ਨਵੀਂ ਦਿੱਲੀ, 14 ਜੂਨ
ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਤੋਂ ਅੱਜ 8 ਘੰਟਿਆਂ ਤੋਂ ਵੱਧ ਸਮਾਂ ਪੁੱਛਗਿੱਛ ਕੀਤੀ ਗਈ। ਉਨ੍ਹਾਂ ਨੂੰ ਬੁੱਧਵਾਰ ਵੀ ਪੁੱਛਗਿੱਛ ਲਈ ਸੱਦਿਆ ਗਿਆ ਹੈ।
ਵਿਰੋਧੀ ਧਿਰ ਦੇ ਰੋਸ ਪ੍ਰਦਰਸ਼ਨ ਮਹਿਜ਼ ‘ਡਰਾਮਾ’: ਭਾਜਪਾ
ਭਾਜਪਾ ਨੇ ਵਿਰੋਧੀ ਧਿਰ ਕਾਂਗਰਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸੜਕਾਂ ਜਾਮ ਕਰ ਰਹੇ ਹਨ ਤੇ ਉਨ੍ਹਾਂ ਦੇ ਰੋਸ ਪ੍ਰਦਰਸ਼ਨ ਮਹਿਜ਼ ‘ਡਰਾਮਾ’ ਹਨ। ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸੀ ਸੜਕਾਂ ਜਾਮ ਕਰ ਰਹੇ ਹਨ, ਉਸ ਤੋਂ ਜਾਪਦਾ ਹੈ ਕਿ ਉਹ ‘ਆਪਣੇ ਆਗੂਆਂ ਨੂੰ ਕਾਨੂੰਨ ਤੋਂ ਉੱਪਰ ਸਮਝਦੇ ਹਨ।’ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀ ਰਾਹੁਲ ਉਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਨੂੰ ‘ਪਹਿਲਾਂ ਭ੍ਰਿਸ਼ਟਾਚਾਰ ਦੇ ਕੇਸ ਵਿਚ ਈਡੀ ਦੇ ਸਵਾਲਾਂ ਦੇ ਸਹੀ ਜਵਾਬ ਦੇਣੇ ਚਾਹੀਦੇ ਹਨ।’