ਜ਼ੂਬਿਨ ਗਰਗ ਦੇ ਮੈਨੇਜਰ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ
ਮਰਹੂਮ ਗਾਇਕ ਜ਼ੂਬਿਨ ਗਰਗ ਦੇ ਮੈਨੇਜਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਲੋਕਾਂ ਦੇ ਸਮੂਹ ਨੇ ਅੱਜ ਪੁਲੀਸ ਦੀਆਂ ਗੱਡੀਆਂ ’ਤੇ ਪਥਰਾਅ ਕੀਤਾ ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਉਨ੍ਹਾਂ ’ਤੇ ਲਾਠੀਚਾਰਜ ਕਰਨਾ ਪਿਆ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।
ਇੱਕ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਕਰਮੀ ਗਾਇਕ ਦੀ ਮੌਤ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਮੈਨੇਜਰ ਸਿਧਾਰਥ ਸ਼ਰਮਾ ਦੇ ਘਰ ਲਿਜਾ ਰਹੇ ਸਨ। ਇਸ ਦੌਰਾਨ ਰੋਸ ਮੁਜ਼ਾਹਰਾ ਕਰ ਰਹੇ ਲੋਕਾਂ ਨੇ ਮੈਨੇਜਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਕਿਉਂਕਿ ਉਸ ਨੂੰ ਜ਼ੂਬਿਨ ਗਰਗ ਦੀ ਮੌਤ ਲਈ ਕਥਿਤ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਅਪਾਰਟਮੈਂਟ ਕੰਪਲੈਕਸ ਦਾ ਮੁੱਖ ਗੇਟ ਜਬਰੀ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਭਾਰੀ ਪੁਲੀਸ ਫੋਰਸ ਕਾਰਨ ਉਹ ਅਜਿਹਾ ਕਰਨ ਵਿੱਚ ਨਾਕਾਮ ਰਹੇ। ਸਿੱਟ ਜਿਵੇਂ ਹੀ ਕੰਪਲੈਕਸ ਤੋਂ ਬਾਹਰ ਨਿਕਲੀ ਤਾਂ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਦੀਆਂ ਗੱਡੀਆਂ ’ਤੇ ਪਥਰਾਅ ਕਰਕੇ ਉਨ੍ਹਾਂ ਨੂੰ ਬਾਹਰ ਜਾਣ ਤੋਂ ਰੋਕਿਆ। ਕੁਝ ਲੋਕਾਂ ਨੇ ਗੇਟ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ’ਤੇ ਵੀ ਹਮਲਾ ਕਰ ਦਿੱਤਾ। ਇਸ ਮਗਰੋਂ ਪੁਲੀਸ ਨੇ ਭੀੜ ਨੂੰ ਖਿੰਡਾਉਣ ਲਈ ਹਲਕਾ ਲਾਠੀਚਾਰਜ ਕੀਤਾ। ਇੱਕ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਭੀੜ ਵਿੱਚੋਂ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ’ਤੇ ਇਲਾਕੇ ਵਿੱਚ ਅਸ਼ਾਂਤੀ ਫੈਲਾਉਣ ਲਈ ਲੋਕਾਂ ਨੂੰ ਭੜਕਾਉਣ ਦਾ ਦੋਸ਼ ਹੈ।