ਪੰਜਾਬ ਹੜ੍ਹ: ਅੰਮ੍ਰਿਤਸਰ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇ ਰਾਹੁਲ ਗਾਂਧੀ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਕੁਦਰਤ ਦੇ ਕਹਿਰ ਤੋਂ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਹੋਰ ਪਾਰਟੀ ਆਗੂ ਵੀ ਸਨ।
ਅੰਮ੍ਰਿਤਸਰ ਪਹੁੰਚਣ ਤੋਂ ਬਾਅਦ, ਉਹ ਅੰਮ੍ਰਿਤਸਰ ਦੇ ਅਜਨਾਲਾ ਦੇ ਘੋਨੇਵਾਲ ਪਿੰਡ ਗਏ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਤੋਂ ਨੁਕਸਾਨ ਬਾਰੇ ਜਾਣਿਆ। ਅਜਨਾਲਾ ਦੇ ਕਈ ਇਲਾਕਿਆਂ ਵਿੱਚ ਘੋਨੇਵਾਲ ਪਿੰਡ ਵੀ ਸ਼ਾਮਲ ਸੀ ਜੋ ਹੜ੍ਹ ਦੇ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਸੀ। ਗਾਂਧੀ ਕੁਝ ਹੜ੍ਹ ਪ੍ਰਭਾਵਿਤ ਲੋਕਾਂ ਵਿੱਚ ਬੈਠ ਗਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਘੋਨੇਵਾਲ ਪਿੰਡ ਦੇ ਦੌਰਾ ਮਗਰੋਂ ਰਾਹੁਲ ਗਾਂਧੀ ਦਾ ਅੰਮ੍ਰਿਤਸਰ ਦੇ ਰਮਦਾਸ ਖੇਤਰ ਵਿੱਚ ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਦਾ ਪ੍ਰੋਗਰਾਮ ਹੈ। ਸਾਬਕਾ ਕਾਂਗਰਸ ਪ੍ਰਧਾਨ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕਰਨ ਵਾਲੇ ਹਨ।
ਇਸ ਤੋਂ ਪਹਿਲਾਂ ਅੱਜ ਸਵੇਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਇਥੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ। ਉਨ੍ਹਾਂ ਦਾ ਇੱਥੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਾਰਟੀ ਆਗੂਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਾਂਗਰਸੀ ਆਗੂਆਂ ਨੇ ਸਵਾਗਤ ਕੀਤਾ। ਰਾਹੁਲ ਗਾਂਧੀ ਇਨ੍ਹਾਂ ਸਾਰੇ ਆਗੂਆਂ ਨੂੰ ਮਿਲੇ ਅਤੇ ਮੁੜ ਰਮਦਾਸ ਵਾਸਤੇ ਰਵਾਨਾ ਹੋ ਗਏ ਹਨ। ਰਾਹੁਲ ਗਾਂਧੀ ਰਮਦਾਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਪ੍ਰਭਾਵਿਤ ਲੋਕਾਂ ਨੂੰ ਵੀ ਮਿਲਣਗੇ ।
ਪੰਜਾਬ ਨੂੰ ਐਤਕੀਂ ਦਹਾਕਿਆਂ ਵਿੱਚ ਆਪਣੀ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿਚੋਂ ਇਕ ਦਾ ਸਾਹਮਣਾ ਕਰਨਾ ਪਿਆ ਹੈ। ਹੜ੍ਹਾਂ ਨੇ ਪੰਜਾਬ ਵਿੱਚ ਕਾਫ਼ੀ ਨੁਕਸਾਨ ਕੀਤਾ ਹੈ। ਅਧਿਕਾਰਤ ਰਿਪੋਰਟਾਂ ਅਨੁਸਾਰ, 1.98 ਲੱਖ ਹੈਕਟੇਅਰ ਤੋਂ ਵੱਧ ਫਸਲੀ ਜ਼ਮੀਨ ਪ੍ਰਭਾਵਿਤ ਹੋਈ ਹੈ। ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ (40,169 ਹੈਕਟੇਅਰ), ਪਟਿਆਲਾ (17,690 ਹੈਕਟੇਅਰ), ਤਰਨ ਤਾਰਨ (12,828 ਹੈਕਟੇਅਰ), ਫਾਜ਼ਿਲਕਾ (25,182 ਹੈਕਟੇਅਰ), ਫਿਰੋਜ਼ਪੁਰ (17,257 ਹੈਕਟੇਅਰ) ਅਤੇ ਕਪੂਰਥਲਾ (17,574 ਹੈਕਟੇਅਰ) ਸ਼ਾਮਲ ਹਨ। ਹੜ੍ਹਾਂ ਕਰਕੇ ਮਰਨ ਵਾਲਿਆਂ ਦੀ ਗਿਣਤੀ 56 ਤੱਕ ਪਹੁੰਚ ਗਈ ਹੈ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੜ੍ਹਾਂ ਨੂੰ ‘ਮਨੁੱਖ ਵੱਲੋਂ ਸਹੇੜੀ ਆਫ਼ਤ’ ਕਿਹਾ ਸੀ ਅਤੇ ਰਾਜ ਤੇ ਕੇਂਦਰ ਸਰਕਾਰਾਂ ਦੋਵਾਂ ’ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਸੀ।