ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੋਟ ਚੋਰੀ ਅਤੇ ‘ਐੱਸਆਈਆਰ’ ਖ਼ਿਲਾਫ਼ ਰੋਸ ਮਾਰਚ

ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰ ਰਹੇ ਆਗੂਆਂ ਨੂੰ ਹਿਰਾਸਤ ’ਚ ਲੈਣ ਮਗਰੋਂ ਛੱਡਿਆ
ਨਵੀਂ ਦਿੱਲੀ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰਦੇ ਹੋਏ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਹੋਰ। -ਫੋਟੋ: ਪੀਟੀਆਈ
Advertisement

ਬਿਹਾਰ ਦੀਆਂ ਵੋਟਰ ਸੂਚੀਆਂ ’ਚ ਸੁਧਾਈ (ਐੱਸਆਈਆਰ) ਅਤੇ ‘ਵੋਟ ਚੋਰੀ’ ਖ਼ਿਲਾਫ਼ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅੱਜ ਇਕਜੁੱਟਤਾ ਦਿਖਾਉਂਦਿਆਂ ਸੰਸਦ ਤੋਂ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਰੋਸ ਮਾਰਚ ਕੀਤਾ। ਇਸ ਦੌਰਾਨ ਪੁਲੀਸ ਨੇ ਆਗੂਆਂ ਨੂੰ ਰਾਹ ’ਚ ਹੀ ਰੋਕ ਕੇ ਹਿਰਾਸਤ ’ਚ ਲੈ ਲਿਆ ਪਰ ਬਾਅਦ ’ਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ। ਰੋਸ ਮਾਰਚ ’ਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਤ੍ਰਿਣਮੂਲ ਕਾਂਗਰਸ ਦੀ ਮਹੂਆ ਮੋਇਤਰਾ, ਡੈਰੇਕ ਓ’ਬ੍ਰਾਇਨ, ਡੀਐੱਮਕੇ ਦੇ ਟੀਆਰ ਬਾਲੂ, ਸ਼ਿਵ ਸੈਨਾ (ਯੂਬੀਟੀ) ਦੇ ਸੰਜੇ ਰਾਊਤ, ‘ਆਪ’ ਦੇ ਸੰਜੇ ਸਿੰਘ ਅਤੇ ਕਈ ਹੋਰ ਪਾਰਟੀਆਂ ਦੇ ਆਗੂ ਸ਼ਾਮਲ ਸਨ। ਪੁਲੀਸ ਨੇ ਪੀਟੀਆਈ ਬਿਲਡਿੰਗ ਦੇ ਬਾਹਰ ਬੈਰੀਕੇਡ ਲਗਾਏ ਹੋਏ ਸਨ ਤਾਂ ਜੋ ਸੰਸਦ ਮੈਂਬਰਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਜਿਵੇਂ ਹੀ ਸੰਸਦ ਮੈਂਬਰਾਂ ਨੂੰ ਰੋਕਿਆ ਗਿਆ ਤਾਂ ਉਹ ਸੜਕ ’ਤੇ ਹੀ ਬੈਠ ਗਏ ਅਤੇ ਉਨ੍ਹਾਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਤ੍ਰਿਣਮੂਲ ਕਾਂਗਰਸ ਦੀ ਮਹੂਆ ਮੋਇਤਰਾ ਤੇ ਸੁਸ਼ਮਿਤਾ ਦੇਵ ਅਤੇ ਕਾਂਗਰਸ ਦੀ ਸੰਜਨਾ ਜਾਟਵ ਤੇ ਜੋਤੀਮਣੀ ਬੈਰੀਕੇਡਾਂ ’ਤੇ ਚੜ੍ਹ ਗਈਆਂ ਅਤੇ ਉਨ੍ਹਾਂ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇ ਲਗਾਏ। ਪ੍ਰਦਰਸ਼ਨ ਦੌਰਾਨ ਮਹੂਆ ਅਤੇ ਮਿਤਾਲੀ ਬੇਗ਼ ਬੇਹੋਸ਼ ਹੋ ਗਈਆਂ ਸਨ ਅਤੇ ਰਾਹੁਲ ਗਾਂਧੀ ਨੇ ਉਨ੍ਹਾਂ ਦੀ ਸਹਾਇਤਾ ਕੀਤੀ। ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਪੁਲੀਸ ਘੇਰਾ ਤੋੜਨ ਦੀ ਕੋਸ਼ਿਸ਼ ਤਹਿਤ ਬੈਰੀਕੇਡ ਟੱਪ ਲਿਆ ਪਰ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਗਿਆ। ਸੰਸਦ ਮੈਂਬਰਾਂ ਨੂੰ ਬੱਸਾਂ ’ਚ ਬਿਠਾ ਕੇ ਪਾਰਲੀਮੈਂਟ ਸਟਰੀਟ ਪੁਲੀਸ ਸਟੇਸ਼ਨ ਲਿਜਾਇਆ ਗਿਆ ਜਿਥੋਂ ਸਾਰਿਆਂ ਨੂੰ ਬਾਅਦ ’ਚ ਰਿਹਾਅ ਕਰ ਦਿੱਤਾ ਗਿਆ। ਹਿਰਾਸਤ ’ਚ ਲੈਣ ਮਗਰੋਂ ਰਾਹੁਲ ਗਾਂਧੀ ਨੇ ਕਿਹਾ, ‘‘ਇਹ ਕੋਈ ਸਿਆਸੀ ਨਹੀਂ ਸਗੋਂ ਸੰਵਿਧਾਨ ਬਚਾਉਣ ਦੀ ਲੜਾਈ ਹੈ। ਇਹ ‘ਇਕ ਵਿਅਕਤੀ, ਇਕ ਵੋਟ’ ਦੀ ਜੰਗ ਹੈ ਅਤੇ ਅਸੀਂ ਸਾਫ਼-ਸੁਥਰੀ ਵੋਟਰ ਸੂਚੀ ਚਾਹੁੰਦੇ ਹਾਂ। ਉਹ ਗੱਲਬਾਤ ਨਹੀਂ ਕਰ ਸਕਦੇ ਹਨ ਕਿਉਂਕਿ ਸਚਾਈ ਪੂਰੇ ਮੁਲਕ ਸਾਹਮਣੇ ਆ ਗਈ ਹੈ।’’ ਖੜਗੇ ਨੂੰ ਵੀ ਹਿਰਾਸਤ ’ਚ ਲਿਆ ਗਿਆ ਅਤੇ ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਵੋਟ ਦੇ ਹੱਕ ਦੀ ਰਾਖੀ ਅਤੇ ਲੋਕਤੰਤਰ ਬਚਾਉਣ ਦਾ ਸੰਘਰਸ਼ ਹੈ। ਉਨ੍ਹਾਂ ਕਿਹਾ ਕਿ ‘ਇੰਡੀਆ’ ਗੱਠਜੋੜ ਭਾਜਪਾ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰੇਗਾ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਪਹਿਲਾਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਸੀ ਕਿ ਉਹ ਉਨ੍ਹਾਂ ਨਾਲ ਮੀਟਿੰਗ ਅਤੇ ਐੱਸਆਈਆਰ ਸਮੇਤ ਹੋਰ ਮੁੱਦਿਆਂ ’ਤੇ ਚਰਚਾ ਕਰਨ ਦੀ ਇਜਾਜ਼ਤ ਦੇਣ। ਉਨ੍ਹਾਂ ਚੋਣ ਕਮਿਸ਼ਨ ਨੂੰ ਆਪਣੇ ਮਾਰਚ ਬਾਰੇ ਜਾਣਕਾਰੀ ਦੇਣ ਲਈ ਲਿਖੇ ਪੱਤਰ ਵਿੱਚ ਕਿਹਾ, ‘‘ਸੰਸਦ ਮੈਂਬਰ ਬਿਹਾਰ ਵਿੱਚ ਕੀਤੀਆਂ ਜਾ ਰਹੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਸਮੇਤ ਕਈ ਹੋਰ ਮੁੱਦਿਆਂ ’ਤੇ ਕਮਿਸ਼ਨ ਨਾਲ ਸਮੂਹਿਕ ਤੌਰ ’ਤੇ ਮੁਲਾਕਾਤ ਕਰਨਾ ਚਾਹੁੰਦੇ ਹਨ।’’ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ‘ਚੁਰਾਓ ਆਯੋਗ’ ਨਾ ਬਣੇ। ਸੰਸਦ ਮੈਂਬਰਾਂ ਨੇ ਆਪਣੇ ਸਿਰਾਂ ’ਤੇ ਚਿੱਟੀਆਂ ਟੋਪੀਆਂ ਪਾਈਆਂ ਹੋਈਆਂ ਸਨ, ਜਿਨ੍ਹਾਂ ’ਤੇ ‘ਐੱਸਆਈਆਰ’ ਅਤੇ ‘ਵੋਟ ਚੋਰੀ’ ਲਿਖਿਆ ਹੋਇਆ ਸੀ ਅਤੇ ਉਪਰ ਲਾਲ ਰੰਗ ਨਾਲ ਕਾਟਾ ਮਾਰਿਆ ਹੋਇਆ ਸੀ। ਰੋਸ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਮਕਰ ਦੁਆਰ ਵਿਖੇ ਰਾਸ਼ਟਰੀ ਗੀਤ ਵੀ ਗਾਇਆ। ਸੰਸਦ ਮੈਂਬਰਾਂ ਨੇ ਹੱਥਾਂ ਵਿਚ ਤਖਤੀਆਂ ਚੁੱਕੀਆਂ ਹੋਈਆਂ ਸਨ, ਜਿਨ੍ਹਾਂ ’ਤੇ ‘ਐੱਸਆਈਆਰ ਵੋਟ ਚੋਰੀ= ਲੋਕਤੰਤਰ ਦਾ ਕਤਲ’, ‘ਐੱਸਆਈਆਰ ਲੋਕਤੰਤਰ ਪਰ ਵਾਰ’ ਅਤੇ ‘ਐੱਸਆਈਆਰ ਪਰ ਚੁੱਪੀ ਕਿਉਂ’ ਲਿਖਿਆ ਹੋਇਆ ਸੀ। -ਪੀਟੀਆਈ

