ਬੰਗਲੂਰੂ: ਜਨਤਾ ਦਲ (ਸੈਕੁਲਰ) ਨੇ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵੇਗੌੜਾ ਦੇ ਪੋਤੇ ਅਤੇ ਹਾਸਨ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ‘ਸੈਕਸ ਸਕੈਂਡਲ’ ਮਾਮਲੇ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ਾਂ ਮਗਰੋਂ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਹੈ। ਜੇਡੀ(ਐੱਸ) ਦੀ ਹੁਬਲੀ ਵਿੱਚ ਹੋਈ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਦੌਰਾਨ ਕੋਰ ਕਮੇਟੀ ਨੇ ਪਾਰਟੀ ਦੇ ਕੌਮੀ ਪ੍ਰਧਾਨ ਤੇ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵੇਗੌੜਾ ਨੂੰ ਰੇਵੰਨਾ ਦੀ ਮੁਅੱਤਲੀ ਦੀ ਸਿਫ਼ਾਰਸ਼ ਕੀਤੀ ਸੀ। ਮੁਅੱਤਲੀ ਸਬੰਧੀ ਆਦੇਸ਼ ਵਿੱਚ ਕਿਹਾ ਗਿਆ ਹੈ, ‘‘ਹਾਸਨ ਤੋਂ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀਆਂ ਔਰਤਾਂ ਨੂੰ ਕਥਿਤ ਪ੍ਰੇਸ਼ਾਨ ਕਰਨ ਵਾਲੀਆਂ ਵੀਡੀਓਜ਼ ਸੋਸ਼ਲ ਮੀਡੀਆ ਅਤੇ ਮੀਡੀਆ ਵਿੱਚ ਵੱਡੇ ਪੱਧਰ ’ਤੇ ਪ੍ਰਸਾਰਿਤ ਹੋਣ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ।’ -ਪੀਟੀਆਈ