ਚੰਡੀਗੜ੍ਹ, 5 ਜਨਵਰੀ
ਪੰਜਾਬ ਅਤੇ ਹਰਿਆਣਾ ਵਿੱਚ ਅੱਜ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਿਹਾ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਸਮੇਤ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਿਆ। ਪੰਜਾਬ ਦੇ ਫਿਰੋਜ਼ਪੁਰ, ਬਠਿੰਡਾ, ਮੁਹਾਲੀ, ਪਠਾਨਕੋਟ ਅਤੇ ਜਲੰਧਰ ਸਣੇ ਸਮੁੱਚੇ ਸੂਬੇ ਵਿੱਚੋਂ ਮੀਂਹ ਦੀਆਂ ਰਿਪੋਰਟਾਂ ਹਨ। ਇਸ ਤਰ੍ਹਾਂ ਪਿਛਲੇ 24 ਘੰਟਿਆਂ ‘ਚ ਕਸ਼ਮੀਰ ਘਾਟੀ ਦੇ ਜ਼ਿਆਦਾਤਰ ਹਿੱਸਿਆਂ ‘ਚ ਰੁਕ-ਰੁਕ ਕੇ ਹੋ ਰਹੀ ਬਰਫਬਾਰੀ ਕਾਰਨ ਕਸ਼ਮੀਰ ਅਤੇ ਦੇਸ਼ ਦੇ ਬਾਕੀ ਹਿੱਸਿਆਂ ਵਿਚਾਲੇ ਉਡਾਣ ਸੇਵਾਵਾਂ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਪ੍ਰਭਾਵਿਤ ਰਹੀਆਂ। ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਸ੍ਰੀਨਗਰ ਹਵਾਈ ਅੱਡੇ ’ਤੇ ਉਡਾਣਾਂ ਦਾ ਸੰਚਾਲਨ ਸੰਭਵ ਨਹੀਂ ਹੈ। ਹੁਣ ਤੱਕ ਚਾਰ ਉਡਾਣਾਂ ਰੱਦ ਹੋ ਚੁੱਕੀਆਂ ਹਨ। ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀਆਂ ਰਿਪੋਰਟਾਂ ਹਨ
ਸਿਰਸਾ(ਪ੍ਰਭੂ ਦਿਆਲ): ਇਥੇ ਪਿਛਲੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਜਿਥੇ ਇਲਾਕੇ ਵਿੱਚ ਠੰਢ ਵਧ ਗਈ ਹੈ ਉਥੇ ਹੀ ਇਸ ਮੀਂਹ ਨੂੰ ਹਾੜ੍ਹੀ ਦੀ ਫ਼ਸਲ ਲਈ ਕਾਫੀ ਫਾਇਦੇਮੰਦ ਹੈ। ਮੀਂਹ ਕਾਰਨ ਸ਼ਹਿਰੀ ਖੇਤਰ ਦੀਆਂ ਨੀਵੀਆਂ ਥਾਵਾਂ ’ਚ ਪਾਣੀ ਭਰ ਗਿਆ ਹੈ। ਸੜਕਾਂ ’ਤੇ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।