ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਫਰਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਦੀ ਬੈਠਕ ਬੁਲਾ ਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ। ਇਸ ਸੂਚੀ ਵਿਚ ਪ੍ਰੋ. ਭੁੱਲਰ ਦਾ ਨਾਂ ਵੀ ਸ਼ਾਮਲ ਸੀ ਪਰ ਕੇਜਰੀਵਾਲ ਸਰਕਾਰ ’ਤੇ ਪ੍ਰੋ. ਦਵਿੰਦਰ ਪਾਲ ਸਿੰਘ ਨੂੰ ਰਿਹਾਅ ਨਾ ਕਰਨ ਦੇ ਦੋਸ਼ ਲੱਗ ਰਹੇ ਹਨ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਪਿਛਲੇ 26 ਸਾਲ ਸਲਾਖਾਂ ਪਿੱਛੇ ਰਹਿਣ ਦੇ ਬਾਵਜੂਦ ਪ੍ਰੋ. ਭੁੱਲਰ ਦੀ ਰਿਹਾਈ ਨਾ ਹੋਣ ’ਤੇ ਦੇਸ਼ ਅਤੇ ਦੁਨੀਆ ਭਰ ਦੀ ਸਿੱਖ ਸੰਗਤ ਵਿਚ ਰੋਸ ਹੈ। ਉਨ੍ਹਾਂ ਉਪ ਰਾਜਪਾਲ ਅਨਿਲ ਬੈਜਲ ਨੂੰ ਅਪੀਲ ਕੀਤੀ ਕਿ ਉਹ ਮਾਮਲੇ ’ਚ ਦਖਲ ਦਿੰਦਿਆਂ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਦੀ ਬੈਠਕ ਬੁਲਾ ਕੇ ਪ੍ਰੋ. ਭੁਲੱਰ ਦੀ ਰਿਹਾਈ ਯਕੀਨੀ ਬਣਾਉਣ। ਕਾਲਕਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਅਤੇ ਪੰਜਾਬੀਅਤ ਦੇ ਵਿਰੋਧੀ ਹਨ। ਉਨ੍ਹਾਂ ਦੀ ਸਰਕਾਰ ਨੇ ਪ੍ਰੋ. ਭੁਲੱਰ ਦੀ ਰਿਹਾਈ ਦੀ ਅਰਜ਼ੀ ਚਾਰ ਵਾਰ ਖਾਰਜ ਕਰ ਦਿੱਤੀ ਹੈ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪ੍ਰੋ. ਭੁੱਲਰ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰ ਦਿੱਤਾ ਸੀ। ਸਜ਼ਾ ਪੂਰੀ ਕਰਨ ਦੇ ਬਾਅਦ ਵੀ ਪ੍ਰੋ. ਭੁੱਲਰ ਨੂੰ ਜੇਲ੍ਹ ’ਚ ਰੱਖਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।