‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਰਜਿਸਟਰੇਸ਼ਨ ਸ਼ੁਰੂ
w ਸਿਹਤ ਮੰਤਰੀ ਨੇ ਬਰਨਾਲਾ ਤੇ ਤਰਨਤਾਰਨ ਜ਼ਿਲ੍ਹਿਆਂ ਤੋਂ ਕੀਤੀ ਸ਼ੁਰੂਆਤ
ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਯੋਜਨਾ ਦਾ ਆਨਲਾਈਨ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਸਿਹਤ ਏਜੰਸੀ (ਐੱਸ ਐੱਚ ਏ) ਦਫਤਰ ਤੋਂ ਕੀਤਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਪਹਿਲੇ ਦਿਨ ਅੱਜ 1480 ਪਰਿਵਾਰਾਂ ਨੇ ਰਜਿਸਟਰੇਸ਼ਨ ਕਰਵਾਈ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਆਮਦਨ ਸ਼ਰਤ ਦੇ 10 ਲੱਖ ਰੁਪਏ ਦਾ ਵਿਆਪਕ ਸਿਹਤ ਬੀਮਾ ਦਿੱਤਾ ਜਾਵੇਗਾ। ਰਜਿਸਟ੍ਰੇਸ਼ਨ ਲਈ ਸਿਰਫ ਵੋਟਰ ਆਈਡੀ ਕਾਰਡ ਤੇ ਆਧਾਰ ਕਾਰਡ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਦੋ ਜ਼ਿਲ੍ਹਿਆਂ ਦੇ ਤਜਰਬੇ ਦੇ ਆਧਾਰ ’ਤੇ ਰਜਿਸਟਰੇਸ਼ਨ ਮੁਹਿੰਮ ਨੂੰ ਤੇਜ਼ੀਨਾਲ ਸਮੁੱਚੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਅੱਜ ਤੋਂ ਸ਼ੁਰੂਆਤ ਹੋਣ ਦਾ ਐਲਾਨ ਕੀਤਾ ਸੀ। ਇਸ ਯੋਜਨਾ ਤਹਿਤ 2300 ਤੋਂ ਵੱਧ ਛੋਟੀਆਂ-ਵੱਡੀਆਂ ਬਿਮਾਰੀਆਂ ਦੇ ਨਾਲ-ਨਾਲ ਹਾਦਸੇ ਵਾਲੀਆਂ ਸਰਜਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਇਸ ਯੋਜਨਾ ਅਧੀਨ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਤੇ 500 ਤੋਂ ਵੱਧ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਹੈ, ਜਿੱਥੇ ਲੋਕਾਂ ਨੂੰ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਲੋਕਾਂ ਨੂੰ ਘਰਾਂ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਸਰਕਾਰ ਵੱਲੋਂ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ।