DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ’ਚ ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀ ਤਿਆਰੀ

ਡਿਪਟੀ ਕਮਿਸ਼ਨਰਾਂ ਨੂੰ ਵੋਟਰ ਸੂਚੀਆਂ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼; ਅੱਜ ਜਾਰੀ ਕੀਤਾ ਜਾਵੇਗਾ ਮੌਜੂਦਾ ਵੋਟਰ ਸੂਚੀਆਂ ਦਾ ਖਰਡ਼ਾ
  • fb
  • twitter
  • whatsapp
  • whatsapp
Advertisement

ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ। ਇਹ ਕਦਮ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ 5 ਅਕਤੂਬਰ ਤੱਕ ਚੋਣਾਂ ਕਰਵਾਉਣ ਦੀ ਕੀਤੀ ਗਈ ਅਪੀਲ ਤੋਂ ਬਾਅਦ ਚੁੱਕਿਆ ਗਿਆ ਹੈ। ਰਾਜ ਚੋਣ ਕਮਿਸ਼ਨ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 3 ਮਾਰਚ 2025 ਨੂੰ ਪ੍ਰਕਾਸ਼ਿਤ ਹੋਈਆਂ ਪੰਚਾਇਤੀ ਵੋਟਰ ਸੂਚੀਆਂ ਪਹਿਲੀ ਸਤੰਬਰ 2025 ਦੀ ਯੋਗਤਾ ਮਿਤੀ ਅਨੁਸਾਰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ।

Advertisement

ਰਾਜ ਚੋਣ ਕਮਿਸ਼ਨ ਨੇ ਕਿਹਾ ਕਿ ਮੌਜੂਦਾ ਵੋਟਰ ਸੂਚੀਆਂ ਦਾ ਖਰੜਾ 19 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਬਾਅਦ 20 ਤੋਂ 27 ਅਗਸਤ ਤੱਕ ਵੋਟਰ ਸੂਚੀਆਂ ’ਤੇ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਜਾ ਸਕਣਗੇ। ਪਹਿਲੀ ਸਤੰਬਰ ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਬੇੜਾ ਕੀਤਾ ਜਾਵੇਗਾ, ਜਦਕਿ 3 ਸਤੰਬਰ ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਰਾਜ ਚੋਣ ਕਮਿਸ਼ਨ ਦੇ ਤਰਜਮਾਨ ਨੇ ਕਿਹਾ ਕਿ ਇਸ ਮੰਤਵ ਲਈ ਸਾਰੇ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਥਾਨਕ ਪੱਧਰ ’ਤੇ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸਮਿਤੀਆਂ ਦੇ ਚੋਣ ਹਲਕਿਆਂ ਦੇ ਸਾਰੇ ਪੇਂਡੂ ਖੇਤਰਾਂ ਵਿੱਚ ਪਹਿਲੀ ਸਤੰਬਰ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਾਰੇ ਯੋਗ ਵਿਅਕਤੀਆਂ ਨੂੰ ਚੋਣਾਂ ਵਿੱਚ ਹਿੱਸਾ ਲੈਣ ਲਈ ਢੁਕਵਾਂ ਮੌਕਾ ਦੇਣ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨੇ ਪਿਛਲੇ ਦਿਨੀਂ ਰਾਜ ਚੋਣ ਕਮਿਸ਼ਨ ਨੂੰ ਸੂਬੇ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਦੀਆਂ ਚੋਣਾਂ 5 ਅਕਤੂਰ ਤੱਕ ਕਰਵਾਉਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਚੋਣ ਹਲਕਿਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

Advertisement
×