Punjab ਨਾਲ ਸਬੰਧਤ ਗੈਂਗਸਟਰ ਹਰਪ੍ਰੀਤ ਸਿੰਘ ਕੈਨੇਡਾ ’ਚ ਗ੍ਰਿਫ਼ਤਾਰ, ਹਵਾਲਗੀ ਦੀ ਪ੍ਰਕਿਰਿਆ ਸ਼ੁਰੂ
ਹਰਪ੍ਰੀਤ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਅਤੇ ਅਸਲਾ ਐਕਟ ਤਹਿਤ ਦਰਜ ਮਾਮਲਿਆਂ ਸਮੇਤ ਲਗਪਗ 20 ਅਪਰਾਧਿਕ ਮਾਮਲੇ ਦਰਜ
ਪੰਜਾਬ ਵਿੱਚ ਲਗਪਗ ਵੀਹ ਅਪਰਾਧਿਕ ਮਾਮਲਿਆਂ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦੇ ਸ਼੍ਰੇਣੀ 'ਏ' ਦੇ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਕੈਨੇਡੀਅਨ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਐੱਸਐੱਸਪੀ ਤਰਨ ਤਾਰਨ ਸੁਰੇਂਦਰ ਲਾਂਬਾ ਨੇ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੰਜਾਬ ਪੁਲੀਸ ਨੇ ਉਸ ਨੂੰ ਵਾਪਸ ਲਿਆਉਣ ਲਈ ਦਸਤਾਵੇਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਉਸ ਵਿਰੁੱਧ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦੇ ਚਲਦਿਆਂ ਉਸ ਦੀ ਗ੍ਰਿਫ਼ਤਾਰੀ ਹੋਈ ਹੈ।
ਉਨ੍ਹਾਂ ਕਿਹਾ ਕਿ ਕੈਨੇਡੀਅਨ ਅਧਿਕਾਰੀਆਂ ਨੇ ਅੱਗੇ ਦੀ ਕਾਰਵਾਈ ਲਈ ਉਸ ਨੂੰ ਆਪਣੀਆਂ ਕੇਂਦਰੀ ਏਜੰਸੀਆਂ ਹਵਾਲੇ ਕਰ ਦਿੱਤਾ ਹੈ। ਐੱਸਐੱਸਪੀ ਨੇ ਦੱਸਿਆ ਕਿ ਪੰਜਾਬ ਪੁਲੀਸ ਹਵਾਲਗੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਉਸ ਨੂੰ ਮੁਕੱਦਮੇ ਦਾ ਸਾਹਮਣਾ ਕਰਨ ਲਈ ਭਾਰਤ ਲਿਆਉਣ ਵਾਸਤੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰ ਰਹੀ ਹੈ।
ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮੀਆਂਪੁਰ ਦੇ ਰਹਿਣ ਵਾਲੇ ਸਤਨਾਮ ਸਿੰਘ ਦੇ 33 ਸਾਲਾ ਪੁੱਤਰ ਹਰਪ੍ਰੀਤ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਅਤੇ ਅਸਲਾ ਐਕਟ ਤਹਿਤ ਦਰਜ ਮਾਮਲਿਆਂ ਸਮੇਤ ਲਗਪਗ 20 ਅਪਰਾਧਿਕ ਮਾਮਲੇ ਦਰਜ ਹਨ।
ਉਹ ਕਥਿਤ ਤੌਰ 'ਤੇ ਜਨਵਰੀ 2024 ਵਿੱਚ ਪਿੰਡ ਦੇ ਸਰਪੰਚ ਅਵਨ ਕੁਮਾਰ ਉਰਫ਼ ਸੋਨੂ ਚੀਮਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਹੈ। ਇਸ ਤੋਂ ਬਾਅਦ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਖ਼ਦਸ਼ਾ ਹੈ ਕਿ ਉਹ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੱਜ ਗਿਆ ਸੀ। ਉਸ ਦੇ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨਾਲ ਵੀ ਸਬੰਧ ਹੋਣ ਦਾ ਖ਼ਦਸ਼ਾ ਹੈ, ਅਤੇ ਉਸ ਦੇ ਸਾਥੀ ਕਥਿਤ ਤੌਰ 'ਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਦੇ ਸਨ।
ਲਾਂਬਾ ਨੇ ਕਿਹਾ ਕਿ ਕੈਨੇਡਾ ਵਿੱਚ ਉਸ ਨੂੰ ਹਿਰਾਸਤ ਵਿੱਚ ਲੈਣਾ ਵਿਦੇਸ਼ਾਂ ਤੋਂ ਆਪਣੀਆਂ ਗਤੀਵਿਧੀਆਂ ਚਲਾ ਰਹੇ ਅਤੇ ਸੂਬੇ ਵਿੱਚ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੁਲੀਸ ਹੁਣ ਉਸ ਨੂੰ ਭਾਰਤ ਲਿਆਉਣ ਲਈ ਲੋੜੀਂਦੀਆਂ ਕਾਨੂੰਨੀ ਰਸਮੀ ਕਾਰਵਾਈਆਂ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ।

