ਆਤਿਸ਼ ਗੁਪਤਾ
ਚੰਡੀਗੜ੍ਹ, 26 ਜੂਨ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 26 ਜੂਨ ਨੂੰ ‘ਖੇਤੀ ਬਚਾਓ-ਸੰਵਿਧਾਨ ਬਚਾਓ’ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਜਥੇਬੰਦੀਆਂ ਵੱਲੋਂ ਚੰਡੀਗੜ੍ਹ ਸਥਿਤ ਰਾਜ ਭਵਨ ਦਾ ਘਿਰਾਉ ਕਰਕੇ ਰਾਸ਼ਟਰਪਤੀ ਦੇ ਨਾਮ ਰੋਸ ਪੱਤਰ ਦੇਣਾ ਹੈ। ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਸੀ। ਪੁਲੀਸ ਅਧਿਕਾਰੀਆਂ ਦਾ ਕਿਹਾ ਸੀ ਕਿ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਨਹੀਂ ਕਰਨ ਦਿੱਤਾ ਜਾਵੇਗਾ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਦੇ ਆਗੂ ਦਾ ਕਹਿਣਾ ਸੀ ਕਿ ਉਹ ਸ਼ਾਂਤਮਈ ਰੋਸ ਮਾਰਚ ਕਰਦੇ ਹੋਏ ਰੋਸ ਪੱਤਰ ਦੇਣਗੇ। ਹਰਿਆਣਾ ਦੀ ਕਿਸਾਨ ਜਥੇਬੰਦੀਆਂ ਵੀ ਗੁਰਦੁਆਰਾ ਨਾਢਾ ਸਾਹਿਬ ਵਿਖੇ ਇਕੱਠੀਆਂ ਹੋਈਆਂ ਤੇ ਉਹ ਪੰਚਕੂਲਾ ਦੀ ਤਰਫੋਂ ਚੰਡੀਗੜ੍ਹ ਸਥਿਤ ਹਰਿਆਣਾ ਰਾਜ ਭਵਨ ਵੱਲ ਕੂਚ ਕਰਨਗੀਆਂ।