ਨਵੀਂ ਦਿੱਲੀ, 8 ਮਾਰਚ
ਵਿਰੋਧੀ ਧਿਰ ਵੱਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਬਹਿਸ ਦੀ ਮੰਗ ਅਤੇ ਹੰਗਾਮਾ ਜਾਰੀ ਰਹਿਣ ਕਾਰਨ ਸੋਮਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਠੱਪ ਹੋ ਕੇ ਰਹਿ ਗਈ। ਬਜਟ ਇਜਲਾਸ ਦੇ ਦੂਜੇ ਪੜਾਅ ਦਾ ਅੱਜ ਪਹਿਲਾ ਦਿਨ ਸੀ ਪਰ ਰਾਜ ਸਭਾ ’ਚ ਵਿਰੋਧੀ ਧਿਰ ਵੱਲੋਂ ਪ੍ਰਦਰਸ਼ਨ ਕੀਤੇ ਜਾਣ ਕਾਰਨ ਸਦਨ ਦੀ ਕਾਰਵਾਈ ਚਾਰ ਵਾਰ ਮੁਲਤਵੀ ਕਰਨੀ ਪਈ। ਹੰਗਾਮਾ ਜਾਰੀ ਰਹਿਣ ਮਗਰੋਂ ਦੋਵੇਂ ਸਦਨਾਂ ਨੂੰ ਦਿਨ ਭਰ ਲਈ ਉਠਾ ਦਿੱਤਾ ਗਿਆ। ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਕੰਮਕਾਜ ਮੁਅੱਤਲ ਕਰਨ ਦਾ ਨੋਟਿਸ ਦਿੰਦਿਆਂ ਈਂਧਣ ਦੀਆਂ ਵੱਧ ਰਹੀਆਂ ਕੀਮਤਾਂ ਦੇ ਮੁੱਦੇ ’ਤੇ ਚਰਚਾ ਦੀ ਮੰਗ ਕੀਤੀ ਸੀ। ਚੇਅਰਮੈਨ ਨੇ ਚਰਚਾ ਦੀ ਇਜਾਜ਼ਤ ਨਾ ਦਿੰਦਿਆਂ ਕਿਹਾ ਕਿ ਇਸ ਮੁੱਦੇ ’ਤੇ ਵਿਚਾਰ ਵਟਾਂਦਰਾ ਨਮਿੱਤਣ (ਐਪਰੋਪ੍ਰੀਏਸ਼ਨ) ਬਿੱਲ ਦੌਰਾਨ ਕੀਤਾ ਜਾ ਸਕਦਾ ਹੈ ਪਰ ਖੜਗੇ ਨੂੰ ਕਿਹਾ ਕਿ ਉਹ ਨੋਟਿਸ ਦਾ ਵਿਸ਼ਾ ਸਪੱਸ਼ਟ ਕਰਨ। ਖੜਗੇ ਨੇ ਦਾਅਵਾ ਕੀਤਾ ਕਿ ਪੈਟਰੋਲ ਦੀ ਕੀਮਤ ’ਚ 2014 ਤੋਂ ਬਾਅਦ ਕਰੀਬ 820 ਫ਼ੀਸਦ ਅਤੇ ਐਕਸਾਈਜ਼ ਡਿਊਟੀ ’ਚ ਕਰੀਬ 258 ਫ਼ੀਸਦ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਿਛਲੇ ਛੇ ਸਾਲਾਂ ’ਚ ਪੈਟਰੋਲੀਅਮ ਪਦਾਰਥਾਂ ਤੋਂ 21 ਲੱਖ ਕਰੋੜ ਰੁਪਏ ਦਾ ਮੁਨਾਫ਼ਾ ਹੋਇਆ ਹੈ। ਉਨ੍ਹਾਂ ਇਸ ਨੂੰ ਭਖਦਾ ਮਸਲਾ ਕਰਾਰ ਦਿੰਦਿਆਂ ਕਿਹਾ ਕਿ ਦੇਸ਼ ਭਰ ’ਚ ਲੋਕ ਪ੍ਰਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨਿਯਮ 267 ਤਹਿਤ ਕਾਰਵਾਈ ਰੋਕ ਕੇ ਵਿਸ਼ੇ ’ਤੇ ਬੋਲਣ ਦੀ ਮੰਗ ਕੀਤੀ ਹੈ। ਜਦੋਂ ਚੇਅਰਮੈਨ ਨੇ ਉਨ੍ਹਾਂ ਨੂੰ ਪ੍ਰਸ਼ਨਕਾਲ ’ਚ ਇਹ ਮੁੱਦਾ ਉਠਾਉਣ ਤੋਂ ਰੋਕਿਆ ਤਾਂ ਵਿਰੋਧੀ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਚੇਅਰਮੈਨ ਨੇ ਕਿਹਾ,‘‘ਲੋਕਤੰਤਰ ਦਾ ਮਜ਼ਾਕ ਨਾ ਬਣਾਉ ਅਤੇ ਸਾਰੇ ਆਪਣੀਆਂ ਸੀਟਾਂ ’ਤੇ ਜਾਣ।’’ ਜਦੋਂ ਮੈਂਬਰ ਨਾ ਮੰਨੇ ਤਾਂ ਉਨ੍ਹਾਂ ਕਾਰਵਾਈ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੀ। ਇਸ ਮਗਰੋਂ ਜਿੰਨੀ ਵਾਰ ਵੀ ਸਦਨ ਦੀ ਕਾਰਵਾਈ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ ਜਿਸ ਮਗਰੋਂ ਸਦਨ ਨੂੰ ਦਿਨ ਭਰ ਲਈ ਉਠਾ ਦਿੱਤਾ ਗਿਆ। ਇਸ ਦੌਰਾਨ ਸ੍ਰੀ ਨਾਇਡੂ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਕੁਝ ਮੈਂਬਰ ਸਦਨ ਦੀ ਕਾਰਵਾਈ ’ਚ ਹਿੱਸਾ ਨਹੀਂ ਲੈ ਰਹੇ ਹਨ। ਉਨ੍ਹਾਂ ਮੈਂਬਰਾਂ ਨੂੰ ਕਿਹਾ ਕਿ ਉਹ ਸਦਨ ’ਚ ਹਾਜ਼ਰ ਰਹਿਣ।
-ਪੀਟੀਆਈ
ਬਜਟ ਇਜਲਾਸ ਤੈਅ ਸਮੇਂ ਤੋਂ ਪਹਿਲਾਂ ਹੋ ਸਕਦੈ ਖ਼ਤਮ
ਨਵੀਂ ਦਿੱਲੀ: ਸੰਸਦ ਦਾ ਬਜਟ ਇਜਲਾਸ ਤੈਅ ਸਮੇਂ ਤੋਂ ਪਹਿਲਾਂ ਖ਼ਤਮ ਹੋ ਸਕਦਾ ਹੈ। ਵਿਧਾਨ ਸਭਾ ਚੋਣਾਂ ਦੇ 27 ਮਾਰਚ ਤੋਂ ਸ਼ੁਰੂ ਹੋਣ ਵਾਲੇ ਗੇੜ ਤੋਂ ਪਹਿਲਾਂ ਇਜਲਾਸ ’ਚ ਕਟੌਤੀ ਕਰਕੇ ਇਸ ਨੂੰ ਉਠਾਇਆ ਜਾ ਸਕਦਾ ਹੈ। ਉਧਰ ਸੰਸਦ ਦੇ ਦੋਵੇਂ ਸਦਨਾਂ ’ਚ ਮੰਗਲਵਾਰ ਤੋਂ ਪਹਿਲਾਂ ਵਾਲੇ ਸਮੇਂ ਸਵੇਰੇ 11 ਵਜੇ ਤੋਂ ਕਾਰਵਾਈ ਆਰੰਭ ਹੋਵੇਗੀ ਅਤੇ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਆਪੋ ਆਪਣੇ ਸਦਨਾਂ ’ਚ ਹੀ ਬੈਠਣਗੇ। ਕਰੋਨਾਵਾਇਰਸ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ ਵੱਖੋ ਵੱਖਰੇ ਸਮੇਂ ’ਤੇ ਚਲਾਈ ਜਾ ਰਹੀ ਸੀ ਅਤੇ ਮੈਂਬਰਾਂ ਨੂੰ ਵੀ ਅੱਡੋ ਅੱਡ ਥਾਵਾਂ ’ਤੇ ਬਿਠਾਇਆ ਜਾ ਰਿਹਾ ਸੀ। ਸੂਤਰਾਂ ਨੇ ਕਿਹਾ ਕਿ ਕਈ ਪਾਰਟੀਆਂ ਨੇ ਬੇਨਤੀ ਕੀਤੀ ਸੀ ਕਿ ਇਜਲਾਸ 8 ਅਪਰੈਲ ਦੀ ਬਜਾਏ ਪਹਿਲਾਂ ਹੀ ਖ਼ਤਮ ਕੀਤਾ ਜਾਵੇ। ਵੱਖ ਵੱਖ ਪਾਰਟੀਆਂ ਦੇ ਸਦਨ ’ਚ ਆਗੂਆਂ ਨੇ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮਿਲ ਕੇ ਬੇਨਤੀ ਕੀਤੀ ਕਿ ਉਹ ਬਜਟ ਇਜਲਾਸ ਨੂੰ ਛੋਟਾ ਕਰਨ ਤਾਂ ਜੋ ਉਹ ਚਾਰ ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ’ਤੇ ਧਿਆਨ ਕੇਂਦਰਤ ਕਰ ਸਕਣ। ਜਾਣਕਾਰੀ ਮੁਤਾਬਕ ਕਰੀਬ 145 ਮੈਂਬਰਾਂ ਨੇ ਸਪੀਕਰ ਨੂੰ ਪੱਤਰ ਲਿਖ ਕੇ ਇਜਲਾਸ ਛੋਟਾ ਕਰਨ ਦੀ ਮੰਗ ਕੀਤੀ ਹੈ। ਟੀਐੱਮਸੀ ਆਗੂ ਡੈਰੇਕ ਓ’ਬ੍ਰਾਇਨ ਨੇ ਰਾਜ ਸਭਾ ਦੇ ਚੇਅਰਪਰਸਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਹੋਣ ਕਰਕੇ ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰ ਸੰਸਦ ਦੇ ਇਜਲਾਸ ’ਚ ਹਾਜ਼ਰੀ ਨਹੀਂ ਲੁਆ ਸਕਣਗੇ -ਪੀਟੀਆਈ
ਕਾਂਗਰਸ ਆਪਣੇ ਸੂਬਿਆਂ ’ਚ ਪੈਟਰੋਲ ਅਤੇ ਡੀਜ਼ਲ ਤੋਂ ਟੈਕਸ ਘਟਾਏ: ਹਰਸਿਮਰਤ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧੇ ਨੂੰ ਲੈ ਕੇ ਸੰਸਦ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਮੈਂਬਰਾਂ ਨੂੰ ਆਖਿਆ ਕਿ ਉਹ ਪਹਿਲਾਂ ਆਪੋ ਆਪਣੇ ਸੂਬਿਆਂ ਵਿਚ ਪੈਟਰੋਲ ਅਤੇ ਡੀਜ਼ਲ ਤੋਂ ਟੈਕਸ ਘਟਾਉਣ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਪਦਾਰਥਾਂ ’ਤੇ ਦੇਸ਼ ਵਿਚ ਸਭ ਤੋਂ ਜ਼ਿਆਦਾ ਵੈਟ ਪੰਜਾਬ ਵਿਚ ਹੈ। ਸਿਫ਼ਰ ਕਾਲ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸੀ ਮੈਂਬਰਾਂ ਨੂੰ ਦੋਗਲਾਪਣ ਨਹੀਂ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਕਰਾਰੇ ਹੱਥੀਂ ਲਿਆ ਅਤੇ ਕਿਹਾ ਕਿ ਜਦੋਂ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ ਤਾਂ ਫਿਰ ਦੇਸ਼ ਵਿਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਕਟੌਤੀ ਕਿਉਂ ਨਹੀਂ ਕੀਤੀ ਜਾ ਰਹੀ ਹੈ। ਇਸ ਮਸਲੇ ਨੂੰ ਕੌਮਾਂਤਰੀ ਮਹਿਲਾ ਦਿਵਸ ਨਾਲ ਜੋੜਦਿਆਂ ਉਨ੍ਹਾਂ ਕਿਹਾ ਕਿ ਮਹਿਲਾਵਾਂ ਇਸ ਵੇਲੇ ਸ਼ਸ਼ੋਪੰਜ ਵਿਚ ਹਨ ਕਿ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਦੇ ਨਾਲ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਚੋਖੇ ਵਾਧੇ ਨੂੰ ਵੇਖਦਿਆਂ ਘਰ ਕਿਵੇਂ ਚਲਾਇਆ ਜਾਵੇ। ਉਨ੍ਹਾਂ ਬੇਨਤੀ ਕੀਤੀ ਕਿ ਮਹਿਲਾਵਾਂ ਨਾਲ ਸਬੰਧਤ ਮਾਮਲਿਆਂ ਲਈ ਵੱਖਰਾ ਸਮਾਂ ਦਿੱਤਾ ਜਾਵੇ ਅਤੇ ਈਂਧਣ ਦੀਆਂ ਕੀਮਤਾਂ ਵਿਚ ਕਟੌਤੀ ਦੇ ਤਰੀਕਿਆਂ ’ਤੇ ਵੀ ਚਰਚਾ ਕਰਵਾਈ ਜਾਵੇ।