ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਾਰਜਯੋਜਨਾ ਨੂੰ ਸਖ਼ਤੀ ਨਾਲ ਲਾਗੂ ਕਰਨ, ਫ਼ਸਲਾਂ ਦੀ ਰਹਿੰਦ ਖੂਹੰਦ ਲਈ ਪ੍ਰਬੰਧਨ ਮਸ਼ੀਨਾਂ ਦਾ ਪੂਰਾ ਇਸਤੇਮਾਲ ਯਕੀਨੀ ਬਣਾਉਣ ਅਤੇ ਪਰਾਲੀ ਦੇ ਇਸਤੇਮਾਲ ਵਿੱਚ ਛੋਟੇ ਉਦਯੋਗਾਂ ਨੂੰ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਅਪਨਾਉਣ ਅਤੇ ਈਵੀ ਚਾਰਜਿੰਗ ਬੁਨਿਆਦੀ ਢਾਂਚੇ ਦੇ ਵਿਸਤਾਰ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ। ਬਿਆਨ ਮੁਤਾਬਕ, ਮਿਸ਼ਰਾ ਨੇ ਸੂਬਿਆਂ ਨੂੰ ‘ਪੀਐੱਮ ਈ-ਬੱਸ ਸੇਵਾ’ ਯੋਜਨਾ ਤਹਿਤ ਆਪਣੇ ਈ-ਬੱਸਾਂ ਦੇ ਬੇੜੇ ਨੂੰ ਵਧਾਉਣ ਲਈ ਵੀ ਉਤਸ਼ਾਹਿਤ ਕੀਤਾ ਜਿਸ ਦਾ ਟੀਚਾ ਦੇਸ਼ ਵਿੱਚ 10,000 ਈ-ਬੱਸਾਂ ਜੋੜਨੀਆਂ ਹਨ। ਮੀਟਿੰਗ ਵਿੱਚ ਕੇਂਦਰੀ ਅਤੇ ਸੂਬੇ ਦੇ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਅਤੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਦਿੱਲੀ ਦੇ ਮੁੱਖ ਸਕੱਤਰਾਂ ਨੇ ਵੀ ਹਿੱਸਾ ਲਿਆ। -ਪੀਟੀਆਈ

Advertisement

Advertisement
Show comments