ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਆਉਣਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਆਪਣੀ ਇਸ ਫੇਰੀ ਦੌਰਾਨ ਪ੍ਰਧਾਨ ਮੰਤਰੀ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਪ੍ਰਧਾਨ ਮੰਤਰੀ ਦੀ ਤਜਵੀਜ਼ਤ ਫੇਰੀ ਦੇ ਸ਼ਡਿਊਲ ਨੂੰ ਅੰਤਿਮ ਰੂਪ ਦੇਣ ਮਗਰੋਂ ਐਤਵਾਰ ਸਵੇਰੇ ਪੰਜਾਬ ਸਰਕਾਰ ਨਾਲ ਸਾਂਝਾ ਕੀਤਾ ਗਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ‘ਦਿ ਟ੍ਰਿਬਿਊਨ’ ਕੋਲ ਪ੍ਰਧਾਨ ਮੰਤਰੀ ਦੇ ਤਜਵੀਜ਼ਤ ਪੰਜਾਬ ਦੌਰੇ ਦੀ ਪੁਸ਼ਟੀ ਕੀਤੀ ਹੈ।
ਜਾਖੜ ਨੇ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤ ਬਾਰੇ ਬਹੁਤ ਚਿੰਤਤ ਹਨ ਅਤੇ ਇਸ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਉਹ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰ ਰਹੇ ਹਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਵਧ ਤੋਂ ਵਧ ਸਹਾਇਤਾ ਪ੍ਰਦਾਨ ਕਰਨ ਲਈ ਸਥਾਨਕ ਹਾਲਾਤ ਦੀ ਨਿੱਜੀ ਤੌਰ 'ਤੇ ਸਮੀਖਿਆ ਕੀਤੀ ਜਾ ਸਕੇ ਅਤੇ ਜ਼ਮੀਨੀ ਹਕੀਕਤਾਂ ਨੂੰ ਸਮਝਿਆ ਜਾ ਸਕੇ।’’
ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ ਤੇ ਗੁਰਦਾਸਪੁਰ ਵਿਚ ਹੜ੍ਹ ਦੇ ਝੰਬੇ ਇਲਾਕਿਆਂ ਦਾ ਦੌਰਾ ਕੀਤਾ ਸੀ। ਜਾਖੜ ਨੇ ਕਿਹਾ, ‘‘ਕੇਂਦਰ ਸਰਕਾਰ ਦੀਆਂ ਦੋ ਟੀਮਾਂ, ਜਿਨ੍ਹਾਂ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਦੌਰਾ ਕੀਤਾ ਸੀ, ਆਪਣੇ ਦੌਰੇ ਤੋਂ ਬਾਅਦ ਕੇਂਦਰ ਸਰਕਾਰ ਨੂੰ ਆਪਣੀਆਂ ਰਿਪੋਰਟਾਂ ਸੌਂਪਣ ਲਈ ਤਿਆਰ ਹਨ। ਭਾਰਤ ਸਰਕਾਰ ਪੰਜਾਬ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।’’
ਪ੍ਰਧਾਨ ਮੰਤਰੀ 9 ਸਤੰਬਰ ਨੂੰ ਕਾਂਗੜਾ ਤੋਂ ਪੰਜਾਬ ਆਉਣਗੇ। ਉਹ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕਰਨਗੇ ਅਤੇ ਪਠਾਨਕੋਟ ਵਿੱਚ ਉਤਰਨਗੇ ਜਿੱਥੇ ਉਨ੍ਹਾਂ ਦੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੀ ਉਮੀਦ ਹੈ।
ਸੂਤਰਾਂ ਮੁਤਾਬਕ ਮੋਦੀ ਪੰਜਾਬ ਦੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਹਵਾਈ ਦੌਰਾ ਕਰਨਗੇ ਅਤੇ ਸਰਹੱਦੀ ਪੱਟੀ ਦੇ ਨਾਲ-ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ ਜਿੱਥੇ ਕੰਡਿਆਲੀ ਤਾਰ ਅਤੇ ਸਰਹੱਦੀ ਚੌਕੀਆਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਝੋਨੇ ਅਤੇ ਗੰਨੇ ਸਮੇਤ ਖੜ੍ਹੀਆਂ ਹੋਰ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
ਦੱਸਣਯੋਗ ਹੈ ਕਿ ਕੇਂਦਰੀ ਟੀਮਾਂ ਨੁਕਸਾਨ ਦਾ ਮੁਲਾਂਕਣ ਕਰਨ ਲਈ ਪਹਿਲਾਂ ਹੀ ਪੰਜਾਬ ਵਿੱਚ ਹਨ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਇਸ ਹਫ਼ਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ।