Rahul Gandhi: ਰਾਹੁਲ ਗਾਂਧੀ ਵੱਲੋਂ ਪੀੜਤ ਪਰਿਵਾਰਾਂ ਦੇ ਬੱਚਿਆਂ ਨਾਲ ਮੁਲਾਕਾਤ
ਸ੍ਰੀਨਗਰ, 24 ਮਈ
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਪੁੱਜੇ ਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀੜਤ ਪਰਿਵਾਰਾਂ ਦੇ ਬੱਚਿਆਂ ਨਾਲ ਲਾਡ ਲਡਾਉਂਦਿਆਂ ਉਨ੍ਹਾਂ ਨੂੰ ਖੂਬ ਮਨ ਲਾ ਕੇ ਪੜ੍ਹਾਈ ਕਰਨ ਲਈ ਕਿਹਾ। ਉਨ੍ਹਾਂ ਬੱਚਿਆਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਇੱਥੇ ਸਭ ਕੁਝ ਠੀਕ ਹੋ ਗਿਆ ਹੈ ਤੇ ਤੁਹਾਨੂੰ ਡਰਨ ਦੀ ਲੋੜ ਨਹੀਂ ਹੈ। ਇਸ ਮੌਕੇ ਰਾਹੁਲ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਮਿਲੇ। ਇਸ ਮੌਕੇ ਲੋਕਾਂ ਨੇ ਰਾਹੁਲ ਨੂੰ ਉਥੋਂ ਦੇ ਹਾਲਾਤ ਬਾਰੇ ਜਾਣੂ ਕਰਵਾਉਂਦਿਆਂ ਆਪਣੀਆਂ ਸਮੱਸਿਆਵਾਂ ਵੀ ਦੱਸੀਆਂ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਲੋਂ ਕੀਤੇ ਹਮਲਿਆਂ ਕਾਰਨ ਸਥਾਨਕ ਖੇਤਰ ਵਿਚ ਡਰ ਦਾ ਮਾਹੌਲ ਸੀ।
ਪਹਿਲਗਾਮ ਹਮਲੇ ਤੋਂ ਬਾਅਦ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦਾ ਕੇਂਦਰ ਸ਼ਾਸਤ ਪ੍ਰਦੇਸ਼ ਦਾ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ 25 ਅਪਰੈਲ ਨੂੰ ਦਹਿਸ਼ਤੀ ਹਮਲੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਮਿਲਣ ਲਈ ਸ੍ਰੀਨਗਰ ਦਾ ਦੌਰਾ ਕੀਤਾ ਸੀ। ਉਹ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ, ਮੁੱਖ ਮੰਤਰੀ ਅਤੇ ਹੋਰਾਂ ਨੂੰ ਵੀ ਮਿਲੇ ਸਨ। ਕਾਂਗਰਸ ਦੇ ਇਕ ਸਥਾਨਕ ਆਗੂ ਨੇ ਦੱਸਿਆ ਕਿ ਰਾਹੁਲ ਜੰਮੂ ਹਵਾਈ ਅੱਡੇ ਤੋਂ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਹੈਲੀਕਾਪਟਰ ’ਤੇ ਪੁਣਛ ਲਈ ਰਵਾਨਾ ਹੋਏ।
ਪਹਿਲਗਾਮ ਕਤਲੇਆਮ ਦੇ ਜਵਾਬ ਵਿੱਚ ਭਾਰਤ ਨੇ 7 ਮਈ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਨੌਂ ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲਾਂ ਦਾਗੀਆਂ ਸਨ। ਪਾਕਿਸਤਾਨ ਵੱਲੋਂ 7 ਤੋਂ 10 ਮਈ ਦਰਮਿਆਨ ਜੰਮੂ-ਕਸ਼ਮੀਰ ਵਿੱਚ ਗੋਲਾਬਾਰੀ, ਮਿਜ਼ਾਈਲਾਂ ਅਤੇ ਡਰੋਨ ਹਮਲੇ ਕੀਤੇ ਗਏ ਸਨ ਜਿਸ ਕਾਰਨ 28 ਲੋਕ ਮਾਰੇ ਗਏ ਜਿਨ੍ਹਾਂ ਵਿਚੋਂ 13 ਇਕੱਲੇ ਪੁਣਛ ਜ਼ਿਲ੍ਹੇ ਵਿੱਚ ਹੀ ਮਾਰੇ ਗਏ ਸਨ ਅਤੇ 70 ਤੋਂ ਵੱਧ ਜ਼ਖ਼ਮੀ ਹੋਏ।