ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 8 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਮੱਕੀ 700-800 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਦਕਿ ਮੱਕੀ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 1850 ਰੁਪਏ ਪ੍ਰਤੀ ਕੁਇੰਟਲ ਹੈ। ਇਸ ਤਰ੍ਹਾਂ ਤਾਂ ਕਿਸਾਨਾਂ ਦੇ ਲਾਗਤ ਖਰਚੇ ਵੀ ਪੂਰੇ ਨਹੀਂ ਹੋ ਰਹੇ ਕਿਉਂਕਿ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਕੇਂਦਰ ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨੀ ਦੁੱਗਣਾ ਕਰਨ ਦਾ ਵਾਅਦਾ ਕਿਵੇਂ ਪੂਰਾ ਕਰੇਗੀ? ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਫਸਲੀ ਵਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਸਾਰੀਆਂ ਫਸਲਾਂ ਦੀ ਖਰੀਦ ਵਾਜਬਿ ਮੁੱਲ ’ਤੇ ਕਰਨ ਦੀ ਗਾਰੰਟੀ ਦਿੱਤੀ ਜਾਂਦੀ।
ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਰਾਸ਼ਟਰ ਦੇ ਨਾਂ ਸੰਬੋਧਨ ਦੌਰਾਨ 3 ਖੇਤੀਬਾੜੀ ਕਾਨੂੰਨਾਂ ਤੇ ਕਿਸਾਨ-ਅੰਦੋਲਨ ਬਾਰੇ ਕੋਈ ਜ਼ਿਕਰ ਨਹੀਂ ਕੀਤਾ। ਅੰਦੋਲਨ ਵਿਚ ਹੁਣ ਤਕ 500 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕੇਂਦਰ ਸਰਕਾਰ ਨੇ ਹੰਕਾਰੀ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ ਜਦਕਿ ਮੰਡੀਆਂ ’ਚ ਫਸਲਾਂ ਦਾ ਵਾਜਬ ਭਾਅ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨੀ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸਿੰਘੂ ਬਾਰਡਰ ’ਤੇ ਨੌਜਵਾਨ ਕਿਸਾਨ ਆਗੂ ਅਭਿਮੰਨਿਊ ਕੋਹਾੜ ਦੀ ਅਗਵਾਈ ਹੇਠ ਹਜ਼ਾਰਾਂ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਕਾਫ਼ਲਿਆਂ ’ਚ ਆਏ ਨੌਜਵਾਨਾਂ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਉਹ ਅੰਦੋਲਨ ਨੂੰ ਮਜ਼ਬੂਤ ਕਰਦੇ ਰਹਿਣਗੇ। 9 ਜੂਨ ਨੂੰ ਦਿੱਲੀ ਸਮੇਤ ਪੰਜਾਬ ਦੇ ਧਰਨਿਆਂ ’ਚ ਬਾਬਾ ਬੰਦਾ ਸਿੰਘ ਬਹਾਦਰ ਦਾ ਬਲੀਦਾਨ ਦਿਵਸ ਮਨਾਇਆ ਜਾਵੇਗਾ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ-ਅੰਦੋਲਨ ਨੂੰ ਧਰਮ ਅਤੇ ਜਾਤ ਦੇ ਨਾਂਂ ’ਤੇ ਵੰਡਣ ਦੀਆਂ ਸਾਰੀਆਂ ਸਾਜ਼ਿਸ਼ਾਂ ਦਾ ਕਿਸਾਨਾਂ ਨੇ ਇਕਜੁੱਟਤਾ ਨਾਲ ਸਾਹਮਣਾ ਕੀਤਾ ਹੈ। ਟੋਹਾਣਾ ’ਚ 3 ਦਿਨ ਚੱਲੇ ਧਰਨੇ ਦੀ ਹਰਿਆਣਾ ਤੋਂ ਇਲਾਵਾ ਪੰਜਾਬ ਤੇ ਯੂਪੀ ਦੇ ਲੋਕਾਂ ਨੇ ਵੱਡੀ ਹਮਾਇਤ ਕੀਤੀ।
ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਟੋਹਾਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਤੀਜੇ ਕਿਸਾਨ ਮੱਖਣ ਸਿੰਘ ਦੀ ਰਿਹਾਈ ਕੁਝ ਤਕਨੀਕੀ ਕਾਰਨਾਂ ਕਰਕੇ ਅੱਜ ਸਵੇਰੇ ਹੋਈ। ਹਾਲਾਂਕਿ ਸਾਰੀਆਂ ਮੰਗਾਂ ਮੰਨੀਆਂ ਜਾਣ ਕਾਰਨ ਧਰਨਾ ਕੱਲ੍ਹ ਸ਼ਾਮ ਨੂੰ ਖਤਮ ਕਰ ਦਿੱਤਾ ਗਿਆ ਸੀ। ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਕਾਰਨ ਦਿੱਲੀ ਸਮੇਤ ਵੱਖ ਵੱਖ ਥਾਵਾਂ ’ਤੇ ਬੈਠੇ ਧਰਨਾਕਾਰੀਆਂ ਦੇ ਹੌਸਲੇ ਬੁਲੰਦ ਹੋਏ ਹਨ ਤੇ ਕਿਸਾਨ ਮੰਗਾਂ ਨਾ ਮੰਨੇ ਜਾਣ ਤੱਕ ਡਟੇ ਰਹਿਣ ਦਾ ਅਹਿਦ ਦੁਹਰਾਅ ਰਹੇ ਹਨ।
ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਭਾਰਤ ਸਰਕਾਰ ਨਾ ਸਿਰਫ ਕਿਸਾਨ ਅੰਦੋਲਨ ਨੂੰ ਬਲਕਿ ਇਸ ਦੇ ਸਮਰਥਕਾਂ ਦੀ ਆਵਾਜ਼ ਵੀ ਦਬਾ ਰਹੀ ਹੈ। ਸਰਕਾਰ ਦੀ ਮੰਗ ਤੇ ਆਦੇਸ਼ਾਂ ’ਤੇ ਟਵਿੱਟਰ ਨੇ ਪੰਜਾਬੀ-ਕੈਨੇਡੀਅਨ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਬਲਾਕ ਕਰ ਦਿੱਤਾ ਹੈ। ਉਹ ਕਿਸਾਨ ਅੰਦੋਲਨ ਦਾ ਹਮਾਇਤੀ ਰਿਹਾ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਵੱਖ ਵੱਖ ਰਾਜਾਂ ਵਿੱਚ ਭਾਜਪਾ ਤੇ ਜੇਜੇਪੀ ਦੇ ਆਗੂਆਂ ਦਾ ਸਮਾਜਿਕ ਬਾਈਕਾਟ ਜਾਰੀ ਹੈ। ਪੰਜਾਬ ਦੇ ਬਰਨਾਲਾ ਦੇ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਨੂੰ ਅੱਜ ਕਿਸਾਨਾਂ ਦੇ ਰੋਸ ਦਾ ਸਾਹਮਣਾ ਕਰਨਾ ਪਿਆ। ਪੁਲੀਸ ਸੁਰੱਖਿਆ ਹੇਠ ਇਹ ਆਗੂ ਆਪਣੀ ਮੀਟਿੰਗ ਵਾਲੀ ਜਗ੍ਹਾ ਤੋਂ ਭੱਜ ਗਿਆ ਤਾਂ ਉਸ ਦੀ ਗੱਡੀ ਨੇ ਇੱਕ ਸਥਾਨਕ ਕਿਸਾਨ ਆਗੂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ, ਜਿਸ ਨਾਲ ਕਿਸਾਨਾਂ ਨੂੰ ਹੋਰ ਗੁੱਸਾ ਆਇਆ।
ਯੁੱਧਵੀਰ ਸਿੰਘ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਅਨਿਲ ਜੋਸ਼ੀ, ਜੋ ਕਿ ਕੇਂਦਰੀ ਮੰਤਰੀ ਵੀ ਸਨ, ਨੇ ਵੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਸੁਲਝਾਉਣ ਦੇ ਤਰੀਕਿਆਂ ਦੀ ਆਲੋਚਨਾ ਕੀਤੀ ਹੈ। ਰਾਜਸਥਾਨ ਦੇ ਸ੍ਰੀ ਗੰਗਾਨਗਰ ਅਤੇ ਹਨੂੰਮਾਨਗੜ੍ਹ ਜਿਹੇ ਹੋਰ ਥਾਵਾਂ ’ਤੇ ਵੀ ਕਿਸਾਨਾਂ ਨੇ ਟੌਲ ਪਲਾਜ਼ੇ ਖਾਲੀ ਕਰਵਾ ਦਿੱਤੇ ਸਨ। ਟੌਲ ਪਲਾਜ਼ਿਆਂ ਨੂੰ ਮੁੜ ਸ਼ੁਰੂ ਕਰਨ ਦੇ ਪ੍ਰਸ਼ਾਸਨ ਦੇ ਯਤਨਾਂ ਦਾ ਕਿਸਾਨਾਂ ਵੱਲੋਂ ਸਫਲ ਵਿਰੋਧ ਕੱਲ੍ਹ ਹਨੂਮਾਨਗੜ੍ਹ ਵਿੱਚ ਹੋਇਆ ਸੀ।
ਹਿਮਾਚਲ ਪ੍ਰਦੇਸ਼ ਦੇ ਭਾਜਪਾ ਆਗੂ ਨੂੰ ਦਿੱਤੀ ਚਿਤਾਵਨੀ
ਕਿਸਾਨ ਆਗੂਆਂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਆਗੂ ਤੇ ਪਾਰਟੀ ਦੇ ਬੁਲਾਰੇ ਰਣਧੀਰ ਸ਼ਰਮਾ ਨੂੰ ਵੀ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਭਾਜਪਾ ਨੇਤਾ ਦਿੱਲੀ ਸਰਹੱਦਾਂ ’ਤੇ ਹੋਏ ਵਿਰੋਧ ਪ੍ਰਦਰਸ਼ਨਾਂ ਬਾਰੇ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਲਈ ਮੁਆਫੀ ਨਹੀਂ ਮੰਗਦਾ ਅਤੇ ਬਿਆਨ ਵਾਪਸ ਨਹੀਂ ਲੈਂਦਾ ਤਾਂ ਉਸ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਏਗਾ। ਹਿਮਾਚਲ ਪ੍ਰਦੇਸ਼ ਦੇ ਕਿਸਾਨ ਆਗੂਆਂ ਨੇ ਵੀ ਭਾਜਪਾ ਆਗੂਆਂ ਦੇ ਬਾਈਕਾਟ ਦੀ ਮੁਹਿੰਮ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।