ਕੋਲਕਾਤਾ, 6 ਜੁਲਾਈ
ਭਾਜਪਾ ਦੇ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਪੱਛਮੀ ਬੰਗਾਲ ਦੀ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ’ਤੇ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਸ ਦੇ ਸ਼ਾਸਨ ’ਚ ਰਾਜਨੀਤੀ ਦਾ ਅਪਰਾਧੀਕਰਨ ਅਤੇ ਭ੍ਰਿਸ਼ਟਾਚਾਰ ਬੁਲੰਦੀਆਂ ’ਤੇ ਹੈ। ਜਨਸੰਘ ਸੰਗਠਨ ਦੇ ਸੰਸਥਾਪਕ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਜਨਮ ਵਰ੍ਹੇਗੰਢ ਮੌਕੇ ਡਿਜੀਟਲ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਨੱਢਾ ਨੇ ਪਾਰਟੀ ਵਰਕਰਾਂ ਨੂੰ ਸੂਬੇ ’ਚੋਂ ਟੀ.ਐੱਮ.ਸੀ. ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਸੱਦਾ ਦਿੱਤਾ।
ਸ੍ਰੀ ਨੱਢਾ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਲੜਨ ਅਤੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ‘ਤੁਸ਼ਟੀਕਰਨ ਦੀ ਰਾਜਨੀਤੀ’ ਦਾ ਵਿਰੋਧ ਕਰਨ ਲਈ ਮੁਖਰਜੀ ਦੀ ਸ਼ਲਾਘਾ ਕੀਤੀ। ਉਨ੍ਹਾਂ ਦੋਸ਼ ਲਾਇਆ, ‘ਪੱਛਮੀ ਬੰਗਾਲ ਵਿੱਚ ਰਾਜਨੀਤੀ ਦਾ ਅਪਰਾਧੀਕਰਨ ਨਵੀਂਆਂ ਬੁਲੰਦੀਆਂ ’ਤੇ ਹੈ ਅਤੇ ਹੁਣ ਅਸੀਂ ਸਾਰੇ ਸਿਰਫ਼ ‘ਕੱਟ ਮਨੀ’ ਬਾਰੇ ਹੀ ਸੁਣ ਰਹੇ ਹਾਂ। ਇਸ ਸਮੇਂ ਸਾਨੂੰ ਇਨ੍ਹਾਂ ਨੇਤਾਵਾਂ ਦਾ ‘ਕੱਟ’ ਕਰਨ ਦੀ ਲੋੜ ਹੈ। ਬੰਗਾਲ ਦੇ ਸਨਮਾਨ ਨੂੰ ਬਹਾਲ ਕਰਨ ਲਈ ਮੌਜੂਦਾ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਚਾਹੀਦਾ ਹੈ।’
-ਪੀਟੀਆਈ