ਪੰਜਾਬ ਮੰਤਰੀ ਮੰਡਲ: ਕਾਰੋਬਾਰੀਆਂ ਲਈ ਕਈ ਫ਼ੈਸਲਿਆਂ ’ਤੇ ਮੋਹਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਦੇਣ ਲਈ ਵੱਖ-ਵੱਖ ਫ਼ੈਸਲਿਆਂ ’ਤੇ ਮੋਹਰ ਲਗਾਈ ਗਈ ਹੈ। ਮੰਤਰੀ ਮੰਡਲ ਨੇ ਸਨਅਤਾਂ ਤੇ ਕਾਰੋਬਾਰੀਆਂ ਦੇ ਜੀ ਐੱਸ ਟੀ ਤੋਂ ਪਹਿਲਾਂ ਦੇ ਵੱਖ-ਵੱਖ ਕਾਨੂੰਨਾਂ ਤਹਿਤ ਕਰ ਬਕਾਏ ਦੇ ਨਿਪਟਾਰੇ ਅਤੇ ਡਿਫਾਲਟਰ ਸ਼ੈਲਰਾਂ ਨੂੰ ਮੁੜ ਕਾਰਜਸ਼ੀਲ ਕਰਨ ਲਈ ਯਕਮੁਸ਼ਤ ਸੈਟਲਮੈਂਟ ਸਕੀਮ ਨੂੰ ਲਿਆਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ ਬਿੱਲ) 2025 ਵਿੱਚ ਸੋਧ ਕਰਨ ਦੀ ਵੀ ਸਹਿਮਤੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਪੇਂਡੂ ਵਿਭਾਗ ਦੀਆਂ ਪਗਡੰਡੀਆਂ ਅਤੇ ਖਾਲਿਆਂ ’ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਤੋਂ ਵਸੂਲੀ ਲਈ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਮੇਟੀ ਬਣਾਈ ਜਾਵੇਗੀ ਜੋ ਜ਼ਮੀਨ ਦੀ ਕੀਮਤ ਤੈਅ ਕਰੇਗੀ। ਇਸ ਵਿੱਚੋਂ 50 ਫ਼ੀਸਦ ਰਕਮ ਪੰਚਾਇਤੀ ਵਿਕਾਸ ਵਿਭਾਗ ਨੂੰ ਦਿੱਤੀ ਜਾਵੇਗੀ ਅਤੇ ਬਾਕੀ ਦਾ ਪੈਸਾ ਸਰਕਾਰ ਦੇ ਖਜ਼ਾਨੇ ਵਿੱਚ ਜਾਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ 2025 (ਓ ਟੀ ਐੱਸ) ਲਿਆਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੌਰਾਨ ਪੰਜਾਬ ਜਨਰਲ ਸੇਲਜ਼ ਟੈਕਸ ਐਕਟ-1948, ਸੈਂਟਰਲ ਸੇਲਜ਼ ਟੈਕਸ ਐਕਟ-1956, ਪੰਜਾਬ ਇੰਫਰਾਸਟ੍ਰੱਕਚਰ ਡਿਵੈਲਪਮੈਂਟ ਐਂਡ ਰੈਗੂਲੇਸ਼ਨ ਐਕਟ-2002 ਅਤੇ ਪੰਜਾਬ ਵੈਟ ਐਕਟ-2005, ਪੰਜਾਬ ਐਂਟਰਟੇਨਮੈਂਟ ਡਿਊਟੀ ਐਕਟ-1955 ਅਤੇ ਪੰਜਾਬ ਐਂਟਰਟੇਨਮੈਂਟ ਟੈਕਸ ਸਿਨੇਮੈਟੋਗ੍ਰਾਫੀ ਸ਼ੋਅਜ਼ ਐਕਟ-1954 ਤਹਿਤ ਕਰ ਬਕਾਏ ਦੀ ਰਿਕਵਰੀ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਇਕ ਕਰੋੜ ਰੁਪਏ ਤੱਕ ਦੇ ਬਕਾਏ ਲਈ ਕਰਦਾਤਿਆਂ ਨੂੰ ਵਿਆਜ ਅਤੇ ਜੁਰਮਾਨੇ ’ਤੇ 100 ਫ਼ੀਸਦ ਛੋਟ ਮਿਲੇਗੀ ਅਤੇ ਟੈਕਸ ਰਕਮ ’ਤੇ ਵੀ 50 ਫ਼ੀਸਦ ਦੀ ਛੋਟ ਮਿਲੇਗੀ। ਇਕ ਕਰੋੜ ਰੁਪਏ ਤੋਂ 25 ਕਰੋੜ ਰੁਪਏ ਤੱਕ ਦੇ ਬਕਾਏ ਲਈ ਵਿਆਜ ਅਤੇ ਜੁਰਮਾਨੇ ’ਤੇ 100 ਫ਼ੀਸਦ ਛੋਟ ਅਤੇ ਟੈਕਸ ਰਕਮ ’ਤੇ 25 ਫ਼ੀਸਦ ਛੋਟ ਹੋਵੇਗੀ। ਇਸ ਤੋਂ ਇਲਾਵਾ 25 ਕਰੋੜ ਰੁਪਏ ਤੋਂ ਵੱਧ ਬਕਾਏ ਵਾਲੇ ਮਾਮਲਿਆਂ ਵਿੱਚ ਟੈਕਸ ਰਕਮ ’ਤੇ 10 ਫ਼ੀਸਦ ਛੋਟ ਦੇ ਨਾਲ ਵਿਆਜ ਅਤੇ ਜੁਰਮਾਨੇ ’ਤੇ 100 ਫ਼ੀਸਦ ਦੀ ਛੋਟ ਦਿੱਤੀ ਜਾਵੇਗੀ। ਇਸ ਨਾਲ 20039 ਮਾਮਲਿਆਂ ਵਿੱਚ 11968 ਕਰੋੜ ਰੁਪਏ ਦੇ ਬਕਾਏ ਦੀ ਰਿਕਵਰੀ ਕੀਤੀ ਜਾ ਸਕੇਗੀ। ਇਹ ਸਕੀਮ ਪਹਿਲੀ ਅਕਤੂਬਰ ਤੋਂ 31 ਦਸੰਬਰ ਤੱਕ ਲਾਗੂ ਰਹੇਗੀ। ਪਹਿਲੀ ਜਨਵਰੀ, 2026 ਤੋਂ ਬਾਅਦ ਉਨ੍ਹਾਂ ਲੋਕਾਂ ਲਈ ਰਿਕਵਰੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ ਜੋ ਇਸ ਸਕੀਮ ਦੀ ਚੋਣ ਕਰਨ ਵਿੱਚ ਅਸਫ਼ਲ ਰਹਿੰਦੇ ਹਨ। ਡਿਫਾਲਟਰ ਸ਼ੈਲਰਾਂ ਨੂੰ ਮੁੜ ਕਾਰਜਸ਼ੀਲ ਕਰਨ ਲਈ ਵਨ ਟਾਈਮ ਸੈਟਲਮੈਂਟ ਸਕੀਮ (ਓ ਟੀ ਐੱਸ) 2025 ਲਿਆਉਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਹਰੇਕ ਸ਼ੈਲਰ ਮਾਲਕ ਨੂੰ ਮਿਲਿੰਗ ਦਾ ਸਮਾਂ ਪੂਰਾ ਹੋਣ ਮਗਰੋਂ ਹਰੇਕ ਸੂਬਾਈ ਖ਼ਰੀਦ ਏਜੰਸੀ ਨਾਲ ਆਪਣਾ ਖ਼ਾਤਾ ਕਲੀਅਰ ਕਰਨਾ ਹੁੰਦਾ ਹੈ ਤਾਂ ਜੋ ਉਸ ਮਿੱਲ ਮਾਲਕ ਨੂੰ ਅਗਲੇ ਸਾਲ ਲਈ ਕਸਟਮ ਮਿਲਿੰਗ ਲਈ ਝੋਨੇ ਦੀ ਅਲਾਟਮੈਂਟ ਵਾਸਤੇ ਵਿਚਾਰਿਆ ਜਾ ਸਕੇ। ਪੰਜਾਬ ਵਿੱਚ 1688 ਸ਼ੈਲਰ ਡਿਫਾਲਟਰ ਚੱਲ ਰਹੇ ਹਨ, ਜਿਨ੍ਹਾਂ ਨੇ ਆਪਣੇ ਬਕਾਏ ਜਮ੍ਹਾਂ ਨਹੀਂ ਕਰਵਾਏ। ਵਿਭਾਗ ਨੇ ਇਨ੍ਹਾਂ ਸ਼ੈਲਰਾਂ ਨੂੰ ਡਿਫਾਲਟਰ ਐਲਾਨ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਓ ਟੀ ਐੱਸ ਸਕੀਮ ਤਹਿਤ ਡਿਫਾਲਟਰ ਸ਼ੈਲਰ ਮਾਲਕ ਆਪਣਾ ਭੁਗਤਾਨ ਕਰਕੇ ਮੁੜ ਕੰਮ ਸ਼ੁਰੂ ਕਰ ਸਕਣਗੇ। ਮੰਤਰੀ ਮੰਡਲ ਨੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ-1995 ਦੀ ਧਾਰਾ 5(1), 5(3)(2) ਅਤੇ ਧਾਰਾ 5(8) ਵਿੱਚ ਸੋਧ ਕਰਨ ਦੀ ਵੀ ਸਹਿਮਤੀ ਦੇ ਦਿੱਤੀ ਹੈ। ਇਸ ਨਾਲ ਕਲੋਨੀਆਂ ਤੇ ਖੇਤਰਾਂ ਦਾ ਵਿਕਾਸ ਸਹੀ ਅਤੇ ਯੋਜਨਾਬੱਧ ਢੰਗ ਨਾਲ ਯਕੀਨੀ ਬਣਾਇਆ ਜਾ ਸਕੇਗਾ।
ਐੱਨ ਆਈ ਏ ਦੇ ਕੇਸਾਂ ਦੇ ਨਿਪਟਾਰੇ ਲਈ ਮੁਹਾਲੀ ’ਚ ਬਣੇਗੀ ਵਿਸ਼ੇਸ਼ ਅਦਾਲਤ
ਪੰਜਾਬ ਮੰਤਰੀ ਮੰਡਲ ਨੇ ਐੱਨ ਆਈ ਏ ਦੇ ਕੇਸਾਂ ਦਾ ਜਲਦੀ ਨਿਪਟਾਰਾ ਕਰਨ ਲਈ ਮੁਹਾਲੀ ’ਚ ਵਿਸ਼ੇਸ਼ ਅਦਾਲਤ ਬਣਾਉਣ ਲਈ ਸਹਿਮਤੀ ਦੇ ਦਿੱਤੀ ਹੈ। ਐੱਨ ਆਈ ਏ ਅਦਾਲਤ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੱਧਰ ਦੀ ਇਕ ਅਸਾਮੀ ਮੁਹਾਲੀ ਵਿਖੇ ਕਾਇਮ ਕੀਤੀ ਜਾਵੇਗੀ। ਇਸ ਅਦਾਲਤ ਨੂੰ ਈ ਡੀ, ਸੀ ਬੀ ਆਈ ਅਤੇ ਹੋਰ ਵਿਸ਼ੇਸ਼ ਮਾਮਲਿਆਂ ਦੀ ਸੁਣਵਾਈ ਕਰਨ ਦਾ ਵੀ ਅਧਿਕਾਰ ਹੋਵੇਗਾ।
ਧਰਮਸੋਤ ਵਿਰੁੱਧ ਮੁਕੱਦਮਾ ਚਲਾਉਣ ਦੀ ਸਿਫ਼ਾਰਸ਼
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ। ਇਹ ਕੇਸ ਵਿਜਲੈਂਸ ਬਿਊਰੋ ਵੱਲੋਂ ਜੂਨ 2022 ਵਿੱਚ ਦਰਜ ਕੀਤਾ ਗਿਆ ਸੀ। ਮੰਤਰੀ ਮੰਡਲ ਨੇ ਅੱਜ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਦੀ ਪ੍ਰਵਾਨਗੀ ਲਈ ਰਾਜਪਾਲ ਨੂੰ ਸਿਫਾਰਸ਼ ਕਰ ਦਿੱਤੀ ਹੈ।
ਮੁੱਖ ਮੰਤਰੀ ਸਿਹਤ ਯੋਜਨਾ’ ਲਈ ਢਾਈ ਮਹੀਨੇ ਕਰਨਾ ਪਵੇਗਾ ਇੰਤਜ਼ਾਰ
ਚੰਡੀਗੜ੍ਹ (ਆਤਿਸ਼ ਗੁਪਤਾ): ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 2 ਅਕਤੂਬਰ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਸਾਲਾਨਾ ਪ੍ਰਤੀ ਪਰਿਵਾਰ ਮੁਫ਼ਤ ਇਲਾਜ ਦੇਣ ਦਾ ਐਲਾਨ ਕੀਤਾ ਹੈ ਪਰ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਲਈ ਢਾਈ ਤੋਂ ਤਿੰਨ ਮਹੀਨੇ ਤੱਕ ਇੰਤਜ਼ਾਰ ਕਰਨਾ ਪਵੇਗਾ। ਹਾਲਾਂਕਿ ਸੂਬਾ ਸਰਕਾਰ ਨੇ ਇਸ ਯੋਜਨਾ ਤਹਿਤ ਪਾਇਲਟ ਪ੍ਰਾਜੈਕਟ ਵਜੋਂ ਤਰਨ ਤਾਰਨ ਤੇ ਬਰਨਾਲਾ ਵਿੱਚ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਹੈ ਪਰ ਇਸ ਦਾ ਲਾਭ ਲੋਕਾਂ ਨੂੰ ਦਸੰਬਰ ਦੇ ਪਹਿਲੇ ਹਫ਼ਤੇ ਮਿਲਣ ਦੀ ਸੰਭਾਵਨਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ’ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਛੇਤੀ ਹੀ ਰਜਿਸਟਰੇਸ਼ਨ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਲੇ ਇਕ ਹਫ਼ਤੇ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਇੰਸ਼ੋਰੈਂਸ ਲਈ ਟੈਂਡਰ ਜਾਰੀ ਕਰ ਦਿੱਤੇ ਜਾਣਗੇ। ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਦਸੰਬਰ ਮਹੀਨੇ ਤੱਕ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲਣਾ ਸ਼ੁਰੂ ਹੋ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ 2300 ਤੋਂ ਵੱਧ ਬਿਮਾਰੀਆਂ ਦੇ ਇਲਾਜ, ਅਪਰੇਸ਼ਨ ਅਤੇ ਸਰਜਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ 500 ਤੋਂ ਵੱਧ ਨਿੱਜੀ ਹਸਪਤਾਲਾਂ ਨੂੰ ਵੀ ਯੋਜਨਾ ਤਹਿਤ ਸੂਚੀਬੱਧ ਕਰਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੰਜਾਬ ਦੇ ਲੋਕਾਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਲੈ ਕੇ ਚਰਚਾਵਾਂ ਦਾ ਦੌਰ ਲਗਾਤਾਰ ਚੱਲ ਰਿਹਾ ਹੈ। ਹੁਣ ਲੋਕਾਂ ਨੂੰ ਦਸੰਬਰ ਤੱਕ ਇਸ ਯੋਜਨਾ ਦਾ ਲਾਭ ਲੈਣ ਲਈ ਇੰਤਜ਼ਾਰ ਕਰਨਾ ਪਵੇਗਾ। ਗੌਰਤਲਬ ਹੈ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਨ ਦੇ ਦਾਅਵੇ ਕੀਤੇ ਗਏ ਸਨ।