ਗਿਆਨੇਸ਼ ਦੀ ਗ੍ਰਿਫ਼ਤਾਰੀ ਲਈ ਜੰਤਰ ਮੰਤਰ ’ਤੇ ਪ੍ਰਦਰਸ਼ਨ
ਪੁਲੀਸ ਨੇ ਆਇਸਾ ਅਤੇ ਸਮਾਜਕ ਕਾਰਕੁਨਾਂ ਸਮੇਤ ਕੲੀ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲਿਆ
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਸਮਾਜਕ ਕਾਰਕੁਨਾਂ ਨੇ ਮਿਲ ਕੇ ਅੱਜ ਜੰਤਰ ਮੰਤਰ ’ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪੁਲੀਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਾ ਲਏ ਜਾਣ ’ਤੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ। ਇਨ੍ਹਾਂ ’ਚ ਸੀ ਪੀ ਆਈ (ਐੱਮ ਐੱਲ)-ਲਿਬਰੇਸ਼ਨ ਦੇ ਜਨਰਲ ਸਕੱਤਰ ਦੀਪਾਂਕਰ ਭੱਟਾਚਾਰੀਆ, ਸਮਾਜਿਕ ਕਾਰਕੁਨ ਯੋਗੇਂਦਰ ਯਾਦਵ, ਰਾਜ ਸਭਾ ਮੈਂਬਰ ਏ ਏ ਰਹੀਮ ਤੇ ਸ਼ਿਵਦਾਸਨ, ਆਇਸਾ ਪ੍ਰਧਾਨ ਨੇਹਾ ਬੋਰਾ, ਐੱਸ ਐੱਫ ਆਈ ਦੇ ਪ੍ਰਧਾਨ ਆਦਰਸ਼ ਐੱਮ ਸਾਜੀ ਅਤੇ ਹੋਰ ਸ਼ਾਮਲ ਹਨ। ਪ੍ਰਦਰਸ਼ਨ ’ਚ ਆਰ ਜੇ ਡੀ ਦੇ ਸੰਸਦ ਮੈਂਬਰ ਮਨੋਜ ਝਾਅ, ਵਕੀਲ ਪ੍ਰਸ਼ਾਂਤ ਭੂਸ਼ਣ, ਅੰਜਲੀ ਭਾਰਦਵਾਜ ਅਤੇ ਨੰਦਿਤਾ ਨਰਾਇਣ ਨੇ ਵੀ ਹਿੱਸਾ ਲਿਆ। ਨੇਹਾ ਨੇ ਥਾਣੇ ’ਚੋਂ ਵੀਡੀਓ ਸੁਨੇਹੇ ਰਾਹੀਂ ਦੋਸ਼ ਲਾਇਆ ਕਿ ਪੁਲੀਸ ਨੇ ਚੋਣ ਕਮਿਸ਼ਨ ਦੀ ਜਵਾਬਦੇਹੀ ਦੀ ਮੰਗ ਕਰ ਰਹੇ ਵਿਦਿਆਰਥੀਆਂ ਨੂੰ ਹਿਰਾਸਤ ’ਚ ਲਿਆ ਹੈ ਅਤੇ ਪ੍ਰਦਰਸ਼ਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਗਿਆਨੇਸ਼ ਨੂੰ ਜੇਲ੍ਹ ਨਹੀਂ ਭੇਜਿਆ ਜਾਂਦਾ ਉਹ ਸੜਕਾਂ ’ਤੇ ਪ੍ਰਦਰਸ਼ਨ ਜਾਰੀ ਰਖਣਗੇ। ਪ੍ਰਦਰਸ਼ਨਕਾਰੀਆਂ ਨੇ ਗਿਆਨੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰੋ ਅਤੇ ਚੋਣ ਕਮਿਸ਼ਨ ਦੇ ਕੰਮਕਾਜ ’ਚ ਕਥਿਤ ਗੜਬੜੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਅਤੇ ਡੈਮੋਕਰੈਟਕਿ ਯੂਥ ਫੈਡਰੇਸ਼ਨ ਆਫ ਇੰਡੀਆ ਨੇ ਆਪਣੇ ਆਗੂਆਂ ਅਤੇ ਕਾਰਕੁਨਾਂ ਨੂੰ ਹਿਰਾਸਤ ’ਚ ਲਏ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ। ਦੋਵੇਂ ਜਥੇਬੰਦੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਤੁਰੰਤ ਛੱਡਣ ਅਤੇ ਤਾਕਤ ਦੀ ਵਰਤੋਂ ਕਰਨ ਵਾਲੇ ਪੁਲੀਸ ਕਰਮੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। -ਪੀਟੀਆਈ

