ਕਿਸਾਨਾਂ ਦਾ ਮਾਰਚ ਪੁਲੀਸ ਨੇ ਰੋਕਿਆ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਝੰਡੇ ਹੇਠ ਲੰਘੀ ਰਾਤ ਤੋਂ ਹੀ ਪਿੰਡ ਗੋਹਲਵੜ੍ਹ ਦੇ ਗੁਰਦੁਆਰਾ ਬਾਬਾ ਅੱਛਰਾਂ ’ਚ ਇਕੱਤਰ ਹੋਏ ਇਲਾਕੇ ਦੇ ਕਿਸਾਨਾਂ ਨੇ ਅੱਜ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਪੁਲੀਸ ਲਾਈਨ ਦੇ ਸਟੇਡੀਅਮ ਵੱਲ ਮਾਰਚ ਕੀਤਾ ਤਾਂ ਉਨ੍ਹਾਂ ਨੂੰ ਪੁਲੀਸ ਦੀਆਂ ਭਾਰੀ ਰੋਕਾਂ ਦਾ ਸਾਹਮਣਾ ਕਰਨਾ ਪਿਆ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਨੇ ਕਿਹਾ ਕਿ ਉਹ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੇ ਮਸਲਿਆਂ ਬਾਰੇ ਸਵਾਲ-ਜਵਾਬ ਕਰਨ ਲਈ ਤਰਨ ਤਾਰਨ ਸ਼ਹਿਰ ਵੱਲ ਨੂੰ ਆ ਰਹੇ ਸਨ ਤਾਂ ਪਿੰਡ ਠਰੂ ਤੇ ਠੱਠੀ ਪਿੰਡ ਦੀ ਜ਼ਮੀਨ ਨੇੜੇ ਪੁਲੀਸ ਨੇ ਉਨ੍ਹਾਂ ਨੂੰ ਰੋਕ ਦਿੱਤਾ| ਇੱਥੇ ਹੀ ਕਿਸਾਨਾਂ-ਮਜ਼ਦੂਰਾਂ ਨੇ ਧਰਨਾ ਲਗਾ ਦਿੱਤਾ| ਡਿਪਟੀ ਕਮਿਸ਼ਨਰ ਰਾਹੁਲ ਅਤੇ ਐੱਸਐੱਸਪੀ ਦੀਪਕ ਪਾਰਿਕ ਨੇ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਰਕਾਰ ਨਾਲ ਗੱਲਬਾਤ ਕਰਵਾਉਣ ਦਾ ਭਰੋਸਾ ਦਿੱਤਾ ਤੇ ਉਨ੍ਹਾਂ ਤੋਂ ਮੰਗ ਪੱਤਰ ਲਿਆ|