ਪੰਜਾਬ ’ਵਰਸਿਟੀ ਮੋਰਚੇ ਵੱਲੋਂ ਭਾਜਪਾ ਨੂੰ ਅਲਟੀਮੇਟਮ
ਮੋਰਚੇ ਨੇ ਪਿਛਲੇ ਦਿਨੀਂ ਪੰਜਾਬ ਦੀਆਂ ਵੱਖ-ਵੱਖ ਵਿਦਿਆਰਥੀ, ਕਿਸਾਨ-ਮਜ਼ਦੂਰ, ਮੁਲਾਜ਼ਮ, ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਨੂੰ ਅੱਜ 26 ਨਵੰਬਰ ਨੂੰ ਕੈਂਪਸ ਪਹੁੰਚਣ ਦਾ ਸੱਦਾ ਦਿੱਤਾ ਸੀ ਕਿਉਂਕਿ ਕੈਂਪਸ ਬੰਦ ਕਰਨ ਦਾ ਪ੍ਰੋਗਰਾਮ ਸੀ। ਇਸ ਤੋਂ ਇੱਕ ਦਿਨ ਪਹਿਲਾਂ 25 ਨਵੰਬਰ ਨੂੰ ਕੈਂਪਸ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰਕੇ ਛੁੱਟੀ ਕਰ ਦਿੱਤੀ ਗਈ ਜਿਸ ਕਰਕੇ ਅੱਜ ਯੂਨੀਵਰਸਿਟੀ ਵਿੱਚ ਸ਼ਾਂਤੀ ਦਾ ਮਾਹੌਲ ਸੀ ਪਰ ਵਾਈਸ ਚਾਂਸਲਰ ਦਫ਼ਤਰ ਅੱਗੇ ਚੱਲ ਰਿਹਾ ਧਰਨਾ ਰੂਟੀਨ ਵਾਂਗ ਜਾਰੀ ਰਿਹਾ। ਅੱਜ ਸੈਕਟਰ 43 ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਰੈਲੀ ਨੂੰ ਲੈ ਕੇ ਚੰਡੀਗੜ੍ਹ ਪੁਲੀਸ ਵੱਲੋਂ ਪੀ ਯੂ ਕੈਂਪਸ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਅਤੇ ਇਸ ਦੇ ਚੱਲਦਿਆਂ ਵੱਡੀ ਗਿਣਤੀ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅਮਨ-ਕਾਨੂੰਨ ਪ੍ਰਬੰਧ ਬਣਾਈ ਰੱਖਣ ਲਈ ਦੰਗਾ ਰੋਕੂ ਵਾਹਨ ‘ਵਜਰ’ ਵੀ ਤਾਇਨਾਤ ਹੈ।
ਅੱਜ ਦੋਆਬਾ ਕਿਸਾਨ ਕਮੇਟੀ (ਪੰਜਾਬ), ਕੌਮੀ ਕਿਸਾਨ ਯੂਨੀਅਨ, ਅਕਾਲੀ (ਵਾਰਿਸ ਪੰਜਾਬ ਦੇ), ਅਮਿਤੋਜ ਮਾਨ, ਬੰਦੀ ਸਿੰਘ ਮੋਰਚਾ, ਸਤਨਾਮ ਸਿੰਘ ਪੰਨੂ, ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਐੱਸ ਜੀ ਪੀ ਸੀ ਮੈਂਬਰ ਗੁਰਪ੍ਰੀਤ ਸਿੰਘ, ਨਰੇਗਾ ਵਰਕਰਜ਼ ਫਰੰਟ, ਮਾਝਾ ਕਿਸਾਨ ਸੰਘਰਸ਼ ਕਮੇਟੀ ਆਦਿ ਦੇ ਆਗੂਆਂ ਨੇ ਧਰਨੇ ਵਿੱਚ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਦੇ ਸੰਘਰਸ਼ ਨੂੰ ਪੂਰਨ ਹਮਾਇਤ ਦਿੱਤੀ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
