ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਅਗਸਤ
ਸੰਯੁਕਤ ਕਿਸਾਨ ਮੋਰਚਾ ਗਾਜ਼ੀਪੁਰ ਬਾਰਡਰ ਦੇ ਬੁਲਾਰੇ ਜਗਤਾਰ ਸਿੰਘ ਬਾਜਵਾ 5 ਸਤੰਬਰ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਮੁਜ਼ੱਫਰਨਗਰ ਪਹੁੰਚੇ। ਉਨ੍ਹਾਂ ਨਾਲ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਮੀਡੀਆ ਇੰਚਾਰਜ ਧਰਮਿੰਦਰ ਮਲਿਕ ਵੀ ਸਨ। ਬਾਜਵਾ ਨੇ ਕਿਹਾ ਕਿ ਨਿੱਜੀਕਰਨ ਦੇ ਨਾਂ ’ਤੇ ਦੇਸ਼ ਦੀ ਸੰਪਤੀ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਵੀ ਗਿਰਵੀ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ ਦਾ ਭਵਿੱਖ ਹਨੇਰੇ ਵਿੱਚ ਹੈ। ਅਜਿਹੀ ਸਥਿਤੀ ਵਿੱਚ ਦੇਸ਼ ਦੀਆਂ ਸਾਰੀਆਂ ਸੰਸਥਾਵਾਂ ਦੀ ਏਕਤਾ ਤੇ ਅੰਦੋਲਨ ਪ੍ਰਤੀ ਗੰਭੀਰਤਾ ਸੰਘਰਸ਼ ਨੂੰ ਨਵੀਂਆਂ ਬੁਲੰਦੀਆਂ ’ਤੇ ਲੈ ਜਾਵੇਗੀ। ਉਨ੍ਹਾਂ ਕਿਹਾ ਕਿ 5 ਸਤੰਬਰ ਨੂੰ ਹੋਣ ਵਾਲੀ ਮੁਜ਼ੱਫਰਨਗਰ ਮਹਾਪੰਚਾਇਤ ਇਤਿਹਾਸਕ ਹੋਵੇਗੀ।