ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਪਰ ਕਾਨੂੰਨ ਰੱਦ ਕਰਨ ਲਈ ਨਹੀਂ: ਤੋਮਰ

ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਪਰ ਕਾਨੂੰਨ ਰੱਦ ਕਰਨ ਲਈ ਨਹੀਂ: ਤੋਮਰ

ਨਵੀਂ ਦਿੱਲੀ, 18 ਜੂਨ

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਅੱਧੀ ਰਾਤ ਨੂੰ ਵੀ ਗੱਲ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਹਜ਼ਾਰਾਂ ਕਿਸਾਨ ਪਿਛਲੇ ਸਾਲ ਨਵਬੰਰ ਤੋਂ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਹਨ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਕੇਂਦਰੀ ਮੰਤਰੀ ਨੇ ਕਿਹਾ, ‘‘ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਨ ਲਈ ਸਰਕਾਰ ਹਮੇਸ਼ਾ ਤਿਆਰ ਹੈ। ਜੇਕਰ ਉਹ ਅੱਧੀ ਰਾਤ ਵੀ ਆਉਣ ਤਾਂ ਮੈਂ ਉਨ੍ਹਾਂ ਦਾ ਸਵਾਗਤ ਕਰਾਂਗਾ। ਸਰਕਾਰ ਕਿਸੇ ਵੀ ਸਮੇਂ ਗੱਲਬਾਤ ਲਈ ਤਿਆਰ ਹੈ ਪਰ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਹੈ।’’ ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਸਬੰਧੀ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਤੋਮਰ ਨੇ ਕਿਹਾ ਕਿ ਅਗਸਤ ਮਹੀਨੇ ਤੱਕ ਵੈਕਸੀਨ ਲੋੜੀਂਦੀ ਮਾਤਰਾ ਵਿਚ ਉਪਲੱਬਧ ਹੋਵੇਗੀ। ਕਾਂਗਰਸੀ ਆਗੂ ਦਿਗਵਿਜੈ ਸਿੰਘ ਦੇ ਬਿਆਨ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਉਂਦੀ ਹੈ ਤਾਂ ਧਾਰਾ 370 ਬਹਾਲ ਕਰਨ ਸਬੰਧੀ ਮੁੜ ਵਿਚਾਰ ਕੀਤਾ ਜਾਵੇਗਾ, ਬਾਰੇ ਸ੍ਰੀ ਤੋਮਰ ਨੇ ਕਿਹਾ ਕਿ ਸਾਰਾ ਦੇਸ਼ ਧਾਰਾ 370 ਬਹਾਲ ਕਰਨ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ, ‘‘ਦਿਗਵਿਜੈ ਸਿੰਘ ਦਾ ਇਹ ਬਿਆਨ ਦੇਸ਼ ਨੂੰ    ਕਾਂਗਰਸ ਮੁਕਤ ਕਰੇਗਾ।’’ ਉਨ੍ਹਾਂ ਕਿਹਾ ਕਿ ਉਂਜ ਤਾਂ ਵਿਰੋਧੀ ਪਾਰਟੀ ਦੇ ਸੱਤਾ ਵਿਚ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਜੇਕਰ ਉਹ ਸੱਤਾ ਵਿਚ ਆ ਵੀ ਜਾਂਦੀ ਹੈ ਤਾਂ ਵੀ ਉਹ ਧਾਰਾ 370 ਨੂੰ ਬਹਾਲ ਨਹੀਂ ਕਰ ਸਕੇਗੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All