ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 10 ਨਵੰਬਰ
ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਅਹੁਦੇਦਾਰਾਂ ਨੇ ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਦੂਜੀ ਵਰ੍ਹੇਗੰਢ ਮੌਕੇ ਧੁੱਸੀ ਬੰਨ੍ਹ, ਡੇਰਾ ਬਾਬਾ ਨਾਨਕ ’ਚ ਦੁਬਾਰਾ ਲਾਂਘਾ ਖੋਲ੍ਹਣ ਦੀ ਅਰਦਾਸ ਕੀਤੀ। ਸੰਸਥਾ ਤੋਂ ਇਲਾਵਾ ਹੋਰ ਸੰਗਤ ਵੱਲੋਂ ਵੀ ਡੇਰਾ ਬਾਬਾ ਨਾਨਕ ਆ ਕੇ ਅਰਦਾਸ ਕੀਤੀ ਗਈ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲਾਂਘਾ ਮੁੜ ਖੋਲ੍ਹਿਆ ਜਾਵੇ। ਇਸ ਮੌਕੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਤੋਂ ਕਰਤਾਰਪੁਰ ਲਾਂਘਾ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੋਲ੍ਹ ਦੇਣਾ ਚਾਹੀਦਾ ਹੈ। ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਇਜ਼ਾਜਤ ਨਾ ਦੇਣ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਘੱਟ ਗਿਣਤੀਆਂ ਨਾਲ ਵਿਤਕਰੇ ਵਾਲੀ ਨੀਤੀ ਅਪਣਾ ਰਹੀ ਹੈ।
ਅੰਮ੍ਰਿਤਸਰ (ਪੱਤਰ ਪ੍ਰੇਰਕ): ਹਿੰਦ-ਪਾਕਿ ਦੋਸਤੀ ਮੰਚ ਅਤੇ ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਵੱਲੋਂ ਹਿੰਦ-ਪਾਕਿ ਦੋਸਤੀ ਮੰਚ ਦੇ ਪ੍ਰਧਾਨ ਸਾਇਦਾ ਹਮੀਦ, ਜਨਰਲ ਸਕੱਤਰ ਤੇ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ, ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਦਿਲਬਾਗ ਸਿੰਘ ਸਰਕਾਰੀਆ, ਕਮਲ ਗਿੱਲ ਅਤੇ ਹਰਜੀਤ ਸਿੰਘ ਲਾਡੀ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਂਘਾ ਖੁੱਲ੍ਹਣ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਵਿੱਚ ਆਪਸੀ ਮੇਲ ਮਿਲਾਪ ਅਤੇ ਸਹਿਯੋਗ ਵਧੇਗਾ। ਇਸੇ ਤਰ੍ਹਾਂ ਚੀਫ਼ ਖ਼ਾਲਸਾ ਦੀਵਾਨ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਤਾਲਾਬੰਦੀ ਉਪਰੰਤ ਇਹ ਲਾਂਘਾ ਮੁੜ ਖੋਲ੍ਹਣ ਦੀ ਤਜਵੀਜ਼ ਰੱਖੀ ਜਾ ਚੁੱਕੀ ਹੈ, ਪਰ ਭਾਰਤੀ ਸਰਕਾਰ ਨੇ ਲਾਂਘਾ ਖੋਲ੍ਹਣ ਲਈ ਅੱਗੇ ਕੋਈ ਕਦਮ ਨਹੀਂ ਪੁੱਟਿਆ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭਾਰਤ ਸਰਕਾਰ ਨੇ ਸਾਰੇ ਧਰਮਾਂ ਦੀ ਸੰਗਤ ਲਈ ਪਵਿੱਤਰ ਅਸਥਾਨਾਂ ਦੇ ਦਰਸ਼ਨ ਖੋਲ੍ਹ ਦਿੱਤੇ ਹਨ ਪਰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਮਾਮਲਾ ਅਜੇ ਤਕ ਲਟਕਿਆ ਪਿਆ ਹੈ। ਇਸ ਦੌਰਾਨ ਉਨ੍ਹਾਂ ਭਾਰਤ ਸਰਕਾਰ ਤੋਂ ਬਿਨਾਂ ਕਿਸੇ ਦੇਰੀ ਸਮੁੱਚੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸੰਗਤ ਲਈ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ।