ਪ੍ਰਧਾਨ ਮੰਤਰੀ ਡਿਗਰੀ ਵਿਵਾਦ: ਦਿੱਲੀ ’ਵਰਸਿਟੀ ਦੀ ਪਟੀਸ਼ਨ ’ਤੇ ਫੈ਼ਸਲਾ ਅੱਜ
ਦਿੱਲੀ ਹਾਈ ਕੋਰਟ ਵੱਲੋਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਚਲਰ ਡਿਗਰੀ ਨਾਲ ਸਬੰਧਤ ਜਾਣਕਾਰੀ ਦਾ ਖੁਲਾਸਾ ਕਰਨ ਦੇ ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਦੇ ਨਿਰਦੇਸ਼ਾਂ ਖ਼ਿਲਾਫ਼ ਦਿੱਲੀ ਯੂਨੀਵਰਸਿਟੀ (ਡੀਯੂ) ਦੀ ਪਟੀਸ਼ਨ ’ਤੇ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਜਸਟਿਸ ਸਚਿਨ ਦੱਤਾ, ਜਿਨ੍ਹਾਂ ਨੇ 27 ਫਰਵਰੀ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ, ਵੱਲੋਂ ਬਾਅਦ ਦੁਪਹਿਰ 2.30 ਵਜੇ ਦੇ ਕਰੀਬ ਫੈਸਲਾ ਸੁਣਾਇਆ ਜਾਣਾ ਹੈ। ਡੀਯੂ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਸੀਆਈਸੀ ਦਾ ਆਦੇਸ਼ ਰੱਦ ਕਰਨ ਯੋਗ ਹੈ। ਹਾਲਾਂਕਿ, ਮਹਿਤਾ ਨੇ ਇਹ ਵੀ ਕਿਹਾ ਕਿ ਯੂਨੀਵਰਸਿਟੀ ਨੂੰ ਅਦਾਲਤ ਨੂੰ ਆਪਣਾ ਰਿਕਾਰਡ ਦਿਖਾਉਣ ’ਤੇ ਕੋਈ ਇਤਰਾਜ਼ ਨਹੀਂ ਹੈ। ਅਦਾਲਤ ਨੇ ਇਸੇ ਤਰ੍ਹਾਂ ਦੀਆਂ ਹੋਰ ਪਟੀਸ਼ਨਾਂ ’ਤੇ ਵੀ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਨੀਰਜ ਨਾਂ ਦੇ ਇਕ ਵਿਅਕਤੀ ਦੀ ਆਰਟੀਆਈ ਅਰਜ਼ੀ ਤੋਂ ਬਾਅਦ ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਨੇ 21 ਦਸੰਬਰ 2016 ਨੂੰ 1978 ਵਿੱਚ ਬੀਏ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਾਰੇ ਵਿਦਿਆਰਥੀਆਂ ਦੇ ਰਿਕਾਰਡ ਦਾ ਨਿਰੀਖਣ ਕਰਨ ਦੀ ਇਜਾਜ਼ਤ ਦਿੱਤੀ ਸੀ। ਇਸ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਹ ਪ੍ਰੀਖਿਆ ਪਾਸ ਕੀਤੀ ਸੀ। ਹਾਈ ਕੋਰਟ ਨੇ 23 ਜਨਵਰੀ 2017 ਨੂੰ ਸੀਆਈਸੀ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਸੀ।