ਰਾਹੁਲ ਵੱਲੋਂ ਅੰਮ੍ਰਿਤਸਰ ਤੇ ਗੁਰਦਾਸਪੁਰ ਦਾ ਦੌਰਾ ਅੱਜ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਭਲਕੇ ਸੋਮਵਾਰ ਨੂੰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪੀੜਤ ਲੋਕਾਂ ਦੀ ਸਾਰ ਲੈਣਗੇ। ਉਹ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ’ਚ ਹੜ੍ਹ ਮਾਰੇ ਇਲਾਕਿਆਂ ’ਚ ਜਾਣਗੇ। ਇਕ ਸੀਨੀਅਰ ਕਾਂਗਰਸੀ ਆਗੂ ਨੇ ਦੱਸਿਆ ਕਿ ਰਾਹੁਲ ਗਾਂਧੀ ਸਵੇਰੇ ਲਗਭਗ ਸਾਢੇ 9 ਵਜੇ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਪੁੱਜਣਗੇ, ਜਿੱਥੋਂ ਉਹ ਪਾਰਟੀ ਦੇ ਹੋਰ ਆਗੂਆਂ ਨਾਲ ਹੜ੍ਹ ਪ੍ਰਭਾਵਿਤ ਇਲਾਕੇ ਰਮਦਾਸ ਜਾਣਗੇ। ਉਹ ਗੁਰਦੁਆਰਾ ਬਾਬਾ ਬੁੱਢਾ ਜੀ ਵਿਖੇ ਨਤਮਸਤਕ ਹੋਣਗੇ ਅਤੇ ਪ੍ਰਭਾਵਿਤ ਲੋਕਾਂ ਨਾਲ ਵੀ ਗੱਲਬਾਤ ਕਰਨਗੇ। ਇਸ ਮਗਰੋਂ ਰਾਹੁਲ ਗਾਂਧੀ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵੱਲ ਜਾਣਗੇ। ਉਹ ਲਗਭਗ ਪੌਣੇ 12 ਵਜੇ ਦੇ ਕਰੀਬ ਡੇਰਾ ਬਾਬਾ ਨਾਨਕ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਨਗੇ। ਲਗਭਗ ਪੌਣੇ ਦੋ ਵਜੇ ਉਹ ਮਕੌੜਾ, ਦੀਨਾ ਨਗਰ ਤੇ ਹੋਰ ਇਲਾਕਿਆਂ ਵਿੱਚ ਵੀ ਜਾਣਗੇ। ਕਾਂਗਰਸ ਆਗੂ ਦੀ ਆਮਦ ਦੇ ਮੱਦੇਨਜ਼ਰ ਦੋਵੇਂ ਜ਼ਿਲ੍ਹਿਆਂ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਗੁਰਦਾਸਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਹਰ ਤਰ੍ਹਾਂ ਦੇ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।
ਸਿਆਸੀ ਹੜ੍ਹ: ਕੇਂਦਰੀ ਨੇਤਾਵਾਂ ਦਾ ਗੇੜੇ ’ਤੇ ਗੇੜਾ
ਚੰਡੀਗੜ੍ਹ (ਚਰਨਜੀਤ ਭੁੱਲਰ): ਪੰਜਾਬ ਵਿੱਚ ਬੇਸ਼ੱਕ ਦਰਿਆਵਾਂ ਦਾ ਪਾਣੀ ਤਾਂ ਉਤਰ ਗਿਆ ਹੈ ਪ੍ਰੰਤੂ ਹੁਣ ਸਿਆਸੀ ਹੜ੍ਹ ਤੇਜ਼ ਹੋ ਗਏ ਹਨ। ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਦਾ ਕੋਈ ਮੌਕਾ ਨਹੀਂ ਖੁੰਝਾ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਸੋਮਵਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਵੀ ਹੜ੍ਹਾਂ ਦੀ ਮਾਰ ਦਾ ਜਾਇਜ਼ਾ ਲੈ ਚੁੱਕੇ ਹਨ। ਪੰਜਾਬ ਵਿੱਚ 2027 ’ਚ ਵਿਧਾਨ ਸਭਾ ਚੋਣਾਂ ਹਨ ਅਤੇ ਹੜ੍ਹਾਂ ਦੇ ਪਾਣੀ ’ਚੋਂ ਸਿਆਸੀ ਪਾਰਟੀਆਂ ਵੋਟਾਂ ਲੱਭ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਪਹਿਲਾ ਗੇੜ ਮੁਕੰਮਲ ਕਰਨ ਨੇੜੇ ਹਨ ਅਤੇ ਉਨ੍ਹਾਂ ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਗਈ ਨਕਦੀ ਮਦਦ ਵੀ ਸੁਰਖੀਆਂ ਵਿੱਚ ਹੈ। ਸੁਖਬੀਰ ਸਿੰਘ ਬਾਦਲ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨਾਲ ਵਾਅਦੇ ਵੀ ਕਰ ਰਹੇ ਹਨ। ਦੂਜੇ ਪਾਸੇ, ਭਾਜਪਾ ਨੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਜ਼ਮੀਨ ਤਲਾਸ਼ਣੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਇਸ ਸਬੰਧ ਵਿੱਚ ਗੇੜੇ ਕਾਫ਼ੀ ਵਧਾ ਰਹੀ ਹੈ। ਸਭ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪੰਜਾਬ ਨੂੰ ਇਹ ਕਹਿ ਕੇ ਨਿਸ਼ਾਨੇ ’ਤੇ ਲਿਆ ਕਿ ਗੈਰ-ਕਾਨੂੰਨੀ ਮਾਈਨਿੰਗ ਕਾਰਨ ਬੰਨ੍ਹ ਟੁੱਟੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਹਵਾਈ ਸਰਵੇਖਣ ਕੀਤਾ। ਉਨ੍ਹਾਂ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਦੇਣ ਦਾ ਐਲਾਨ ਵੀ ਕੀਤਾ, ਜਿਸ ਨੂੰ ਲੈ ਕੇ ‘ਆਪ’ ਸਰਕਾਰ ਨੇ ਕੇਂਦਰ ਨੂੰ ਨਿਸ਼ਾਨੇ ’ਤੇ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਟੇਟ ਡਿਜ਼ਾਸਟਰ ਰਿਸਪੌਂਸ ਫੰਡ ਵਿੱਚ 12 ਹਜ਼ਾਰ ਕਰੋੜ ਰੁਪਏ ਪਏ ਹੋਣ ਦੀ ਗੱਲ ਆਖ ਕੇ ਨਵੇਂ ਵਿਵਾਦ ਦਾ ਮੁੱਢ ਬੰਨ੍ਹ ਦਿੱਤਾ। ਇਨ੍ਹਾਂ ਫੰਡਾਂ ਨੂੰ ਲੈ ਕੇ ‘ਆਪ’ ਸਰਕਾਰ ਅਤੇ ਭਾਜਪਾ ਇੱਕ-ਦੂਜੇ ਨਾਲ ਮਿਹਣੋ-ਮਿਹਣੀ ਹੁੰਦੇ ਰਹੇ। ਕੇਂਦਰ ਸਰਕਾਰ ਵੱਲੋਂ ਹੁਣ ਤੱਕ ਕੇਂਦਰੀ ਰਾਜ ਮੰਤਰੀ ਬੀ ਐੱਲ ਵਰਮਾ, ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ, ਰਵਨੀਤ ਸਿੰਘ ਬਿੱਟੂ, ਹਰਸ਼ ਮਲਹੋਤਰਾ, ਸੰਜੇ ਸੇਠੀ, ਕਮਲੇਸ਼ ਪਾਸਵਾਨ, ਐੱਲ ਮੁਰੂਗਨ ਅਤੇ ਜੌਰਜ ਕੁਰੀਅਨ ਆਦਿ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ। ਦੂਜੇ ਪਾਸੇ, ਆਮ ਆਦਮੀ ਪਾਰਟੀ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਸਦ ਮੈਂਬਰ ਸੰਜੇ ਸਿੰਘ ਤੇ ਰਾਘਵ ਚੱਢਾ ਆਦਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਹੁਣ ਰਾਜਧਾਨੀ ’ਚੋਂ ਰਾਹਤ ਕਾਰਜਾਂ ਆਦਿ ਦੀ ਕਮਾਨ ਸੰਭਾਲ ਰਹੇ ਹਨ। ਉਨ੍ਹਾਂ ਕਿਹਾ ਕਿ ਡੇਢ ਮਹੀਨੇ ਦੇ ਅੰਦਰ ਮੁਆਵਜ਼ਾ ਰਾਸ਼ੀ ਵੰਡ ਦਿੱਤੀ ਜਾਵੇਗੀ ਅਤੇ ਕਿਸੇ ਵੀ ਘਰ ਦਾ ਚੁੱਲ੍ਹਾ ਬੁਝਣ ਨਹੀਂ ਦਿੱਤਾ ਜਾਵੇਗਾ।
ਸੇਵਾ ਕਰਨ ਵਾਲਿਆਂ ਦੀ ਕੋਈ ਕਮੀ ਨਹੀਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਮਦਦ ਲਈ ਨਿੱਤਰੀ ਹੋਈ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਟੀਮ ਵੀ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਰਾਹਤ ਕਾਰਜਾਂ ਲਈ ਵੱਡੀ ਪੱਧਰ ’ਤੇ ਕੈਂਪ ਲਗਾ ਰਹੀ ਹੈ। ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਹੁਣ ਰਾਹਤ ਕਾਰਜ ਤੇਜ਼ ਹੋ ਗਏ ਹਨ ਅਤੇ ਪਾਣੀ ਘਟਣ ਮਗਰੋਂ ਸਮਾਜ ਸੇਵੀ ਸੰਸਥਾਵਾਂ ਵੀ ਪਿੰਡਾਂ ਨੂੰ ਗੋਦ ਲੈਣ ਲਈ ਭੱਜ ਨੱਠ ਵਿੱਚ ਹਨ। ਬਿਨਾ ਕਿਸੇ ਬੈਨਰ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸੇਵਾ ਕਰਨ ਵਾਲਿਆਂ ਦੀ ਕੋਈ ਕਮੀ ਨਹੀਂ ਹੈ। ਹੁਣ ਜਦੋਂ ਪਾਣੀ ਉਤਰ ਗਿਆ ਹੈ ਤਾਂ ਪਿੰਡਾਂ ਵਿੱਚ ਚਾਰ-ਚੁਫੇਰੇ ਸਮਾਜ ਸੇਵੀ ਹੀ ਨਜ਼ਰ ਆ ਰਹੇ ਹਨ। ਕਲਾਕਾਰਾਂ ਅਤੇ ਫਿਲਮੀ ਅਦਾਕਾਰਾਂ ਨੇ ਵੀ ਐਤਕੀਂ ਹੜ੍ਹ ਪੀੜਤਾਂ ਦੀ ਮਦਦ ਲਈ ਜੋਸ਼ ਦਿਖਾਇਆ ਹੈ ਅਤੇ ਮਦਦ ਵੀ ਕੀਤੀ ਹੈ।