ਸੱਤਿਆ ਪ੍ਰਕਾਸ਼
ਨਵੀਂ ਦਿੱਲੀ, 25 ਨਵੰਬਰ
ਸੁਪਰੀਮ ਕੋਰਟ ਨੇ 2015 ’ਚ ਵਾਪਰੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਂਜ ਜਸਟਿਸ ਸੰਜੈ ਕਿਸ਼ਨ ਕੌਲ ਦੀ ਅਗਵਾਈ ਹੇਠਲੇ ਬੈਂਚ ਨੇ ਹੇਠਲੀ ਅਦਾਲਤ ਨੂੰ ਕਿਹਾ ਹੈ ਕਿ ਉਹ ਕੇਸ ਦੀ ਸੁਣਵਾਈ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਯਕੀਨੀ ਬਣਾਏ। ਸਿਖਰਲੀ ਅਦਾਲਤ ਨੇ ਛੇ ਮੁਲਜ਼ਮਾਂ ਵੱਲੋਂ ਦਾਖ਼ਲ ਅਰਜ਼ੀ ਨੂੰ ਖਾਰਜ ਕਰ ਦਿੱਤਾ ਜਿਸ ’ਚ ਉਨ੍ਹਾਂ ਖ਼ਦਸ਼ਾ ਜਤਾਇਆ ਸੀ ਕਿ ਪੰਜਾਬ ’ਚ ਮੁਕੱਦਮਾ ਚੱਲਣ ਨਾਲ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲੇਗਾ। ਮੁਲਜ਼ਮਾਂ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਸੂਬੇ ’ਚ ਆਪਣੀ ਜਾਨ ਦਾ ਖ਼ਤਰਾ ਹੈ। ਡੇਰਾ ਸੱਚਾ ਸੌਦਾ ਦੇ ਅੱਠ ਪ੍ਰੇਮੀਆਂ ’ਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਦਿਆਂ ਉਨ੍ਹਾਂ ਦੇ ਅੰਗ ਪਾੜੇ। ਪਿਛਲੇ ਹਫ਼ਤੇ ਬੇਅਦਬੀ ਕਾਂਡ ਦੇ ਮੁਲਜ਼ਮ ਜਤਿੰਦਰਬੀਰ ਸਿੰਘ ਜਿਮੀ ਦੇ ਪਿਤਾ ਮਨੋਹਰ ਲਾਲ ਦੀ ਬਠਿੰਡਾ ਦੇ ਭਗਤਾ ਭਾਈਕਾ ’ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਾਲ 2018 ’ਚ ਵਿਸ਼ੇਸ਼ ਜਾਂਚ ਟੀਮ ਨੇ ਜਿਮੀ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਹੁਣ ਜ਼ਮਾਨਤ ’ਤੇ ਬਾਹਰ ਹੈ।