Punjab News ਪੰਜਾਬ ਸਰਕਾਰ ਨੇ ਨਸ਼ਿਆਂ ਦੇ ਟਾਕਰੇ ਲਈ ਪੰਜ ਮੈਂਬਰੀ ਕਮੇਟੀ ਬਣਾਈ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ ਟੀਮ ਦੀ ਅਗਵਾਈ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਫਰਵਰੀ
ਪੰਜਾਬ ਸਰਕਾਰ ਨੇ ਖਿੱਤੇ ਵਿਚ ਨਸ਼ਿਆਂ ਦੀ ਅਲਾਮਤ ਦੇ ਟਾਕਰੇ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ।
ਕਮੇਟੀ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ ਜਦੋਂਕਿ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ, ਸਿਹਤ ਮੰਤਰੀ ਬਲਬੀਰ ਸਿੰਘ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਦਯੋਗ ਮੰਤਰੀ ਤਰਨਪ੍ਰੀਤ ਸੋਂਧ ਇਸ ਦੇ ਮੈਂਬਰ ਹੋਣਗੇ।
ਕਮੇਟੀ ਦੀ ਮੁੱਢਲੀ ਜ਼ਿੰਮੇਵਾਰੀ ਨਸ਼ਿਆਂ ਨੂੰ ਠੱਲ ਪਾਉਣਾ ਅਤੇ ਪੁਲੀਸ ਤੇ ਸਿਹਤ ਵਿਭਾਗਾਂ ਦੀਆਂ ਕਾਰਵਾਈਆਂ ਦੀ ਨਿਗਰਾਨੀ ਕਰਨਾ ਹੋਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਦੀ ਨਿਗਰਾਨੀ ਅਤੇ ਤਾਲਮੇਲ ਲਈ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੀ ਅਗਵਾਈ ਵਿੱਚ ਇੱਕ ਸਟੇਟ ਸਟੀਅਰਿੰਗ ਕਮੇਟੀ ਵੀ ਬਣਾਈ ਸੀ, ਜਿਸ ਦੇ ਨੋਡਲ ਅਧਿਕਾਰੀ ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾੜੀ ਸਨ।
ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ ਪਿਛਲੇ ਸਾਲ ਲੋਕ ਸਭਾ ਚੋਣਾਂ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਵੱਡੇ ਪੱਧਰ ’ਤੇ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।