 

Advertisement

ਡੇਟਾ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਲਿਆ, ਹਲਫ਼ਨਾਮਾ ਕਿਉਂ ਦੇਵਾਂ: ਰਾਹੁਲ

 

ਨਵੀਂ ਦਿੱਲੀ: ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਇਕਜੁੱਟ ਵਿਰੋਧੀ ਧਿਰ ਅਤੇ ਦੇਸ਼ ਦਾ ਹਰ ਵੋਟਰ ਸਾਫ਼-ਸੁਥਰੀ ਵੋਟਰ ਸੂਚੀ ਚਾਹੁੰਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਨੇ ਕਿਹਾ ਕਿ ਇਹ ਕੋਈ ਇਕ ਹਲਕੇ ਦਾ ਨਹੀਂ ਸਗੋਂ ਪੂਰੇ ਦੇਸ਼ ਦਾ ਮਾਮਲਾ ਹੈ ਅਤੇ ਵੋਟਰ ਸੂਚੀਆਂ ’ਚ ਕਥਿਤ ਬੇਨਿਯਮੀਆਂ ਦਾ ਮੁੱਦਾ ਛੇਤੀ ਹੋਰ ਭਖ਼ੇਗਾ। ਉਨ੍ਹਾਂ ਚੋਣ ਕਮਿਸ਼ਨ ਵੱਲੋਂ ਮੰਗਿਆ ਗਿਆ ਹਲਫ਼ਨਾਮਾ ਨਾ ਦੇਣ ਦਾ ਸੰਕੇਤ ਦਿੰਦਿਆਂ ਕਿਹਾ ਕਿ ‘ਵੋਟ ਚੋਰੀ’ ਦਾ ਸਬੂਤ ਦੇਣ ਲਈ ਕਾਂਗਰਸ ਵੱਲੋਂ ਅਧਿਐਨ ਕੀਤਾ ਗਿਆ ਡੇਟਾ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਲਿਆ ਗਿਆ ਹੈ। ‘ਇਹ ਉਨ੍ਹਾਂ ਦਾ ਡੇਟਾ ਹੈ।

 

 

ਇਹ ਕੋਈ ਮੇਰਾ ਡੇਟਾ ਨਹੀਂ ਹੈ ਜਿਸ ’ਤੇ ਮੈਨੂੰ ਦਸਤਖ਼ਤ ਕਰਨੇ ਚਾਹੀਦੇ ਹਨ। ਅਸੀਂ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਇਹ ਡੇਟਾ ਲਿਆ ਹੈ। ਇਹ ਸਿਰਫ਼ ਧਿਆਨ ਵੰਡਾਉਣ ਦੀ ਚਾਲ ਹੈ।’ ਰਾਹੁਲ ਨੇ ਬਾਅਦ ’ਚ ‘ਐਕਸ ’ਤੇ ਕਿਹਾ ਕਿ ਸਾਫ਼-ਸੁਥਰੀ ਵੋਟਰ ਸੂਚੀ ਅਤੇ ਲੋਕਾਂ ਦੇ ਵੋਟ ਦੇ ਹੱਕ ਨੂੰ ਹਰ ਕੀਮਤ ’ਤੇ ਸੁਰੱਖਿਅਤ ਕੀਤਾ ਜਾਵੇਗਾ। -ਪੀਟੀਆਈ

 

ਅਸੀਂ ਚੋਣ ਕਮਿਸ਼ਨ ਤੋਂ ਜਵਾਬ ਚਾਹੁੰਦੇ ਹਾਂ: ਥਰੂਰ

ਨਵੀਂ ਦਿੱਲੀ: ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਚੋਣ ਕਮਿਸ਼ਨ ’ਤੇ ਵਰ੍ਹਦਿਆਂ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਵੋਟਾਂ ਦੀ ਚੋਰੀ ਦੇ ਕੀਤੇ ਗਏ ਦਾਅਵਿਆਂ ਬਾਰੇ ਜਵਾਬ ਦੇਣ ਦੀ ਬਜਾਏ ਉਹ ਦਸਤਖ਼ਤਾਂ ਨਾਲ ਹਲਫ਼ਨਾਮਾ ਦੇਣ ’ਤੇ ਜ਼ੋਰ ਪਾ ਰਿਹਾ ਹੈ। ਰੋਸ ਪ੍ਰਦਰਸ਼ਨ ਦੌਰਾਨ ਥਰੂਰ ਨੇ ਕਿਹਾ, ‘‘ਅਸੀਂ ਹਮਲੇ ਨਹੀਂ ਸਵਾਲਾਂ ਦੇ ਜਵਾਬ ਚਾਹੁੰਦੇ ਹਾਂ। ਰਾਹੁਲ ਗਾਂਧੀ ਨੇ ਕਈ ਬਹੁਤ ਹੀ ਗੰਭੀਰ ਸਵਾਲ ਪੁੱਛੇ ਹਨ। ਇਨ੍ਹਾਂ ਸਵਾਲਾਂ ਦੇ ਗੰਭੀਰ ਜਵਾਬ ਦੇਣੇ ਚਾਹੀਦੇ ਹਨ।’’ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਦੇ ਡੇਟਾ ਦਾ ਹਵਾਲਾ ਦਿੱਤਾ ਹੈ ਅਤੇ ਉਸ ਨੂੰ ਹਲਫ਼ਨਾਮਾ ਮੰਗਣ ਦੀ ਬਜਾਏ ਆਪਣੇ ਡੇਟਾ ਨੂੰ ਹੀ ਘੋਖਣਾ ਚਾਹੀਦਾ ਹੈ। -ਪੀਟੀਆਈ

ਅਖਿਲੇਸ਼ ਵੱਲੋਂ ਚੋਣ ਕਮਿਸ਼ਨ ਦੀ ਲਾਹ-ਪਾਹ

ਨਵੀਂ ਦਿੱਲੀ: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਉੱਤਰ ਪ੍ਰਦੇਸ਼ ਦੀਆਂ ਚੋਣਾਂ ਸਮੇਤ ਵੱਡੇ ਪੱਧਰ ’ਤੇ ਬੇਨਿਯਮੀਆਂ ਖ਼ਿਲਾਫ਼ ਕਾਰਵਾਈ ਕਰਨ ’ਚ ਨਾਕਾਮ ਰਹਿਣ ਲਈ ਚੋਣ ਕਮਿਸ਼ਨ ਦੀ ਲਾਹ-ਪਾਹ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ‘ਵੋਟਾਂ ਲੁੱਟਣ’ ਲਈ ਚੋਣ ਕਮਿਸ਼ਨ ਦੇ ਅਧਿਕਾਰੀਆਂ ਦੀ ਹੁਕਮਰਾਨ ਭਾਜਪਾ ਨਾਲ ਗੰਢ-ਤੁਪ ਹੈ। ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਵੱਲੋਂ ਸੰਸਦ ਤੋਂ ਚੋਣ ਕਮਿਸ਼ਨ ਦੇ ਦਫ਼ਤਰ ਤੱਕ ਕੱਢੇ ਗਏ ਰੋਸ ਮਾਰਚ ਦੌਰਾਨ ਅਖਿਲੇਸ਼ ਨੇ ਚੋਣ ਕਮਿਸ਼ਨ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਖਿਲੇਸ਼ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਚੋਣ ਕਮਿਸ਼ਨ ’ਤੇ ਉਂਗਲ ਉੱਠੀ ਹੈ। ਉਨ੍ਹਾਂ ਕਿਹਾ ਕਿ ਯੂਪੀ ਚੋਣਾਂ ’ਚ ਸਮਾਜਵਾਦੀ ਪਾਰਟੀ ਨੇ ਕਈ ਵਾਰ ਇਹ ਮੁੱਦਾ ਚੁੱਕਿਆ ਸੀ।

 

ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਪਾਰਟੀ ਨੇ ਕਈ ਸ਼ਿਕਾਇਤਾਂ ਕੀਤੀਆਂ ਸਨ ਅਤੇ ਦਾਅਵਾ ਕੀਤਾ ਸੀ ਕਿ ਸਮਾਜਵਾਦੀ ਪਾਰਟੀ ਦੇ 18 ਹਜ਼ਾਰ ਵੋਟ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਰਾਮਪੁਰ ’ਚ ਇਕ ਪੁਲੀਸ ਅਧਿਕਾਰੀ ਵੋਟਰਾਂ ਨੂੰ ਰਿਵਾਲਵਰ ਦਿਖਾ ਕੇ ਦੂਜੀ ਧਿਰ ਦੇ ਪੱਖ ’ਚ ਵੋਟ ਪਾਉਣ ਦੀ ਧਮਕੀ ਦੇ ਰਿਹਾ ਸੀ ਜਿਸ ਦੀਆਂ ਤਸਵੀਰਾਂ ਅਖ਼ਬਾਰਾਂ ’ਚ ਪ੍ਰਕਾਸ਼ਿਤ ਹੋਈਆਂ ਸਨ। ਅਖਿਲੇਸ਼ ਨੇ ਚੋਣ ਕਮਿਸ਼ਨ ਨੂੰ ਕਿਹਾ ਕਿ ਉਹ ਸ਼ਿਕਾਇਤਾਂ ਦਾ ਤੁਰੰਤ ਨਿਬੇੜਾ ਕਰੇ ਕਿਉਂਕਿ ਜੇ ਕੱਛੂਕੁੰਮੇ ਦੀ ਚਾਲ ਨਾਲ ਕੰਮ ਹੋਇਆ ਤਾਂ ਵੋਟ ਦਾ ਹੱਕ ਖੋਹ ਲਿਆ ਜਾਵੇਗਾ ਅਤੇ ਲੋਕਤੰਤਰ ਨਹੀਂ ਬਚੇਗਾ। ਪ੍ਰਦਰਸ਼ਨ ਦੌਰਾਨ ਪਾਰਟੀ ਦੀ ਸੰਸਦ ਮੈਂਬਰ ਡਿੰਪਲ ਯਾਦਵ ਨੇ ਕਿਹਾ ਕਿ ਜਿਸ ਢੰਗ ਨਾਲ ਲਗਾਤਾਰ ਵੋਟ ਲੁੱਟੇ ਜਾ ਰਹੇ ਹਨ, ਉਸ ਨੂੰ ਸਵੀਕਾਰ ਕਰਦਿਆਂ ਚੋਣ ਕਮਿਸ਼ਨ ਨੂੰ ਹੁਣ ਜਾਗਣਾ ਚਾਹੀਦਾ ਹੈ। -ਪੀਟੀਆਈ

ਦੇਸ਼ ’ਚ ਬਦਅਮਨੀ ਤੇ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼: ਭਾਜਪਾ

ਨਵੀਂ ਦਿੱਲੀ: ਭਾਜਪਾ ਨੇ ਬਿਹਾਰ ’ਚ ਵੋਟਰ ਸੂਚੀਆਂ ’ਚ ਸੁਧਾਈ ਅਤੇ ‘ਵੋਟ ਚੋਰੀ’ ਖ਼ਿਲਾਫ਼ ਵਿਰੋਧੀ ਧਿਰਾਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਘੇਰਦਿਆਂ ਦੋਸ਼ ਲਾਇਆ ਕਿ ਉਹ ਦੇਸ਼ ’ਚ ਬਦਅਮਨੀ ਅਤੇ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਥੇ ਭਾਜਪਾ ਦਫ਼ਤਰ ’ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਹੁਕਮਰਾਨ ਭਾਜਪਾ ਅਤੇ ਚੋਣ ਕਮਿਸ਼ਨ ਖ਼ਿਲਾਫ਼ ‘ਵੋਟ ਚੋਰੀ’ ਦੇ ਲਾਏ ਗਏ ਦੋਸ਼ਾਂ ਨੂੰ ਝੂਠ ਕਰਾਰ ਦਿੱਤਾ ਅਤੇ ਕਿਹਾ ਕਿ ਕਾਂਗਰਸ ਕੋਲ ਕੋਈ ਹੋਰ ਮੁੱਦਾ ਨਹੀਂ ਹੈ ਜਿਸ ਕਾਰਨ ਉਹ ਅਜਿਹੇ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਵਿਰੋਧੀ ਧਿਰਾਂ ਸੋਚੀ-ਸਮਝੀ ਸਾਜ਼ਿਸ਼ ਤਹਿਤ ਦੇਸ਼ ’ਚ ਬਦਅਮਨੀ ਫੈਲਾਉਣਾ ਚਾਹੁੰਦੀਆਂ ਹਨ। ਪ੍ਰਧਾਨ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰਾਂ ਬਿਹਾਰ ’ਚ ਵੋਟਰ ਸੂਚੀਆਂ ਦੀ ਸੁਧਾਈ ਅਤੇ ਚੋਣ ਅਮਲ ’ਤੇ ਸਵਾਲ ਖੜ੍ਹੇ ਕਰਕੇ ਚੋਣ ਕਮਿਸ਼ਨ ਖ਼ਿਲਾਫ਼ ਬੇਬੁਨਿਆਦ ਦੋਸ਼ ਲਾ ਰਹੀਆਂ ਹਨ ਕਿਉਂਕਿ ਉਹ ਦੇਸ਼ ’ਚ ਘੁਸਪੈਠੀਆਂ ਅਤੇ ਵਿਦੇਸ਼ੀਆਂ ਨੂੰ ਵੋਟਰ ਬਣਾਉਣਾ ਚਾਹੁੰਦੀਆਂ ਹਨ। ਪ੍ਰਧਾਨ ਨੇ ਰਾਹੁਲ ਗਾਂਧੀ ਵੱਲੋਂ ਚੋਣ ਕਮਿਸ਼ਨ ਨੂੰ ਹਲਫ਼ਨਾਮਾ ਨਾ ਦੇਣ ਲਈ ਉਨ੍ਹਾਂ ਨੂੰ ਘੇਰਦਿਆਂ ਕਿਹਾ ਕਿ ਇਹ ਅਰਾਜਕ ਅਨਸਰਾਂ ਦੀ ‘ਬੋਲ ਕੇ ਭੱਜਣ ਦੀ ਥਿਊਰੀ’ ਹੈ ਅਤੇ ਕਾਂਗਰਸੀ ਆਗੂ ਦੀ ਇਹ ਮਾਨਸਿਕਤਾ ਲੋਕਤੰਤਰ ਲਈ ਚਿੰਤਾਜਨਕ ਹੈ। ਇਕ ਹੋਰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਰਾਹੁਲ ਗਾਂਧੀ ’ਤੇ ਰਾਸ਼ਟਰ ਵਿਰੋਧੀ ਤਾਕਤਾਂ ਦੇ ਦਬਾਅ ਹੇਠ ਹੋਣ ਦਾ ਦੋਸ਼ ਲਾਇਆ। -ਪੀਟੀਆਈ

ਖੜਗੇ ਦੇ ਰਾਤਰੀ ਭੋਜ ’ਚ ਪੁੱਜੇ ਵਿਰੋਧੀ ਧਿਰਾਂ ਦੇ ਆਗੂ

ਨਵੀਂ ਦਿੱਲੀ (ਉਬੇਰ ਨਕਸ਼ਬੰਦੀ): ਬਿਹਾਰ ’ਚ ਵੋਟਰ ਸੂਚੀ ਦੀ ਵਿਸ਼ੇਸ਼ ਮੁੜ ਸੁਧਾਈ (ਐੱਸਆਈਆਰ) ਅਤੇ ਕਥਿਤ ਵੋਟ ਚੋਰੀ ਦੇ ਮੁੱਦੇ ’ਤੇ ਜਾਰੀ ‘ਇੰਡੀਆ’ ਗੱਠਜੋੜ ਦੇ ਸੰਘਰਸ਼ ਦੌਰਾਨ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਤੇ ਕਾਂਗਰਸ ਮੁੜ ਇਕਜੁੱਟ ਹੋ ਗਈਆਂ ਹਨ ਕਿਉਂਕਿ ਅੱਜ ਕਾਂਗਰਸ ਆਗੂ ਮਲਿਕਾਰਜੁਨ ਖੜਗੇ ਵੱਲੋਂ ਰੱਖੇ ਗਏ ਰਾਤਰੀ ਭੋਜ ’ਚ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਵੀ ਸ਼ਾਮਲ ਹੋਏ। ਕਾਂਗਰਸ ਤੋਂ ਖਫ਼ਾ ਚੱਲ ਰਹੇ ਸੀਨੀਅਰ ਆਗੂ ਸ਼ਸ਼ੀ ਥਰੂਰ ਵੀ ਕਾਂਗਰਸ ਦੇ ਨੇੜੇ ਆ ਗਏ ਹਨ ਕਿਉਂਕਿ ਕੌਮੀ ਰਾਜਧਾਨੀ ਦੇ ਤਾਜ ਪੈਲੇਸ ਹੋਟਲ ’ਚ ਰੱਖੇ ਗਏ ਰਾਤਰੀ ਭੋਜ ’ਚ ਉਹ ਵੀ ਸ਼ਾਮਲ ਹੋਏ।

ਇਸ ਸਮਾਗਮ ’ਚ ‘ਆਪ’ ਦੀ ਮੌਜੂਦਗੀ ਇਸ ਲਈ ਅਹਿਮ ਹੈ ਕਿਉਂਕਿ ‘ਆਪ’ ਨੇ ਕਾਂਗਰਸ ਨਾਲ ਮਤਭੇਦਾਂ ਕਾਰਨ ‘ਇੰਡੀਆ’ ਗੱਠਜੋੜ ’ਚ ਸ਼ਾਮਲ ਹੋਣ ਤੋਂ ਪਾਸਾ ਵੱਟ ਲਿਆ ਸੀ ਹਾਲਾਂਕਿ ਐੱਸਆਈਅਰ ਅਤੇ ‘ਵੋਟ ਚੋਰੀ’ ਦੇ ਮੁੱਦੇ ’ਤੇ ਕੇਜਰੀਵਾਲ ਦੀ ਅਗਵਾਈ ਹੇਠਲੀ ਪਾਰਟੀ ‘ਇੰਡੀਆ’ ਗੱਠਜੋੜ ਦੇ ਨਾਲ ਇਕਸੁਰ ਜਾਪਦੀ ਹੈ। ਇਸ ਤੋਂ ਇਲਾਵਾ ਪਾਰਟੀ ਦੇ ਸਮਾਗਮ ਵਿੱਚ ਥਰੂਰ ਦੀ ਮੌਜੂਦਗੀ ਵੀ ਮਹੱਤਵਪੂਰਨ ਹੈ। ਤਿਰੂਵਨੰਤਪੁਰਮ ਤੋਂ ਸੰਸਦ ਮੈਂਬਰ ਮੁੜ ਕਾਂਗਰਸ ਦੀ ਲੀਹ ’ਤੇ ਚੱਲ ਰਹੇ ਹਨ। ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਥਰੂਰ ਨੇ ਭਾਰਤ-ਪਾਕਿ ਸੰਘਰਸ਼ ਅਤੇ ਕੂਟਨੀਤਕ ਪਹੁੰਚ ’ਤੇ ਟਿੱਪਣੀਆਂ ਕੀਤੀਆਂ ਸਨ ਜੋ ਕਾਂਗਰਸ ਦੇ ਸਟੈਂਡ ਤੋਂ ਵੱਖਰੀਆਂ ਸਨ।

ਇਸ ਰਾਤਰੀ ਭੋਜ ਵਿੱਚ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ, ਐੱਨਸੀਪੀ (ਐਸਪੀ) ਮੁਖੀ ਸ਼ਰਦ ਪਵਾਰ ਅਤੇ ਸੰਸਦ ਮੈਂਬਰ ਸੁਪ੍ਰਿਆ ਸੂਲੇ, ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਜਯਾ ਬੱਚਨ ਅਤੇ ਆਰਜੇਡੀ ਦੀ ਸੰਸਦ ਮੈਂਬਰ ਮੀਸਾ ਭਾਰਤੀ, ਐੱਸਪੀ ਦੀ ਸੰਸਦ ਮੈਂਬਰ ਡਿੰਪਲ ਯਾਦਵ, ਆਈਯੂਐੱਮਐੱਲ ਦੇ ਸੰਸਦ ਮੈਂਬਰ ਈਟੀ ਮੁਹੰਮਦ ਬਸ਼ੀਰ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਬਿਹਾਰ ’ਚ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ (ਐੱਸਆਈਆਰ) ਅਤੇ 2024 ਦੀਆਂ ਲੋਕ ਸਭਾ ਚੋਣਾਂ ’ਚ ‘ਵੋਟ ਘੁਟਾਲੇ’ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਨੂੰ ਘੇਰਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਰਿਹਾਇਸ਼ ’ਤੇ ਰੱਖੇ ਗਏ ਰਾਤਰੀ ਭੋਜ ’ਤੇ ਜੁੜੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੇ ਇਕਜੁੱਟਤਾ ਜ਼ਾਹਿਰ ਕੀਤੀ ਸੀ। ਇਸ ਮੌਕੇ ਸਿਰਫ਼ ਆਮ ਆਦਮੀ ਪਾਰਟੀ ਗ਼ੈਰਹਾਜ਼ਰ ਰਹੀ ਸੀ ਕਿਉਂਕਿ ਉਸ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਇਸ ਮੌਕੇ ਵਿਰੋਧੀ ਪਾਰਟੀਆਂ ਨੇ ਬਿਹਾਰ ’ਚ ਐੱਸਆਈਅਰ ਦੇ ਵਿਰੋਧ ਦਾ ਫ਼ੈਸਲਾ ਕੀਤਾ ਸੀ।

Advertisement