‘ਐੱਸਆਈਆਰ’ ਖ਼ਿਲਾਫ਼ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ
ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਪੜਤਾਲ (ਐੱਸਆਈਆਰ) ਦੇ ਮੁੱਦੇ ’ਤੇ ਅੱਜ ਸੰਸਦ ਭਵਨ ਕੰਪਲੈਕਸ ’ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਟੀਐੱਮਸੀ ਦੇ ਡੈਰੇਕ ਓ’ਬ੍ਰਾਇਨ ਤੇ ਸਾਗਰਿਕਾ ਘੋਸ਼, ਡੀਐੱਮਕੇ ਦੀ ਕਨੀਮੋੜੀ ਤੇ ਏ. ਰਾਜਾ ਅਤੇ ਹੋਰਾਂ ਨੇ ਚੋਣ ਕਮਿਸ਼ਨ ਨੂੰ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ। ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰਾਂ ਦੇ ਆਗੂਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੰਸਦ ਦੇ ਮਕਰ ਦਵਾਰ ਨੇੜੇ ਵਿਰੋਧੀ ਧਿਰਾਂ ਦੇ ਆਗੂਆਂ ਨੇ ਲਗਾਤਾਰ ਪੰਜਵੇਂ ਦਿਨ ਪ੍ਰਦਰਸ਼ਨ ਕੀਤਾ। ਉਨ੍ਹਾਂ ਹੱਥਾਂ ’ਚ ‘ਐੱਸਆਈਆਰ ਬੰਦ ਕਰੋ’ ਨਾਅਰੇ ਲਿਖੇ ਪੋਸਟਰ ਵੀ ਫੜੇ ਹੋਏ ਸਨ। ਬਾਅਦ ’ਚ ਖੜਗੇ ਨੇ ‘ਐਕਸ’ ’ਤੇ ਲਿਖਿਆ ਕਿ ਸੰਸਦ ’ਚ ‘ਇੰਡੀਆ’ ਬਲਾਕ ਵੱਲੋਂ ਲੋਕਾਂ ਦੇ ਹੱਕਾਂ ਦੀ ਆਵਾਜ਼ ਲਗਾਤਾਰ ਬੁਲੰਦ ਕੀਤੀ ਜਾਂਦੀ ਰਹੇਗੀ। ਉਨ੍ਹਾਂ ਕਿਹਾ ਕਿ ‘ਐੱਸਆਈਆਰ’ ਲਾਗੂ ਕਰਕੇ ਕਮਜ਼ੋਰ ਵਰਗਾਂ ਨੂੰ ਵੋਟਿੰਗ ਦੇ ਹੱਕ ਤੋਂ ਵਾਂਝੇ ਕਰਨ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗਾ। ਰਾਹੁਲ ਗਾਂਧੀ ਨੇ ਫੇਸਬੁੱਕ ’ਤੇ ਇਕ ਪੋਸਟ ’ਚ ਕਿਹਾ ਕਿ ‘ਐੱਸਆਈਆਰ’ ਵੋਟਾਂ ਚੋਰੀ ਕਰਨ ਦੀ ਖ਼ਤਰਨਾਕ ਸਾਜ਼ਿਸ਼ ਹੈ ਜੋ ਲੋਕਤੰਤਰ ਅਤੇ ਸੰਵਿਧਾਨ ਉਪਰ ਸਿੱਧਾ ਹਮਲਾ ਹੈ।
ਰਾਜ ਸਭਾ ਦੀ ਕਾਰਵਾਈ ਠੱਪ
ਨਵੀਂ ਦਿੱਲੀ: ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਪੜਤਾਲ (ਐੱਸਆਈਆਰ) ਦੇ ਮੁੱਦੇ ’ਤੇ ਅੱਜ ਰਾਜ ਸਭਾ ’ਚ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ। ਦੋ ਵਾਰ ਸਦਨ ਦੀ ਕਾਰਵਾਈ ਮੁਲਤਵੀ ਹੋਣ ਮਗਰੋਂ ਜਦੋਂ ਦੁਪਹਿਰ 2 ਵਜੇ ਮੁੜ ਕਾਰਵਾਈ ਸ਼ੁਰੂ ਹੋਈ ਤਾਂ ਹੰਗਾਮੇ ਕਾਰਨ ਇਹ ਦਿਨ ਭਰ ਲਈ ਉਠਾ ਦਿੱਤੀ ਗਈ। ਸਿਫ਼ਰ ਕਾਲ ਦੌਰਾਨ ਉਪ ਚੇਅਰਮੈਨ ਹਰੀਵੰਸ਼ ਨੇ ਕਿਹਾ ਕਿ ਉਨ੍ਹਾਂ ਨੂੰ ‘ਐੱਸਆਈਆਰ’ ਸਮੇਤ ਵੱਖ ਵੱਖ ਮੁੱਦਿਆਂ ’ਤੇ ਚਰਚਾ ਲਈ ਨੇਮ 267 ਤਹਿਤ 26 ਨੋਟਿਸ ਮਿਲੇ ਹਨ ਜਿਨ੍ਹਾਂ ਨੂੰ ਉਨ੍ਹਾਂ ਰੱਦ ਕਰ ਦਿੱਤਾ। ਇਸ ਮਗਰੋਂ ਉਨ੍ਹਾਂ ਸੁਧਾ ਮੂਰਤੀ ਨੂੰ ਬੋਲਣ ਲਈ ਸੱਦਿਆ ਪਰ ਟੀਐੱਮਸੀ ਅਤੇ ਕਾਂਗਰਸ ਸਮੇਤ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਚੇਅਰ ਦੇ ਫ਼ੈਸਲੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਜਦੋਂ ਹੰਗਾਮਾ ਵੱਧ ਗਿਆ ਤਾਂ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। -ਪੀਟੀਆਈ