ਸਕੂਲ ਸਿੱਖਿਆ ਸੁਧਾਰਾਂ ’ਚ Punjab ਅੱਵਲ
ਕੇਰਲਾ ਨੂੰ ਪਛਾਡ਼ ਕੇ ਦਰਜਾ ਹਾਸਲ ਕੀਤਾ; ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ ਪੇਸ਼
ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਕੇਰਲਾ ਨੂੰ ਪਛਾੜ ਕੇ ਦੇਸ਼ ਭਰ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ ਵਿੱਚ ਇਸ ਦਾ ਖ਼ੁਲਾਸਾ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਨੇ ਤੀਜੀ ਜਮਾਤ ਵਿੱਚ ਭਾਸ਼ਾ ’ਚ 82 ਫ਼ੀਸਦ ਅਤੇ ਗਣਿਤ ਵਿੱਚ 78 ਫ਼ੀਸਦ ਅੰਕ ਹਾਸਲ ਕੀਤੇ, ਜੋ ਕੇਰਲਾ ਦੇ ਕ੍ਰਮਵਾਰ 75 ਅਤੇ 70 ਫ਼ੀਸਦ ਅੰਕਾਂ ਤੋਂ ਵੱਧ ਹਨ। ਨੌਵੀਂ ਜਮਾਤ ਦੇ ਗਣਿਤ ਵਿੱਚ ਪੰਜਾਬ ਨੇ 52 ਫ਼ੀਸਦ ਅੰਕ ਲਏ ਜੋ ਕੇਰਲਾ ਦੇ 45 ਫ਼ੀਸਦ ਨਾਲੋਂ ਵੱਧ ਹਨ। ਨੀਤੀ ਆਯੋਗ ਦੀ ਰਿਪੋਰਟ ਅਨੁਸਾਰ ਪੰਜਾਬ ਦੇ 99.9 ਫ਼ੀਸਦ ਸਰਕਾਰੀ ਸਕੂਲਾਂ ਵਿੱਚ ਬਿਜਲੀ ਉਪਲਬਧ ਹੈ, 99 ਫ਼ੀਸਦ ਸਕੂਲਾਂ ਵਿੱਚ ਚਾਲੂ ਹਾਲਤ ਵਾਲੇ ਕੰਪਿਊਟਰ ਹਨ ਅਤੇ 80 ਫ਼ੀਸਦ ਤੋਂ ਵੱਧ ਸਕੂਲ ਸਮਾਰਟ ਕਲਾਸਰੂਮਾਂ ਨਾਲ ਲੈਸ ਹਨ। ਇਸ ਤੋਂ ਇਲਾਵਾ ਦਸਵੀਂ ਜਮਾਤ ਦੇ 90 ਫ਼ੀਸਦ ਤੋਂ ਵੱਧ ਵਿਦਿਆਰਥੀ ਹੁਣ ਗਿਆਰ੍ਹਵੀਂ ਜਮਾਤ ਵਿੱਚ ਦਾਖ਼ਲਾ ਲੈ ਰਹੇ ਹਨ। ਇਸ ਨਾਲ ਵਿਦਿਆਰਥੀਆਂ ਦੇ ਸਕੂਲ ਛੱਡਣ ਦੀ ਦਰ ਵਿੱਚ ਗਿਰਾਵਟ ਆਈ ਹੈ ਅਤੇ ਸਕੂਲਾਂ ਵਿੱਚ ਵਿਦਿਆਰਥੀ-ਅਧਿਆਪਕ ਅਨੁਪਾਤ 22:1 ਹੋ ਗਿਆ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੋਵਿਡ ਮਹਾਮਾਰੀ ਤੋਂ ਬਾਅਦ ਮਿਸ਼ਨ ਸਮਰੱਥ ਤੇ ਸਕੂਲ ਆਫ ਐਮੀਨੈਂਸ ਪ੍ਰੋਗਰਾਮ ਰਾਹੀਂ ਕੀਤੇ ਗਏ ਸੁਧਾਰਾਂ ਕਰ ਕੇ ਇਹ ਠੋਸ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ ਰਿਪੋਰਟ ਵਿੱਚ ਸਿੱਖਿਆ ਖੇਤਰ ਵਿੱਚ ਸ਼ਹਿਰੀ-ਪੇਂਡੂ ਖੇਤਰ ਦੇ ਪਾੜੇ ਨੂੰ ਪੂਰਨ ਅਤੇ ਪਿੰਡ ਦੇ ਵਿਦਿਆਰਥੀਆਂ ਅਤੇ ਕੁੜੀਆਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਪੰਜਾਬ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ ਹੈ। ਪੰਜਾਬ ਸਰਕਾਰ ਨੇ 13 ਹਜ਼ਾਰਾਂ ਅਧਿਆਪਕਾਂ ਤੇ ਹੋਰ ਸਟਾਫ਼ ਦੀ ਭਰਤੀ ਕੀਤੀ ਹੈ ਅਤੇ 3 ਲੱਖ ਵਿਦਿਆਰਥੀਆਂ ਲਈ ‘ਇੰਗਲਿਸ਼ ਐੱਜ’ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ 118 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਹੋਰ ਮਿਸਾਲੀ ਸੁਧਾਰ ਕਰੇਗੀ।
ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ: ਭਗਵੰਤ ਮਾਨ
ਚੰਡੀਗੜ੍ਹ (ਟਨਸ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਕੰਮ ਕੀਤੇ ਹਨ। ਇਸੇ ਲਈ ‘ਸਿੱਖਿਆ ਕ੍ਰਾਂਤੀ ਰੰਗ ਲਿਆਈ ਹੈ ਅਤੇ ਪੰਜਾਬ ਸਿੱਖਿਆ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ, ਸਿਸਟਮ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮਾਂ ਦੀ ਸ਼ੁਰੂਆਤ ਕੀਤੀ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਹੌਲੀ ਹੌਲੀ ਪਰ ਯਕੀਨੀ ਤੌਰ ’ਤੇ ਪੰਜਾਬ ਹਰ ਖੇਤਰ ਵਿੱਚ ਨੰਬਰ ਇੱਕ ਸੂਬਾ ਬਣ ਜਾਵੇਗਾ।
ਸਿੱਖਿਆ ਸੁਧਾਰਾਂ ਦੇ ਸਾਰਥਕ ਨਤੀਜੇ ਨਿਕਲੇ: ਬੈਂਸ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਸ਼ਵ ਦੇ ਸਰਵੋਤਮ ਅਭਿਆਸਾਂ ਨੂੰ ਅਪਣਾਉਣ ਕਰ ਕੇ ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਵਿੱਚ ਤੇਜ਼ੀ ਨਾਲ ਸਫਲਤਾ ਹਾਸਲ ਕਰ ਰਹੇ ਹਨ। ਸਿੱਖਿਆ ਸੁਧਾਰਾਂ ਤਹਿਤ ਸ਼ੁਰੂ ਕੀਤੇ ਗਏ ਫਿਨਲੈਂਡ ਤੇ ਸਿੰਗਾਪੁਰ ਦੇ ਅਧਿਆਪਕ ਸਿਖਲਾਈ ਪ੍ਰੋਗਰਾਮ ਦੇ ਜ਼ਮੀਨੀ ਪੱਧਰ ’ਤੇ ਸਾਰਥਕ ਨਤੀਜੇ ਸਾਹਮਣੇ ਆਏ ਹਨ।

