ਨਵੀਂ ਦਿੱਲੀ, 18 ਨਵੰਬਰ
ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਵੱਲੋਂ ਭ੍ਰਿਸ਼ਟਾਚਾਰ ਕੇਸ ਦੀ ਮੁੱਢਲੀ ਜਾਂਚ ਰਿਪੋਰਟ ਦਾ ਰਿਕਾਰਡ ਮੰਗਣ ਵਾਲੀ ਅਰਜ਼ੀ ਰੱਦ ਕਰ ਦਿੱਤੀ ਹੈ। ਜਸਟਿਸ ਐੱਸ ਕੇ ਕੌਲ ਦੀ ਅਗਵਾਈ ਹੇਠਲੇ ਬੈਂਚ ਨੇ ਦੇਸ਼ਮੁਖ ਦੀ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਕੀ ਅਦਾਲਤ ਨੂੰ ਇਸ ਅਰਜ਼ੀ ’ਤੇ ਇਸ ਲਈ ਸੁਣਵਾਈ ਕਰਨੀ ਚਾਹੀਦੀ ਹੈ ਕਿਉਂਕਿ ਉਹ ਮੰਤਰੀ ਰਹੇ ਹਨ। ਬੈਂਚ ਨੇ ਕਿਹਾ ਕਿ ਉਹ ਯੋਗ ਅਦਾਲਤ ਕੋਲ ਪਹੁੰਚ ਕਰਕੇ ਫ਼ੈਸਲੇ ’ਤੇ ਸਵਾਲ ਉਠਾ ਸਕਦਾ ਹੈ। ਬੈਂਚ ਨੇ ਕਿਹਾ ਕਿ ਜਾਂਚ ’ਚ ਪਟੀਸ਼ਨਰ ਨੂੰ ਕਲੀਨ ਚਿੱਟ ਦਿੱਤੀ ਗਈ ਸੀ ਅਤੇ ਉਹ ਧਾਰਾ 32 ਤਹਿਤ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਨਹੀਂ ਜਾ ਸਕਦੇ ਹਨ। ਦੇਸ਼ਮੁਖ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਪਹਿਲਾਂ ਅਦਾਲਤ ਨੇ ਕਿਹਾ ਸੀ ਕਿ ਪੁਲੀਸ ਕਮਿਸ਼ਨਰ ਵੱਲੋਂ ਲਾਏ ਗਏ ਦੋਸ਼ਾਂ ’ਤੇ ਮੁੱਢਲੀ ਜਾਂਚ ਮੁਕੰਮਲ ਹੋਣ ਦਿੱਤੀ ਜਾਵੇ ਅਤੇ ਹੁਣ ਪੁਲੀਸ ਕਮਿਸ਼ਨਰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਰਿਪੋਰਟਾਂ ’ਚ ਕਿਹਾ ਗਿਆ ਹੈ ਕਿ ਪਟੀਸ਼ਨਰ ਨੂੰ ਕਲੀਨ ਚਿੱਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਪਰਿਵਾਰਕ ਮੈਂਬਰਾਂ ਅਤੇ ਨੌਕਰਾਂ ਨੂੰ ਰੋਜ਼ਾਨਾ ਸੱਦ ਕੇ ਇਹ ਮੰਨਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਇਹ ਰਿਪੋਰਟ ਲੀਕ ਕੀਤੀ ਹੈ। -ਪੀਟੀਆਈ