ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 27 ਅਕਤੂਬਰ
ਦੇਸ਼ ਦੇ ਉੱਘੇ ਵਕੀਲ ਪ੍ਰਸ਼ਾਂਤ ਭੂਸ਼ ਨੇ ਪੈਗਾਸਸ ਜਾਸੂਸੀ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਸਾਬਕਾ ਜਸਟਿਸ ਆਰਵੀ ਰਵਿੰਦਰਨ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਕਮੇਟੀ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸਰਕਾਰ ਵੱਲੋਂ ਕੌਮੀ ਸੁਰੱਖਿਆ ਦਾ ਹਵਾਲਾ ਦੇ ਕੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਵੀ ਸਰਵਉੱਚ ਅਦਾਲਤ ਰੱਦ ਕਰ ਕੇ ਕੇਂਦਰ ਨੂੰ ਸ਼ੀਸਾ ਦਿਖਾ ਦਿੱਤਾ। ਇਸ ਦੇ ਨਾਲ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਸਖ਼ਤ ਹੁੰਦਿਆਂ ਸਰਕਾਰ ਵੱਲੋਂ ਜਾਂਚ ਲਈ ਆਪਣੀ ਕਮੇਟੀ ਬਣਾਉਣ ਦੀ ਕੀਤੀ ਅਪੀਲ ਨੂੰ ਰੱਦ ਕਰਕੇ ਸਰਕਾਰ ਨੂੰ ਵੱਡਾ ਝਟਕਾ ਦਿੱਤਾ।
ਇਸ ਦੌਰਾਨ ਪੈਗਾਸਸ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਰਵਉੱਚ ਅਦਾਲਤ ਦਾ ਹੁਕਮ ਨਿੱਜਤਾ ’ਤੇ ਹਮਲੇ ਨੂੰ ਰੋਕਦਾ ਤੇ ਸੰਵਿਧਾਨਕ ਅਧਿਕਾਰ ਦੀ ਰੱਖਿਆ ਕਰਦਾ ਹੈ। ਇਸ ਹੁਕਮ ਨਾਲ ਦੇਸ਼ ਦੇ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਰੱਖਿਆ ਹੋਰ ਮਜ਼ਬੂਤੀ ਨਾਲ ਹੋੋਵੇਗੀ।