ਜੈਪੁਰ, 19 ਅਗਸਤ
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਹੈ ਕਿ ਉੱਘੇ ਵਕੀਲਾਂ ਅਤੇ ਬੁੱਧੀਜੀਵੀਆਂ ਵੱਲੋਂ ਨਿਆਂਪਾਲਿਕਾ ਦੀ ਭਰੋਸੇਯੋਗਤਾ ’ਤੇ ਸਵਾਲ ਉਠਾਏ ਜਾ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਸੁਪਰੀਮ ਕੋਰਟ ਨੇ ਪ੍ਰਸ਼ਾਂਤ ਭੂਸ਼ਣ ਨੂੰ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਇਹ ਲੋਕਤੰਤਰ ਦੇ ਹਿੱਤ ’ਚ ਨਹੀਂ ਹੈ। ਸੰਵਿਧਾਨਕ ਸੰਸਥਾਵਾਂ ’ਚ ਜਦੋਂ ਲੋਕਾਂ ਦਾ ਭਰੋਸਾ ਹੁੰਦਾ ਹੈ ਤਾਂ ਲੋਕਤੰਤਰ ਤੇ ਸੰਵਿਧਾਨ ਸਹੀ ਢੰਗ ਨਾਲ ਕੰਮ ਕਰਦੇ ਹਨ।
ਰਾਜਸਥਾਨ ’ਚ ਮਿਊਂਸਿਪਲ ਚੋਣਾਂ ਮੁਲਤਵੀ
ਜੈਪੁਰ: ਰਾਜਸਥਾਨ ’ਚ 129 ਮਿਊਂਸਿਪਲ ਸੰਸਥਾਵਾਂ ਦੀਆਂ ਚੋਣਾਂ ਕਰੋਨਾਵਾਇਰਸ ਮਹਾਮਾਰੀ ਕਾਰਨ ਦੋ ਮਹੀਨਿਆਂ ਲਈ ਅੱਗੇ ਪਾ ਦਿੱਤੀਆਂ ਗਈਆਂ ਹਨ। ਪ੍ਰਦੇਸ਼ ਚੋਣ ਕਮਿਸ਼ਨ ਨੇ ਕਿਹਾ ਕਿ ਇਹ ਚੋਣਾਂ ਅਗਸਤ ’ਚ ਹੋਣੀਆਂ ਸਨ ਅਤੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਇਹ 20 ਅਕਤੂਬਰ ਤੱਕ ਲਈ ਮੁਲਤਵੀ ਕੀਤੀਆਂ ਜਾਂਦੀਆਂ ਹਨ। ਹੁਕਮਾਂ ’ਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਵੱਲੋਂ ਸਮੇਂ ਸਮੇਂ ’ਤੇ ਹਾਲਾਤ ਦਾ ਜਾਇਜ਼ਾ ਲਿਆ ਜਾਂਦਾ ਰਹੇਗਾ ਅਤੇ ਜੇਕਰ 20 ਅਕਤੂਬਰ ਤੋਂ ਪਹਿਲਾਂ ਚੋਣਾਂ ਕਰਾਉਣਾ ਸੰਭਵ ਹੋਇਆ ਤਾਂ ਉਹ ਚੋਣਾਂ ਕਰਵਾ ਲੈਣਗੇ।
-ਪੀਟੀਆਈ