ਰਾਜਸਥਾਨ: ਮੁੱਖ ਮੰਤਰੀ ਦਫ਼ਤਰ ਅਤੇ ਜੈਪੁਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਰਾਜਸਥਾਨ ਦੇ ਮੁੱਖ ਮੰਤਰੀ ਦਫਤਰ ਤੇ ਜੈਪੁਰ ਕੌਮਾਂਤਰੀ ਹਵਾਈ ਅੱਡੇ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਜਾਣਕਾਰੀ ਅਨੁਸਾਰ ਜੈਪੁਰ ਹਵਾਈ ਅੱਡੇ ਦੀ ਅਧਿਕਾਰਤ ਈਮੇਲ ਆਈਡੀ ’ਤੇ ਧਮਕੀ ਭਰਿਆ ਸੰਦੇਸ਼ ਆਇਆ ਕਿ ਮੁੱਖ ਮੰਤਰੀ ਦਫਤਰ ਤੇ ਜੈਪੁਰ ਹਵਾਈ ਅੱਡੇ ਨੂੰ ਇੱਕ-ਦੋ ਘੰਟਿਆਂ ਦੇ ਅੰਦਰ ਉਡਾ ਦਿੱਤਾ ਜਾਵੇਗਾ ਜਿਸ ਨਾਲ ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦਿਆਂ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘ਇਹ ਧਮਕੀ ਮਿਲਣ ਮਗਰੋਂ ਮੁੱਖ ਮੰਤਰੀ ਦਫ਼ਤਰ ਅਤੇ ਹਵਾਈ ਅੱਡੇ ’ਤੇ ਬੰਬ ਵਿਰੋਧੀ ਦਸਤੇ, ਪੁਲੀਸ, ਫਾਇਰ ਬ੍ਰਿਗੇਡ ਅਤੇ ਸਿਵਲ ਡਿਫੈਂਸ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਤੇ ਹਰ ਪਾਸੇ ਜਾਂਚ ਕੀਤੀ ਗਈ ਪਰ ਦੋਵਾਂ ਥਾਵਾਂ ’ਤੇ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।’ ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਮੁੱਖ ਮੰਤਰੀ ਦਫ਼ਤਰ ਵਿੱਚ ਸਿਰਫ਼ ਗਿਣਤੀ ਦੇ ਹੀ ਅਧਿਕਾਰੀ ਅਤੇ ਸਟਾਫ਼ ਮੌਜੂਦ ਸਨ। ਉਨ੍ਹਾਂ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ।