ਨਵੀਂ ਦਿੱਲੀ, 18 ਮਈ
ਮੁਜ਼ਾਹਰਾਕਾਰੀ ਪਹਿਲਵਾਨਾਂ ਨੇ ਅੱਜ ਕਿਹਾ ਕਿ ਉਹ ਮਹਿਲਾ ਪਹਿਲਵਾਨਾਂ ਨੂੰ ਇਨਸਾਫ ਯਕੀਨੀ ਬਣਾਉਣ ਲਈ ਖੇਡਾਂ ‘ਚ ਆਪਣਾ ਕਰੀਅਰ ਕੁਰਬਾਨ ਕਰਨ ਨੂੰ ਤਿਆਰ ਹਨ। ਉਨ੍ਹਾਂ ਨਾਲ ਹੀ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਪੈਨਲ ਵੱਲੋਂ ਅੰਡਰ-17 ਤੇ ਅੰਡਰ-23 ਏਸ਼ਿਆਈ ਚੈਂਪੀਅਨਸ਼ਿਪ ਲਈ ਕਿਰਗਿਜ਼ਸਤਾਨ ਦੇ ਬਿਸ਼ਕੇਕ ‘ਚ 10 ਤੋਂ 18 ਜੂਨ ਤੱਕ ਟਰਾਇਲ ਲੈਣ ਦੇ ਲਏ ਫ਼ੈਸਲੇ ਦੀ ਵੀ ਸ਼ਲਾਘਾ ਕੀਤੀ। ਰਾਜਘਾਟ ‘ਤੇ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ, ਸੰਗੀਤਾ ਫੋਗਾਟ ਨਾਲ ਬਜਰੰਗ ਪੂਨੀਆ ਨੇ ਮੀਡੀਆ ਨੂੰ ਕਿਹਾ ਕਿ ਜਦੋਂ ਤੱਕ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਰੁਕਣਗੇ ਨਹੀਂ। ਇਸ ਸਾਲ ਏਸ਼ਿਆਈ ਖੇਡਾਂ ਦੀਆਂ ਤਿਆਰੀਆਂ ਬਾਰੇ ਬਰਜੰਗ ਪੂਨੀਆ ਨੇ ਕਿਹਾ ਕਿ ਪੀੜਤਾਂ ਨੂੰ ਨਿਆਂ ਦਿਵਾਉਣਾ ਹੁਣ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੀਆਂ ਧੀਆਂ ਨੂੰ ਇਨਸਾਫ ਮਿਲਦਾ ਹੈ ਤਾਂ ਇਹੀ ਉਨ੍ਹਾਂ ਲਈ ਸਭ ਤੋਂ ਵੱਡਾ ਮੈਡਲ ਹੈ।
ਇਸੇ ਦੌਰਾਨ ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਦੋਸ਼ ਲਾਇਆ ਕਿ ਉਹ ਆਪਣੇ ਸੰਸਦ ਮੈਂਬਰ ਤੇ ਡਬਲਿਊਐੱਫਆਈ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਨ੍ਹਾਂ ਨੂੰ ਮਹਿਲਾ ਪਹਿਲਵਾਨਾਂ ਵੱਲੋਂ ਬ੍ਰਿਜਭੂਸ਼ਨ ‘ਤੇ ਲਾਏ ਗਏ ਜਿਨਸੀ ਛੇੜਛਾੜ ਦੇ ਦੋਸ਼ਾਂ ਦੇ ਮਾਮਲੇ ‘ਚ ਆਪਣੀ ਚੁੱਪ ਤੋੜਨੀ ਚਾਹੀਦੀ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕੀਤਾ, ‘ਜਿਨ੍ਹਾਂ ਖਿਡਾਰੀਆਂ ਨੇ ਤਗ਼ਮੇ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਉਹ ਚਾਰ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ ਪਰ ਪ੍ਰਧਾਨ ਮੰਤਰੀ ਆਪਣੇ ਸੰਸਦ ਮੈਂਬਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।’ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ‘ਤੇ ਆਪਣੀ ਚੁੱਪ ਤੋੜਨ। ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਵੀ ਅੱਜ ਪਹਿਲਵਾਨਾਂ ਦੇ ਧਰਨੇ ‘ਚ ਪਹੁੰਚੇ ਤੇ ਉਨ੍ਹਾਂ ਪਹਿਲਵਾਨਾਂ ਨੂੰ ਆਪਣੀ ਹਮਾਇਤ ਦਿੱਤੀ। -ਪੀਟੀਆਈ
ਅਯੁੱਧਿਆ ‘ਚ 5 ਜੂਨ ਨੂੰ ਸ਼ਕਤੀ ਪ੍ਰਦਰਸ਼ਨ ਕਰੇਗਾ ਬ੍ਰਿਜ ਭੂਸ਼ਨ
ਗੌਂਡਾ: ਮਹਿਲਾ ਪਹਿਲਵਾਨਾਂ ਵੱਲੋਂ ਲਾਏ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਭਾਜਪਾ ਦਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਜਨਮ ਦਿਨ ਮੌਕੇ ਆਉਂਦੀ ਪੰਜ ਜੂਨ ਨੂੰ ਅਯੁੱਧਿਆ ਦੇ ਰਾਮ ਕਥਾ ਪਾਰਕ ‘ਚ ਰੈਲੀ ਕਰਕੇ ਸ਼ਕਤੀ ਪ੍ਰਦਰਸ਼ਨ ਕਰੇਗਾ। ਉਨ੍ਹਾਂ ਕਿਹਾ, ‘ਇਸ ਰੈਲੀ ਦੌਰਾਨ ਦੇਸ਼ ਭਰ ਦੇ ਬੁੱਧੀਜੀਵੀਆਂ ਨਾਲ ਇਸ ਗੱਲ ‘ਤੇ ਚਰਚਾ ਹੋਵੇਗੀ ਕਿ ਇਸ ਗੰਭੀਰ ਅਪਰਾਧ ਦੇ ਮਾਮਲਿਆਂ ‘ਚ ਕਾਨੂੰਨ ਦੀ ਦੁਰਵਰਤੋਂ ਕਰਨ ਵਾਲਿਆਂ ਨਾਲ ਕਿਵੇਂ ਨਜਿੱਠਿਆ ਜਾਵੇ।’ -ਪੀਟੀਆਈ