DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਭਲਕੇ

ਹਿਮਾਚਲ ਪ੍ਰਦੇਸ਼ ਤੋਂ ਹਵਾਈ ਜਹਾਜ਼ ਰਾਹੀਂ ਪਹੁੰਚਣਗੇ ਪਠਾਨਕੋਟ
  • fb
  • twitter
  • whatsapp
  • whatsapp
Advertisement

ਪੰਜਾਬ ਵਿੱਚ ਪਿਛਲੇ 15-20 ਦਿਨਾਂ ਤੋਂ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ, ਜਿਸ ਦੀ ਲਪੇਟ ਵਿੱਚ ਸੂਬੇ ਦੇ ਦੋ ਹਜ਼ਾਰ ਤੋਂ ਵੱਧ ਪਿੰਡ ਆ ਚੁੱਕੇ ਹਨ। ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਜਾਵੇਗਾ। ਇਹ ਜਾਣਕਾਰੀ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ।

ਸ੍ਰੀ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤ ਨੂੰ ਲੈ ਕੇ ਕਾਫੀ ਚਿੰਤਤ ਹਨ ਅਤੇ ਇਸ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰ ਕੇ ਖ਼ਰਾਬੇ ਦਾ ਜਾਇਜ਼ਾ ਲਿਆ ਜਾਵੇਗਾ ਤਾਂ ਜੋ ਪੰਜਾਬ ਦੀ ਲੋੜੀਂਦੀ ਮਦਦ ਕੀਤੀ ਜਾ ਸਕੇ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ 9 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਤੋਂ ਪੰਜਾਬ ਆਉਣਗੇ। ਉਹ ਹਵਾਈ ਜਹਾਜ਼ ਰਾਹੀਂ ਪੰਜਾਬ ਦੇ ਪਠਾਨਕੋਟ ਪਹੁੰਚਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪਠਾਨਕੋਟ ਵਿੱਚ ਹੀ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਇਕ ਮੀਟਿੰਗ ਵੀ ਕੀਤੀ ਜਾ ਸਕਦੀ ਹੈ।

Advertisement

ਜ਼ਿਕਰਯੋਗ ਹੈ ਕਿ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਫੋਨ ’ਤੇ ਗੱਲ ਕਰ ਕੇ ਪੰਜਾਬ ਦੇ ਹਾਲਾਤ ਦਾ ਜਾਇਜ਼ਾ ਲਿਆ ਸੀ। ਉਪਰੰਤ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ ਤੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਪੀੜਤਾਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦੀਆਂ ਦੋ ਟੀਮਾਂ ਵੱਲੋਂ ਵੀ ਪੰਜਾਬ ਵਿੱਚ ਹੜ੍ਹਾਂ ਕਰ ਕੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸੂਬੇ ਦਾ ਦੌਰਾ ਕੀਤਾ ਗਿਆ ਸੀ। ਇਸ ਤੋਂ ਬਾਅਦ ਕੇਂਦਰੀ ਟੀਮ ਵੱਲੋਂ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਨੁਕਸਾਨ ਦੀ ਰਿਪੋਰਟ ਹਾਸਲ ਕੀਤੀ ਗਈ ਸੀ। ਰਿਪੋਰਟ ਮੁਤਾਬਕ ਸੂਬਾ ਸਰਕਾਰ ਦਾ ਮੰਨਣਾ ਹੈ ਕਿ ਮੁੱਢਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ 13,000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਚੁੱਕਾ ਹੈ।

ਸੂਬੇ ਦੇ 2000 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ’ਚ

ਪੰਜਾਬ ਵਿੱਚ ਹੜ੍ਹਾਂ ਦੀ ਲਪੇਟ ’ਚ ਸਾਰੇ 23 ਜ਼ਿਲ੍ਹਿਆਂ ਦੇ 2050 ਪਿੰਡ ਆ ਚੁੱਕੇ ਹਨ, ਜਿੱਥੇ 3.87 ਲੱਖ ਲੋਕ ਬੇਘਰ ਹੋ ਚੁੱਕੇ ਹਨ ਅਤੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਹੁਣ ਤੱਕ 48 ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ ਅਤੇ ਤਿੰਨ ਲੋਕ ਲਾਪਤਾ ਹਨ। ਹੜ੍ਹਾਂ ਕਰ ਕੇ ਸੂਬੇ ਵਿੱਚ 1.76 ਲੱਖ ਹੈਕਟੇਅਰ ਫ਼ਸਲ ਵੀ ਪ੍ਰਭਾਵਿਤ ਹੋ ਚੁੱਕੀ ਹੈ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 22,938 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਬਾਹਰ ਕੱਢਿਆ ਗਿਆ ਹੈ। 219 ਰਾਹਤ ਕੈਂਪਾਂ ਵਿੱਚ 5404 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ।

Advertisement
×