ਨਵੀਂ ਦਿੱਲੀ, 20 ਮਈ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਰੇਲਵੇ ਵਿਚ ਨੌਕਰੀਆਂ ਦੇ ਬਦਲੇ ਕਥਿਤ ਤੌਰ ‘ਤੇ ਉਮੀਦਵਾਰਾਂ ਤੋਂ ਜ਼ਮੀਨ ਲੈਣ ਦੇ ਮਾਮਲੇ ਵਿਚ ਨਵਾਂ ਕੇਸ ਦਰਜ ਕੀਤਾ ਹੈ। ਕਥਿਤ ਘਪਲਾ ਉਦੋਂ ਦਾ ਹੈ ਜਦੋਂ ਲਾਲੂ ਪ੍ਰਸਾਦ ਯਾਦਵ ਸੰਯੁਕਤ ਪ੍ਰਗਤੀਸ਼ੀਲ ਗਠਜੋੜ ਸਰਕਾਰ ਵਿੱਚ ਕੇਂਦਰੀ ਮੰਤਰੀ ਸਨ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਦੋਸ਼ਾਂ ਦੀ ਮੁੱਢਲੀ ਜਾਂਚ ਦਰਜ ਕੀਤੀ ਸੀ, ਜਿਸ ਨੂੰ ਐੱਫਆਈਆਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ, ਧੀਆਂ ਮੀਸਾ ਅਤੇ ਹੇਮਾ ਤੋਂ ਇਲਾਵਾ ਕਈ ਉਮੀਦਵਾਰਾਂ ਵਿਰੁੱਧ ਐੱਫਆਈਆਰ ਦਰਜ ਕਰਨ ਤੋਂ ਬਾਅਦ ਸੀਬੀਆਈ ਨੇ ਅੱਜ ਸਵੇਰੇ ਦਿੱਲੀ, ਪਟਨਾ ਅਤੇ ਗੋਪਾਲਗੰਜ ਵਿੱਚ 16 ਥਾਵਾਂ ‘ਤੇ ਤਲਾਸ਼ੀ ਲਈ।