ਕੋਲਕਾਤਾ, 19 ਅਪਰੈਲ
ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਪੱਛਮੀ ਬੰਗਾਲ ’ਚ ਕੋਵਿਡ-19 ਦੇ ਵੱਧ ਰਹੇ ਕੇਸਾਂ ਕਾਰਨ ਚੋਣ ਪ੍ਰਚਾਰ ਰੱਦ ਕਰਨ ਦੇ ਫ਼ੈਸਲੇ ਦਾ ਮਖੌਲ ਉਡਾਇਆ ਅਤੇ ਹਾਰ ਨੂੰ ਦੇਖਦਿਆਂ ਇਸ ਨੂੰ ਇਕ ‘ਬਹਾਨਾ’ ਕਰਾਰ ਦਿੱਤਾ।
ਕੇਂਦਰੀ ਕਾਨੂੰਨ ਮੰਤਰੀ ਨੇ ਮਮਤਾ ਬੈਨਰਜੀ ਸਰਕਾਰ ’ਤੇ ਵੀ ਨਿਸ਼ਾਨਾ ਸੇਧਿਆ ਅਤੇ ਉਸ ਨੂੰ ‘ਕੁਸ਼ਾਸਨ, ਭ੍ਰਿਸ਼ਟਾਚਾਰ ਅਤੇ ਮੁਸਲਮਾਨਾਂ ਨੂੰ ਖੁਸ਼ ਕਰਨ’ ਦਾ ਪ੍ਰਤੀਕ ਦੱਸਿਆ। ਰਾਹੁਲ ਵੱਲੋਂ ਲਏ ਗਏ ਫ਼ੈਸਲੇ ਵੱਲ ਇਸ਼ਾਰਾ ਕਰਦਿਆਂ ਪ੍ਰਸਾਦ ਨੇ ਕਿਹਾ,‘‘ਇਹ ਇਕ ਬਹਾਨਾ ਹੈ ਕਿਉਂਕਿ ਕੈਪਟਨ ਨੂੰ ਪਤਾ ਲੱਗ ਗਿਆ ਹੈ ਕਿ ਉਸ ਦਾ ਜਹਾਜ਼ ਡੁੱਬ ਰਿਹਾ ਹੈ।’’ ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਕਰੋਨਾਵਾਇਰਸ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਤ੍ਰਿਣਮੂਲ ਕਾਂਗਰਸ ਕਰੋਨਾ ਪ੍ਰਬੰਧਨ ਬਾਰੇ ਬਹੁਤ ਕੁਝ ਬੋਲ ਰਹੀ ਹੈ ਪਰ ਕੀ ਮਮਤਾ ਨੇ ਕੋਵਿਡ-19 ਨੂੰ ਲੈ ਕੇ ਪ੍ਰਧਾਨ ਮੰਤਰੀ ਨਾਲ ਸਾਰੇ ਮੁੱਖ ਮੰਤਰੀਆਂ ਦੀ ਬੈਠਕ ’ਚ ਹਿੱਸਾ ਲਿਆ ਸੀ? ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕੀਤਾ ਜਾ ਰਿਹਾ ਹੈ। -ਪੀਟੀਆਈ