ਨਵੀਂ ਦਿੱਲੀ, 5 ਅਕਤੂਬਰ
ਦੱਖਣੀ ਪੱਛਮੀ ਦਿੱਲੀ ਵਿੱਚ ਨੌਂ ਸਾਲ ਦੀ ਲੜਕੀ ਨਾਲ ਕਥਿਤ ਜਬਰ-ਜਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਪੀੜਤਾ ਦੀ ਪਛਾਣ ਜਨਤਕ ਕਰਨ ਦੇ ਦੋਸ਼ ਵਿੱਚ ਰਾਹੁਲ ਗਾਂਧੀ ਖ਼ਿਲਾਫ਼ ਐੱਫਆਈਆਰ ਦਰਜ ਕਰਨ ਲਈ ਦਾਇਰ ਪਟੀਸ਼ਨ ’ਤੇ ਹਾਈ ਕੋਰਟ ਨੇ ਅੱਜ ਟਵਿੱਟਰ ਤੋਂ ਜਵਾਬ ਮੰਗਿਆ ਹੈ। ਰਾਹੁਲ ਨੇ ਕਥਿਤ ਤੌਰ ’ਤੇ ਮ੍ਰਿਤਕ ਲੜਕੀ ਅਤੇ ਉਸ ਦੇ ਮਾਤਾ-ਪਿਤਾ ਦੀ ਇੱਕ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕਰ ਦਿੱਤੀ ਸੀ। ਚੀਫ਼ ਜਸਟਿਸ ਡੀਐੱਨ ਪਟੇਲ ਅਤੇ ਜਸਟਿਸ ਜੋਤੀ ਸਿੰਘ ਨੇ ਜਨਹਿੱਤ ਪਟੀਸ਼ਨ ’ਤੇ ਰਾਹੁਲ ਅਤੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਸਿਰਫ਼ ਟਵਿੱਟਰ ਨੂੰ ਨੋਟਿਸ ਜਾਰੀ ਕਰ ਰਹੇ ਹਾਂ। ਇਸ ਦੇ ਨਾਲ ਹੀ ਬੈਂਚ ਨੇ ਮਾਮਲੇ ਦੀ ਸੁਣਵਾਈ 30 ਨਵੰਬਰ ’ਤੇ ਪਾ ਦਿੱਤੀ ਹੈ। ਟਵਿੱਟਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਗਾਂਧੀ ਦਾ ਟਵਿੱਟਰ ਅਕਾਊਂਟ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਜਿਸ ਟਵੀਟ ’ਤੇ ਮਾਮਲਾ ਦਰਜ ਹੈ, ਉਸ ਨੂੰ ਹਟਾ ਦਿੱਤਾ ਗਿਆ ਸੀ ਕਿਉਂਕਿ ਉਸ ਨਾਲ ਟਵਿੱਟਰ ਦੀ ਨੀਤੀ ਦੀ ਉਲੰਘਣਾ ਹੁੰਦੀ ਸੀ। -ਪੀਟੀਆਈ