ਰਾਹੁਲ ਦਾ ਭ੍ਰਿਸ਼ਟਾਚਾਰ ਬਾਰੇ ਬੋਲਣਾ, ਚੋਰ ਵੱਲੋਂ ਚੌਕੀਦਾਰੀ ਕਰਨ ਦੇ ਤੁਲ: ਭਾਜਪਾ
ਅਸਾਮ ਵਿੱਚ ਕਾਂਗਰਸ ਦੇ ਸੱਤਾ ਵਿੱਚ ਆਉਣ ’ਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੂੰ ਜੇਲ੍ਹ ਭੇਜਣ ਸਬੰਧੀ ਰਾਹੁਲ ਗਾਂਧੀ ਦੇ ਦਾਅਵੇ ਦੀ ਤਿੱਖੀ ਆਲੋਚਨਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਤਰਜਮਾਨ ਸਈਦ ਜ਼ਫ਼ਰ ਇਸਲਾਮ ਨੇ ਅੱਜ ਕਿਹਾ ਕਿ ਭ੍ਰਿਸ਼ਟਾਚਾਰ ਬਾਰੇ ਕਾਂਗਰਸੀ ਆਗੂ ਦਾ ਗੱਲ ਕਰਨਾ ਅਜਿਹਾ ਲੱਗਦਾ ਹੈ ਕਿ ਜਿਵੇਂ ਕਿ ਚੋਰ ਚੌਕੀਦਾਰੀ ਦੀ ਗੱਲ ਕਰੇ। ਉਨ੍ਹਾਂ ਗਾਂਧੀ ’ਤੇ ਕਾਂਗਰਸ ਦੀ ਲਗਾਤਾਰ ਚੋਣਾਂ ’ਚ ਹੁੰਦੀ ਹਾਰ ਦੇ ਬਹਾਨੇ ਲੱਭਣ ਦੀ ਕੋਸ਼ਿਸ਼ ਵਿੱਚ ਬਦਅਮਨੀ ਫੈਲਾਉਣ ਦਾ ਦੋਸ਼ ਲਗਾਇਆ। ਇਸਲਾਮ ਨੇ ਕਿਹਾ ਕਿ ਗਾਂਧੀ ਖ਼ੁਦ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਜ਼ਮਾਨਤ ’ਤੇ ਹਨ। ਉਨ੍ਹਾਂ ਦਾ ਇਸ਼ਾਰਾ ‘ਨੈਸ਼ਨਲ ਹੈਰਾਲਡ’ ਮਾਮਲੇ ਵੱਲ ਸੀ। ਇਸਲਾਮ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘‘ਇਹ ਵੱਡੀ ਬਦਕਿਸਮਤੀ ਹੈ ਕਿ ਜ਼ਮਾਨਤ ’ਤੇ ਚੱਲ ਰਿਹਾ ਕੋਈ ਵਿਅਕਤੀ ਮੁੱਖ ਮੰਤਰੀ ਨੂੰ ਜੇਲ੍ਹ ਭੇਜਣ ਦੀ ਗੱਲ ਕਰਦਾ ਹੈ। ਉਨ੍ਹਾਂ ਨੂੰ ਕਿਸੇ ਚੁਣੇ ਹੋਏ ਮੁੱਖ ਮੰਤਰੀ ਨੂੰ ਧਮਕਾਉਣ ਦਾ ਕੋਈ ਅਧਿਕਾਰ ਨਹੀਂ ਹੈ।