ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਲੰਘੀ ਦੇਰ ਰਾਤ ਸ਼ੁਰੂ ਹੋਇਆ ਮੀਂਹ ਅੱਜ ਸਾਰਾ ਦਿਨ ਰੁਕ-ਰੁਕ ਕੇ ਪੈਂਦਾ ਰਿਹਾ। ਮੀਂਹ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਥੋੜ੍ਹੀ ਰਾਹਤ ਦਿਵਾ ਦਿੱਤੀ ਹੈ ਪਰ ਮੀਂਹ ਨੇ ਸੂਬੇ ਦੇ ਦਰਜਨਾਂ ਸ਼ਹਿਰਾਂ ਨੂੂੰ ਜਲ-ਥਲ ਕਰਕੇ ਰੱਖ ਦਿੱਤਾ ਹੈ। ਕਈ ਸ਼ਹਿਰਾਂ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ, ਜਿਸ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੀਂਹ ਕਰਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 6.1 ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ ਅਗਲੇ ਤਿੰਨ ਦਿਨ 22, 23 ਅਤੇ 24 ਜੁਲਾਈ ਨੂੰ ਹਲਕਾ ਤੇ ਮੱਧਮ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਮੁਹਾਲੀ, ਨਵਾਂ ਸ਼ਹਿਰ ਤੇ ਹੋਰਨਾਂ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ ਹੈ। ਮੀਂਹ ਕਾਰਨ ਜ਼ੀਰਕਪੁਰ ਵਿਖੇ ਕਈ ਥਾਵਾਂ ’ਤੇ ਲੋਕਾਂ ਦੇ ਘਰਾਂ ਵਿੱਚ ਵੀ ਪਾਣੀ ਵੜ ਗਿਆ ਹੈ। ਦੂਜੇ ਪਾਸੇ ਮੀਂਹ ਕਰਕੇ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ ਪਰਤ ਆਈ ਹੈ। ਪੰਜਾਬ ਵਿੱਚ ਮੌਜੂਦਾ ਸਮੇਂ ਝੋਨੇ ਦੀ ਲੁਆਈ ਆਖਰੀ ਪੜਾਅ ਵਿੱਚ ਹੈ। ਇਸ ਸਮੇਂ ਪੈ ਰਿਹਾ ਮੀਂਹ ਝੋਨੇ ਦੀ ਫ਼ਸਲ ਲਈ ਵੀ ਲਾਹੇਵੰਦ ਸਾਬਤ ਹੋਵੇਗਾ। ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਦੂਜੇ ਪਾਸੇ ਆਮ ਲੋਕਾਂ ਨੇ ਵੀ ਹੁੰਮਸ ਭਰੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ 24 ਘੰਟਿਆਂ ਦੌਰਾਨ ਸਭ ਤੋਂ ਵੱਧ ਮੀਂਹ ਹੁਸ਼ਿਆਰਪੁਰ ਵਿੱਚ ਪਿਆ ਹੈ, ਉੱਥੇ 96.5 ਐੱਮਐੱਮ ਮੀਂਹ ਪਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 27.2 ਐੱਮਐੱਮ, ਲੁਧਿਆਣਾ ਵਿੱਚ 10.6 ਐੱਮਐੱਮ, ਪਟਿਆਲਾ ਵਿੱਚ 3.4 ਐੱਮਐੱਮ, ਪਠਾਨਕੋਟ ਵਿੱਚ 55.5 ਐੱਮਐੱਮ, ਗੁਰਦਾਸਪੁਰ ਵਿੱਚ 2.2 ਐੱਮਐੱਮ, ਨਵਾਂ ਸ਼ਹਿਰ ਵਿੱਚ 25.5 ਐੱਮਐੱਮ, ਫਤਿਹਗੜ੍ਹ ਸਾਹਿਬ ਵਿੱਚ 4 ਐੱਮਐੱਮ, ਫਿਰੋਜ਼ਪੁਰ ਵਿੱਚ 6.5 ਐੱਮਐੱਮ, ਮੁਹਾਲੀ ਵਿੱਚ 19.5 ਐੱਮਐੱਮ ਅਤੇ ਰੋਪੜ ਵਿੱਚ 18 ਐੱਮਐੱਮ ਮੀਂਹ ਪਿਆ ਹੈ।
+
Advertisement
Advertisement
Advertisement
Advertisement
×