ਕੋਲਕਾਤਾ, 19 ਸਤੰਬਰ
ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਅੱਜ ਕੇਂਦਰੀ ਏਜੰਸੀਆਂ ਦੀਆਂ ਜ਼ਿਆਦਤੀਆਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਦੇ ਹੱਕ ’ਚ 189 ਤੇ ਵਿਰੋਧ ’ਚ 69 ਵੋਟਾਂ ਪਈਆਂ ਹਨ। ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਸੂਬੇ ’ਚ ਕੇਂਦਰੀ ਏਜੰਸੀਆਂ ਦੀਆਂ ਕਥਿਤ ਜ਼ਿਆਦਤੀਆਂ ਪਿੱਛੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੱਥ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਇੱਕ ਤਬਕਾ ਆਪਣੇ ਹਿੱਤਾਂ ਖਾਤਰ ਏਜੰਸੀਆਂ ਦੀ ਦੁਰਵਰਤੋਂ ਕਰ ਰਿਹਾ ਹੈ। ਮਤੇ ’ਤੇ ਬੋਲਦਿਆਂ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਕੇਂਦਰ ਸਰਕਾਰ ਦਾ ਏਜੰਡਾ ਤੇ ਉਨ੍ਹਾਂ ਦੀ ਪਾਰਟੀ ਦੇ ਹਿੱਤ ਆਪਸ ’ਚ ਨਾ ਮਿਲਣ। ਭਾਜਪਾ ਨੇ ਮਤੇ ਦਾ ਵਿਰੋਧ ਕੀਤਾ ਜਿਸ ਮਗਰੋਂ ਵਿਧਾਨ ਸਭਾ ਨੇ ਮਤਾ ਪਾਸ ਕਰ ਦਿੱਤਾ। ਟੀਐੱਮਸੀ ਪ੍ਰਧਾਨ ਨੇ ਕਿਹਾ, ‘ਮੌਜੂਦਾ ਕੇਂਦਰ ਸਰਕਾਰ ਤਾਨਾਸ਼ਾਹੀ ਢੰਗ ਨਾਲ ਕੰਮ ਕਰ ਰਹੀ ਹੈ। ਇਹ ਮਤਾ ਕਿਸੇ ਖਾਸ ਦੇ ਖ਼ਿਲਾਫ਼ ਨਹੀਂ ਹੈ ਬਲਕਿ ਕੇਂਦਰੀ ਏਜੰਸੀਆਂ ਦੇ ਪੱਖਪਾਤੀ ਕੰਮਕਾਰ ਖ਼ਿਲਾਫ਼ ਹੈ।’ ਵਿਰੋਧੀ ਧਿਰ ਦੇ ਨੇਤਾ ਸ਼ੁਵੇਂਦੂ ਅਧਿਕਾਰੀ ਨੇ ਕਿਹਾ ਕਿ ਸੀਬੀਆਈ ਤੇ ਈਡੀ ਖ਼ਿਲਾਫ਼ ਅਜਿਹਾ ਮਤਾ ਵਿਧਾਨ ਸਭਾ ਦੇ ਨਿਯਮਾਂ ਦੇ ਖ਼ਿਲਾਫ਼ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਤੇ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਸੂਬੇ ’ਚ ਕਈ ਕੇਸਾਂ ਦੀ ਜਾਂਚ ਕਰ ਰਹੀਆਂ ਹਨ ਜਿਨ੍ਹਾਂ ’ਚ ਟੀਐੱਮਸੀ ਦੇ ਕਈ ਸੀਨੀਅਰ ਆਗੂ ਵੀ ਸ਼ਾਮਲ ਹਨ। -ਪੀਟੀਆਈ