ਪ੍ਰਧਾਨ ਮੰਤਰੀ ਮੋਦੀ ਵੱਲੋਂ ਟਰੰਪ ਨਾਲ ਫੋਨ ’ਤੇ ਗੱਲਬਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ ’ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਗਾਜ਼ਾ ਸ਼ਾਂਤੀ ਯੋਜਨਾ ਦੇ ਪਹਿਲੇ ਪੜਾਅ ਦੀ ਸਫਲਤਾ ’ਤੇ ਵਧਾਈ ਦਿੱਤੀ। ਉਨ੍ਹਾਂ ਨੇ ਜੰਗ ਖਤਮ ਕਰਵਾਉਣ ਦੀਆਂ ਕੋਸ਼ਿਸ਼ਾਂ ਲਈ ਅਮਰੀਕੀ ਆਗੂ ਦੀ ਸ਼ਲਾਘਾ ਵੀ ਕੀਤੀ।
ਮੋਦੀ ਨੇ ਟਰੰਪ ਨਾਲ ਫ਼ੋਨ ’ਤੇ ਗੱਲਬਾਤ ਅਜਿਹੇ ਸਮੇਂ ਦੌਰਾਨ ਕੀਤੀ ਹੈ ਜਦੋਂ ਅਮਰੀਕਾ ਵੱਲੋਂ ਕੁਝ ਭਾਰਤੀ ਉਤਪਾਦਾਂ ’ਤੇ 50 ਪ੍ਰਤੀਸ਼ਤ ਦਾ ਭਾਰੀ ਟੈਰਿਫ ਜਿਸ ਵਿੱਚ ਭਾਰਤ ਵੱਲੋਂ ਰੂਸੀ ਕੱਚੇ ਤੇਲ ਦੀ ਖਰੀਦ ’ਤੇ 25 ਪ੍ਰਤੀਸ਼ਤ ਟੈਰਿਫ ਵੀ ਸ਼ਾਮਲ ਹੈ, ਲਗਾਉਣ ਕਾਰਨ ਭਾਰਤ ਅਤੇ ਅਮਰੀਕਾ ਵਿਚਕਾਰ ਸਬੰਧਾਂ ਵਿੱਚ ਲਗਾਤਾਰ ਤਣਾਅ ਬਣਿਆ ਹੋਇਆ ਹੈ।
ਮੋਦੀ ਨੇ ਐਕਸ ’ਤੇ ਪੋਸਟ ’ਚ ਕਿਹਾ, ‘‘ਆਪਣੇ ਦੋਸਤ ਰਾਸ਼ਟਰਪਤੀ ਟਰੰਪ ਨਾਲ ਗੱਲ ਕੀਤੀ ਅਤੇ ਇਤਿਹਾਸਕ ਗਾਜ਼ਾ ਸ਼ਾਂਤੀ ਯੋਜਨਾ ਦੀ ਸਫਲਤਾ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ।’’ ਉਨ੍ਹਾਂ ਕਿਹਾ, ‘‘ਵਪਾਰ ਗੱਲਬਾਤ ਵਿੱਚ ਹੋਈ ਚੰਗੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਆਉਣ ਵਾਲੇ ਹਫ਼ਤਿਆਂ ਵਿੱਚ ਨੇੜਿਉਂ ਸੰਪਰਕ ਵਿੱਚ ਰਹਿਣ ’ਤੇ ਸਹਿਮਤੀ ਬਣੀ।’’ ਲੰਘੇ ਤਿੰਨ ਹਫ਼ਤਿਆਂ ’ਚ ਮੋਦੀ ਅਤੇ ਟਰੰਪ ਵਿਚਾਲੇ ਫੋਨ ’ਤੇ ਦੂਜੀ ਵਾਰ ਗੱਲਬਾਤ ਹੋਈ ਹੈ।
ਇਸੇ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਦੇ ਆਪਣੇ ਹਮਰੁਤਬਾ ਬੈਂਜਾਮਿਨ ਨੇਤਨਯਾਹੂ ਨਾਲ ਗੱਲਬਾਤ ਕੀਤੀ ਅਤੇ ਅਮਰੀਕ ਰਾਸ਼ਟਰਪਤੀ ਡੋਨਲਡ ਟਰੰਪ ਦੀ ਗਾਜ਼ ਸ਼ਾਂਤੀ ਯੋਜਨਾ ਤਹਿਤ ਹੋਈ ਪ੍ਰਗਤੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਮੋਦੀ ਨੇ ਐਕਸ ’ਤੇ ਕਿਹਾ ਕਿ ਉਨ੍ਹਾਂ ਨੇ ਪੁਸ਼ਟੀ ਕੀਤੀ ਹੈ ਕਿ ਕਿਸੇ ਤਰ੍ਹਾਂ ਦਾ ਅਤਿਵਾਦ ਦੁਨੀਆ ’ਚ ਕਿਤੇ ਵੀ ਮਨਜ਼ੂਰ ਨਹੀਂ ਹੈ। ਮੋਦੀ ਨੇ ਆਖਿਆ, ‘‘ਅਸੀਂ ਬੰਧਕਾਂ ਦੀ ਰਿਹਾਈ ਤੇ ਗਾਜ਼ਾ ਦੇ ਲੋਕਾਂ ਨੂੰ ਮਨੁੱਖੀ ਸਹਾਇਤਾ ਵਧਾਉਣ ’ਤੇ ਹੋਏ ਸਮਝੌਤੇ ਦਾ ਸਵਾਗਤ ਕਰਦੇ ਹਾਂ।’’