RG KAR Rape Case: ਪੀੜਤਾ ਦੇ ਪਿਤਾ ਨੇ ਬੰਗਾਲ ਸਰਕਾਰ ‘ਤੇ ਲਾਏ ਗੰਭੀਰ ਇਲਜ਼ਾਮ
ਆਰਜੀ ਕਰ ( RG KAR) ਹਸਪਤਾਲ ਮਾਮਲੇ ਦੀ ਪੀੜਤਾ ਦੇ ਪਿਤਾ ਨੇ ਦੋਸ਼ ਲਾਇਆ ਕਿ ਲੰਘੇ ਦਿਨ ਵਿਰੋਧ ਮਾਰਚ ਦੌਰਾਨ ਪੁਲੀਸ ਲਾਠੀਚਾਰਜ ਵਿੱਚ ਜ਼ਖ਼ਮੀ ਹੋਈ ਉਸ ਦੀ ਪਤਨੀ ਨੂੰ ਪੱਛਮੀ ਬੰਗਾਲ ਸਰਕਾਰ ਵੱਲੋਂ ਦਬਾਅ ਪਾਏ ਜਾਣ ਤੋਂ ਬਾਅਦ ਨਿੱਜੀ ਹਸਪਤਾਲ ਨੇ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ।
ਪੀੜਤਾ ਦੀ ਮਾਂ ਦੇ ਸ਼ਨਿਚਰਵਾਰ ਨੂੰ ਸੀਟੀ ਸਕੈਨ ਅਤੇ ਹੋਰ ਟੈਸਟ ਕੀਤੇ ਗਏ ਸਨ ਤਾਂ ਜੋ ਅੰਦਰੂਨੀ ਸੱਟਾਂ ਦਾ ਗੰਭੀਰਤਾ ਨਾਲ ਮੁਲਾਂਕਣ ਕੀਤਾ ਜਾ ਸਕੇ। ਉਸ ਦੇ ਮੱਥੇ, ਹੱਥ ਅਤੇ ਪਿੱਠ ’ਤੇ ਸੱਟਾਂ ਲੱਗੀਆਂ ਸਨ। ਹਾਲਾਂਕਿ ਹਸਪਤਾਲ ਦੇ ਅਧਿਕਾਰੀਆਂ ਨਾਲ ਜਦੋਂ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਪੀੜਤਾ ਦੇ ਪਿਤਾ ਨੇ ਦੱਸਿਆ ਕਿ ਸ਼ਨਿਚਰਵਾਰ ਸ਼ਾਮ ਨੂੰ ਜਦੋਂ ਉਸ ਦੀ ਪਤਨੀ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਸਲਾਹ ਦਿੱਤੀ ਸੀ ਕਿ ਮਰੀਜ਼ ਨੂੰ ਘੱਟੋ-ਘੱਟ ਦੋ ਦਿਨ ਹਸਪਤਾਲ ਵਿੱਚ ਰਹਿਣਾ ਹੋਵੇਗਾ। ਅੱਜ ਦੁਪਹਿਰ ਵੇਲੇ, ਪੀੜਤਾ ਦੀ ਮਾਂ ਨੂੰ ਹਸਪਤਾਲ ਦੇ ਅਧਿਕਾਰੀਆਂ ਨੇ ਛੁੱਟੀ ਦੇ ਦਿੱਤੀ ਜਿਸ ਨੂੰ ਰਾਤ ਭਰ ਹਸਪਤਾਲ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਗਈ ਸੀ।
ਪੀੜਤਾ ਦੀ ਮਾਂ ਨੇ ਸ਼ਨਿਚਰਵਾਰ ਨੂੰ ਦੋਸ਼ ਲਾਇਆ ਸੀ ਕਿ ਪੱਛਮੀ ਬੰਗਾਲ ਸੂਬਾ ਸਕੱਤਰੇਤ ‘ਨੱਬਾਨ’ ਤੱਕ ਮਾਰਚ ਦੌਰਾਨ ਮਹਿਲਾ ਪੁਲੀਸ ਮੁਲਾਜ਼ਮਾਂ ਵੱਲੋਂ ਉਸ ਨਾਲ ਬਦਸਲੂਕੀ ਕੀਤੀ ਗਈ। ਇਹ ਮਾਰਚ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਉਸ ਦੀ ਧੀ ਨਾਲ ਜਬਰ-ਜਨਾਹ ਤੇ ਹੱਤਿਆ ਦੀ ਘਟਨਾ ਨੂੰ ਇਕ ਸਾਲ ਪੂਰਾ ਹੋਣ ’ਤੇ ਕੀਤਾ ਗਿਆ ਸੀ।