ਰਾਜ ਸਭਾ: ਮਾਰਸ਼ਲਾਂ ਦੀ ਥਾਂ ਸੀਆਈਐੱਸਐੱਫ ਦੀ ਤਾਇਨਾਤੀ ਨੂੰ ਲੈ ਕੇ ਹੰਗਾਮਾ, ਸਦਨ 2 ਵਜੇ ਤੱਕ ਮੁਲਤਵੀ
ਰਾਜ ਸਭਾ ਵਿੱਚ ਵਿਰੋਧੀ ਪਾਰਟੀਆਂ ਨੇ ਮੰਗਲਵਾਰ ਨੂੰ ਇਹ ਦਾਅਵਾ ਕਰਦੇ ਹੋਏ ਹੰਗਾਮਾ ਕੀਤਾ ਕਿ ਪਿਛਲੇ ਹਫ਼ਤੇ ਸਦਨ ਅੰਦਰ ਮਾਰਸ਼ਲਾਂ ਦੀ ਥਾਂ ਸੀਆਈਐੱਸਐੱਫ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਸੀ। ਹਾਲਾਂਕਿ ਰਾਜ ਸਭਾ ਦੇ ਡਿਪਟੀ ਚੇਅਰਮੈਨ ਅਤੇ ਸਰਕਾਰ, ਦੋਵਾਂ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ।
ਕਾਂਗਰਸ ਅਤੇ ਹੋਰਨਾਂ ਵਿਰੋਧੀ ਧਿਰਾਂ ਦੇ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਿਫ਼ਰ ਕਾਲ (ਸਵੇਰ ਦੇ ਸੈਸ਼ਨ) ਦੌਰਾਨ ਸੂਚੀਬੱਧ ਕਾਗਜ਼ਾਤ ਅਤੇ ਰਿਪੋਰਟਾਂ ਪੇਸ਼ ਕੀਤੇ ਜਾਣ ਤੋਂ ਤੁਰੰਤ ਬਾਅਦ, ਡਿਪਟੀ ਚੇਅਰਮੈਨ ਹਰਿਵੰਸ਼ ਨੇ ਅਫਸੋਸ ਪ੍ਰਗਟ ਕੀਤਾ ਕਿ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਉਨ੍ਹਾਂ ਨੂੰ ਲਿਖਿਆ ਇੱਕ ਪੱਤਰ ਮੀਡੀਆ ਨਾਲ ਸਾਂਝਾ ਕੀਤਾ ਹੈ।
ਸ਼ੁੱਕਰਵਾਰ ਨੂੰ ਲਿਖੇ ਪੱਤਰ ਵਿੱਚ ਖੜਗੇ ਨੇ ਕਿਹਾ ਸੀ ਕਿ ਸਦਨ ਵਿੱਚ ਸੀਆਈਐੱਸਐੱਫ ਦੇ ਕਰਮਚਾਰੀ ਤਾਇਨਾਤ ਹਨ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਦੀ ਵਰਤੋਂ ਕਰਨ ਤੋਂ ਰੋਕ ਰਹੇ ਹਨ।
ਹਰਿਵੰਸ਼ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਖੜਗੇ ਦੇ ਇਸ ਦਾਅਵੇ ਦਾ ਖੰਡਨ ਕੀਤਾ ਕਿ ਸਦਨ ਵਿੱਚ ਤਾਇਨਾਤ ਕਰਮਚਾਰੀ ਸੰਸਦੀ ਸੁਰੱਖਿਆ ਨਾਲ ਸਬੰਧਤ ਹਨ। ਰਿਜਿਜੂ ਨੇ ਕਿਹਾ ਕਿ ਖੜਗੇ ਸਦਨ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ਸਦਨ ਦੇ ਨੇਤਾ ਜੇਪੀ ਨੱਡਾ ਨੇ ਕਿਹਾ ਕਿ ਵਿਰੋਧੀ ਧਿਰ ‘ਅਰਾਜਕਤਾਵਾਦ’ ਵਿੱਚ ਸ਼ਾਮਲ ਹੈ।