DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਧਾਨ ਮੰਤਰੀ ਮੋਦੀ ਵੱਲੋਂ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮ੍ਰਿਤਕਾਂ ਦੇ ਵਾਰਸਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦਾ ਮੁਆਵਜ਼ਾ ਐਲਾਨਿਆ; ਮੰਡੀ ਤੇ ਕੁੱਲੂ ਜ਼ਿਲ੍ਹਿਆਂ ਦਾ ਹਵਾਈ ਸਰਵੇਖਣ ਕੀਤਾ
  • fb
  • twitter
  • whatsapp
  • whatsapp
Advertisement

ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਾੜੀ ਰਾਜ ਦੇ ਹੜ੍ਹ ਅਤੇ ਮੀਂਹ ਦੇ ਝੰਬੇ ਇਲਾਕਿਆਂ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਨੇੜਲੇ ਰਿਸ਼ਤੇਦਾਰਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦਾ ਮੁਆਵਜ਼ਾ ਵੀ ਐਲਾਨਿਆ ਹੈ। ਸ੍ਰੀ ਮੋਦੀ ਨੇ SDRF ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਅਗਾਊਂ ਰਿਲੀਜ਼ ਕਰਨ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪ੍ਰਵਾਨਗੀ, ਰਾਸ਼ਟਰੀ ਰਾਜਮਾਰਗਾਂ ਦੀ ਬਹਾਲੀ, PMNRF ਅਧੀਨ ਰਾਹਤ ਦੀ ਵਿਵਸਥਾ ਦੇ ਨਾਲ-ਨਾਲ ਪਸ਼ੂਆਂ ਲਈ ਮਿੰਨੀ ਕਿੱਟਾਂ ਜਾਰੀ ਕਰਨ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਆਫ਼ਤ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਆਪਣੀ ਸੰਵੇਦਨਾ ਅਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਰਾਜ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।

Advertisement

ਪ੍ਰਧਾਨ ਮੰਤਰੀ ਨੇ ਐਨਡੀਆਰਐਫ, ਐਸਡੀਆਰਐਫ ਅਤੇ ਆਪਦਾ ਮਿੱਤਰਾ ਦੇ ਵਲੰਟੀਅਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਰਾਹਤ ਅਤੇ ਬਹਾਲੀ ਦੇ ਕਾਰਜਾਂ ਵਿੱਚ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰਭਾਵਿਤ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੀ ਬਹਾਲੀ ਅਤੇ ਪੁਨਰ ਨਿਰਮਾਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹ ਪ੍ਰਭਾਵਿਤ ਤੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਦਾ ਜਾਇਜ਼ਾ ਲਿਆ। ਉਹ ਆਫ਼ਤ ਪ੍ਰਭਾਵਿਤ ਮੰਡੀ ਅਤੇ ਕੁੱਲੂ ਜ਼ਿਲ੍ਹਿਆਂ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਕਾਂਗੜਾ ਪਹੁੰਚੇ। ਕਾਂਗੜਾ ਦੇ ਗੱਗਲ ਹਵਾਈ ਅੱਡੇ ’ਤੇ ਪਹੁੰਚਣ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ, ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਸਵਾਗਤ ਕੀਤਾ। ਸ੍ਰੀ ਮੋਦੀ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਮਗਰੋਂ ਕਾਂਗੜਾ ਤੋਂ ਪੰਜਾਬ ਦੇ ਪਠਾਨਕੋਟ ਤੇ ਅੱਗੇ ਗੁਰਦਾਸਪੁਰ ਜਾਣਗੇ।

ਕਾਂਗੜਾ ਦੇ ਗੱਗਲ ਹਵਾਈ ਅੱਡੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਦੇ ਹੋਏ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ, ਮੁੱਖ ਮੰਤਰੀ ਸੁਖਵਿੰਦਰ ਸੁੱਖੂ ਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ।

ਮੋਦੀ ਦੁਪਹਿਰ ਕਰੀਬ 1.30 ਵਜੇ ਗੱਗਲ ਹਵਾਈ ਅੱਡੇ 'ਤੇ ਉਤਰੇੇ। ਸ੍ਰੀ ਮੋਦੀ ਮੁੱਖ ਮੰਤਰੀ ਸੁੱਖੂ ਅਤੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਨਗੇ, ਜਿਸ ਵਿਚ ਇਸ ਸਾਲ ਮੌਨਸੂਨ ਦੌਰਾਨ ਰਾਜ ਨੂੰ ਹੋਏ ਨੁਕਸਾਨ ਬਾਰੇ ਪੇਸ਼ਕਾਰੀ ਦਿੱਤੀ ਜਾਵੇਗੀ। ਪਹਾੜੀ ਰਾਜ ਨੂੰ 4500 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ, ਜਦੋਂ ਕਿ 370 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 41 ਅਜੇ ਵੀ ਲਾਪਤਾ ਹਨ। ਸਭ ਤੋਂ ਵੱਧ ਨੁਕਸਾਨ ਲੋਕ ਨਿਰਮਾਣ ਵਿਭਾਗ ਨੂੰ ਹੋਇਆ ਹੈ ਕਿਉਂਕਿ ਸੜਕਾਂ ਅਤੇ ਪੁਲਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਵਿਚ ਸਥਾਨਕ ਲੋਕਾਂ ਨੂੰ ਮਿਲਦੇ ਹੋਏ। ਫੋਟੋ: ਨਰਿੰਦਰ ਮੋਦੀ ਐਕਸ ਅਕਾਉਂਟ

ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਕੁਝ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇਸ ਸਾਲ ਦੇ ਸ਼ੁਰੂ ਵਿੱਚ 20 ਜੂਨ ਨੂੰ ਮੌਨਸੂਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 136 ਜ਼ਮੀਨ ਖਿਸਕਣ, 95 ਅਚਾਨਕ ਹੜ੍ਹ ਅਤੇ 45 ਬੱਦਲ ਫਟਣ ਕਾਰਨ ਜਨਤਕ ਬੁਨਿਆਦੀ ਢਾਂਚੇ ਅਤੇ ਨਿੱਜੀ ਜਾਇਦਾਦ ਨੂੰ ਵੱਡੇ ਪੱਧਰ ’ਤੇ ਨੁਕਸਾਨ ਪਹੁੰਚਿਆ ਹੈ। ਅਜੇ ਵੀ 615 ਸੜਕਾਂ ਬੰਦ ਹਨ, ਜਿਨ੍ਹਾਂ ਵਿੱਚ ਚਾਰ ਕੌਮੀ ਸ਼ਾਹਰਾਹ ਸ਼ਾਮਲ ਹਨ ਜਦੋਂ ਕਿ 1748 ਬਿਜਲੀ ਟਰਾਂਸਫਾਰਮਰ ਅਤੇ 461 ਪਾਣੀ ਯੋਜਨਾਵਾਂ ਬੰਦ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਸਾਲ ਦੀ ਬੱਚੀ ਨਿਤਿਕਾ ਨਾਲ ਲਾਡ ਲੜਾਉਂਦੇ ਹੋਏ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੋ ਅੱਜ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਕਾਂਗੜਾ ਪਹੁੰਚੇ, ਨੇ ਇੱਕ ਸਾਲ ਦੀ ਨਿਤਿਕਾ ਨਾਲ ਮੁਲਾਕਾਤ ਕੀਤੀ, ਜਿਸਨੇ 30 ਜੂਨ ਦੀ ਰਾਤ ਨੂੰ ਮੰਡੀ ਜ਼ਿਲ੍ਹੇ ਦੇ ਗੋਹਰ ਖੇਤਰ ਦੇ ਤਲਵਾੜਾ ਪਿੰਡ ਵਿੱਚ ਬੱਦਲ ਫਟਣ ਕਾਰਨ ਆਪਣੇ ਮਾਪਿਆਂ ਨੂੰ ਗੁਆ ਦਿੱਤਾ ਸੀ। 11 ਮਹੀਨਿਆਂ ਦੀ ਨਿਤਿਕਾ ਹਿਮਾਚਲ ਵਿੱਚ ਮੌਨਸੂਨ ਦੀ ਤਬਾਹੀ ਦੇ ਚਿਹਰੇ ਵਜੋਂ ਉਭਰੀ ਹੈ। ਪ੍ਰਧਾਨ ਮੰਤਰੀ ਮੋਦੀ 20 ਹੋਰ ਬੱਚਿਆਂ ਨੂੰ ਵੀ ਮਿਲੇ ਜਿਨ੍ਹਾਂ ਨੇ ਇਸ ਮੌਨਸੂਨ ਵਿੱਚ ਪਏ ਬੇਮਿਸਾਲ ਮੀਂਹ ਕਾਰਨ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।

Advertisement
×