ਨਵੀਂ ਦਿੱਲੀ, 2 ਅਗਸਤ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਬਿੂਬਾ ਮੁਫ਼ਤੀ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਦੋਂ ਸਿਆਸੀ ਆਗੂਆਂ ਨੂੰ ਹਿਰਾਸਤ ’ਚ ਲਿਆ ਗਿਆ ਉਦੋਂ ਭਾਰਤ ਦਾ ਲੋਕਤੰਤਰ ਢਹਿ-ਢੇਰੀ ਹੋ ਗਿਆ ਸੀ।
ਪਿਛਲੇ ਸਾਲ ਅਗਸਤ ਵਿੱਚ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਹਟਾਏ ਵੇਲੇ ਪੀਪਲਜ਼ ਡੈਮੋਕਰੈਟਿਕ ਪਾਰਟੀ ਦੀ ਆਗੂ ਨੂੰ ਜਨ ਸੁਰੱਖਿਆ ਐਕਟ ਤਹਿਤ ਹਿਰਾਸਤ ’ਚ ਲਿਆ ਗਿਆ ਸੀ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ ਕਸ਼ਮੀਰ ਤੇ ਲੱਦਾਖ ਵਿੱਚ ਵੰਡ ਦਿੱਤਾ ਗਿਆ ਸੀ।
ਰਾਹੁਲ ਨੇ ਟਵਿੱਟਰ ’ਤੇ ਕਿਹਾ, ‘‘ਜਦੋਂ ਭਾਰਤ ਸਰਕਾਰ ਵੱਲੋਂ ਸਿਆਸੀ ਆਗੂਆਂ ਨੂੰ ਹਿਰਾਸਤ ’ਚ ਲਿਆ ਗਿਆ ਉਦੋਂ ਹੀ ਭਾਰਤ ਦਾ ਲੋਕਤੰਤਰ ਢਹਿ-ਢੇਰੀ ਹੋ ਗਿਆ ਸੀ। ਮਹਬਿੂਬਾ ਮੁਫ਼ਤੀ ਨੂੰ ਰਿਹਾਅ ਕਰਨ ਦਾ ਇਹ ਢੁੱਕਵਾਂ ਸਮਾਂ ਹੈ।’’ ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਜਨ ਸੁਰੱਖਿਆ ਐਕਟ ਅਧੀਨ ਮਹਬਿੂਬਾ ਮੁਫ਼ਤੀ ਦੀ ਹਿਰਾਸਤ ਤਿੰਨ ਮਹੀਨਿਆਂ ਲਈ ਵਧਾ ਦਿੱਤੀ ਸੀ।
-ਪੀਟੀਆਈ